HomePunjab Newsਗੁਰਬਾਣੀ ਦੇ ਸਿੱਧੇ ਪ੍ਰਸਾਰਣ ਨੂੰ ਲੈ ਕੇ ਵਿਵਾਦ ਗਹਿਰਾਇਆ, ਐੱਸਜੀਪੀਸੀ ਵੱਲੋਂ ਨਿੱਜੀ...

ਗੁਰਬਾਣੀ ਦੇ ਸਿੱਧੇ ਪ੍ਰਸਾਰਣ ਨੂੰ ਲੈ ਕੇ ਵਿਵਾਦ ਗਹਿਰਾਇਆ, ਐੱਸਜੀਪੀਸੀ ਵੱਲੋਂ ਨਿੱਜੀ ਚੈਨਲ ਨੂੰ ਕਾਨੂੰਨੀ ਨੋਟਿਸ ਜਾਰੀ

ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਣ ਨੂੰ ਲੈ ਕੇ ਵਿਵਾਦ ਇੱਕ ਵਾਰ ਫਿਰ ਭਖ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਬਿਨਾਂ ਮਨਜ਼ੂਰੀ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਵਾਲੇ ਇੱਕ ਨਿੱਜੀ ਚੈਨਲ ਨੂੰ ਕਾਨੂੰਨੀ ਨੋਟਿਸ ਭੇਜ ਕੇ ਤੁਰੰਤ ਪ੍ਰਸਾਰਣ ਬੰਦ ਕਰਨ ਲਈ ਕਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਸੰਬੰਧਿਤ ਚੈਨਲ ਨੇ ਬਿਨਾਂ ਕਿਸੇ ਅਧਿਕਾਰਤ ਪ੍ਰਵਾਨਗੀ ਦੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਣ ਸ਼ੁਰੂ ਕੀਤਾ ਹੈ, ਜੋ ਕਿ ਨਿਯਮਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਚੈਨਲ ਨੂੰ ਕਾਨੂੰਨੀ ਨੋਟਿਸ ਭੇਜ ਦਿੱਤਾ ਗਿਆ ਹੈ ਅਤੇ ਜੇਕਰ ਪ੍ਰਸਾਰਣ ਤੁਰੰਤ ਬੰਦ ਨਾ ਕੀਤਾ ਗਿਆ ਤਾਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਐੱਸਜੀਪੀਸੀ ਨੇ ਜਤਾਇਆ ਇਤਰਾਜ਼

ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੀ ਰਾਤ ਸੰਬੰਧਿਤ ਨਿੱਜੀ ਚੈਨਲ ਵੱਲੋਂ ਇੱਕ ਪੱਤਰ ਭੇਜਿਆ ਗਿਆ ਸੀ, ਜਿਸ ਵਿੱਚ ਗੁਰਬਾਣੀ ਦਾ ਲਾਈਵ ਪ੍ਰਸਾਰਣ ਸ਼ੁਰੂ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਸੀ। ਇਸ ਤੋਂ ਬਾਅਦ ਅੱਜ ਸਵੇਰੇ ਚੈਨਲ ਨੇ ਸਿੱਧਾ ਪ੍ਰਸਾਰਣ ਵੀ ਸ਼ੁਰੂ ਕਰ ਦਿੱਤਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਦਾ ਅਧਿਕਾਰ ਸਿਰਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੈ ਅਤੇ ਬਿਨਾਂ ਮਨਜ਼ੂਰੀ ਕੋਈ ਵੀ ਚੈਨਲ ਅਜਿਹਾ ਨਹੀਂ ਕਰ ਸਕਦਾ।

ਪੀਟੀਸੀ ਨਾਲ ਸਮਝੌਤਾ 2023 ਵਿੱਚ ਹੋਇਆ ਸੀ ਖ਼ਤਮ

ਧਾਮੀ ਨੇ ਖੁਲਾਸਾ ਕੀਤਾ ਕਿ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਪੀਟੀਸੀ ਚੈਨਲ ਨਾਲ ਕੀਤਾ ਗਿਆ ਇਕਰਾਰਨਾਮਾ ਸਾਲ 2023 ਵਿੱਚ ਖ਼ਤਮ ਹੋ ਚੁੱਕਾ ਹੈ। ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਐੱਸਜੀਪੀਸੀ ਨੇ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਦੀ ਪ੍ਰਕਿਰਿਆ ਆਰੰਭ ਕੀਤੀ ਸੀ, ਜੋ ਅਜੇ ਵੀ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਐੱਸਜੀਪੀਸੀ ਵੱਲੋਂ ਆਪਣਾ ਯੂਟਿਊਬ ਚੈਨਲ ਸ਼ੁਰੂ ਕੀਤਾ ਗਿਆ, ਜਿਸ ਰਾਹੀਂ ਲਗਾਤਾਰ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾ ਰਿਹਾ ਹੈ। ਹਾਲਾਂਕਿ ਬਾਅਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤਹਿਤ ਪੀਟੀਸੀ ਨਾਲ ਅਸਥਾਈ ਤੌਰ ‘ਤੇ ਮੁੜ ਪ੍ਰਸਾਰਣ ਦੀ ਵਿਵਸਥਾ ਕੀਤੀ ਗਈ ਸੀ।

ਹੋਰ ਚੈਨਲਾਂ ਦੀਆਂ ਬੇਨਤੀਆਂ ‘ਤੇ ਹੋਵੇਗੀ ਚਰਚਾ

ਇੱਕ ਸਵਾਲ ਦੇ ਜਵਾਬ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਕੋਈ ਨਿੱਜੀ ਚੈਨਲ ਗੁਰਬਾਣੀ ਦੇ ਪ੍ਰਸਾਰਣ ਲਈ ਅਧਿਕਾਰਤ ਮਨਜ਼ੂਰੀ ਮੰਗਦਾ ਹੈ ਤਾਂ ਉਸ ਦੀ ਬੇਨਤੀ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇੱਕ ਹੋਰ ਨਿੱਜੀ ਚੈਨਲ ਵੱਲੋਂ ਵੀ ਇਸ ਸਬੰਧੀ ਪੱਤਰ ਭੇਜਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਜਲਦੀ ਹੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਰੱਖਿਆ ਜਾਵੇਗਾ ਅਤੇ ਲੋੜ ਪੈਣ ‘ਤੇ ਇੱਕ ਵਿਸ਼ੇਸ਼ ਉਪ-ਕਮੇਟੀ ਬਣਾਕੇ ਅੰਤਿਮ ਫ਼ੈਸਲਾ ਲਿਆ ਜਾਵੇਗਾ।

ਨਿੱਜੀ ਚੈਨਲ ਨੇ ਵੀ ਦਿੱਤੀ ਸਫ਼ਾਈ

ਦੂਜੇ ਪਾਸੇ, ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਵਾਲੇ ਨਿੱਜੀ ਚੈਨਲ ਦੇ ਪ੍ਰਬੰਧਕਾਂ ਨੇ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਐੱਸਜੀਪੀਸੀ ਦੇ ਕਾਨੂੰਨੀ ਸਲਾਹਕਾਰਾਂ ਵੱਲੋਂ ਇੱਕ ਪੱਤਰਕਾਰ ਸੰਮੇਲਨ ਵਿੱਚ ਇਹ ਕਿਹਾ ਗਿਆ ਸੀ ਕਿ ਗੁਰਬਾਣੀ ਦੇ ਲਾਈਵ ਪ੍ਰਸਾਰਣ ‘ਤੇ ਕਿਸੇ ਵੀ ਚੈਨਲ ਲਈ ਕੋਈ ਪਾਬੰਦੀ ਨਹੀਂ ਹੈ।

ਵਿਧਾਨ ਸਭਾ ਤੱਕ ਪਹੁੰਚਿਆ ਮਾਮਲਾ

ਗੌਰਤਲਬ ਹੈ ਕਿ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਦਾ ਇਹ ਵਿਵਾਦ ਬੀਤੇ ਦਿਨ ਪੰਜਾਬ ਵਿਧਾਨ ਸਭਾ ਵਿੱਚ ਵੀ ਉੱਠਿਆ ਸੀ। ਇਸ ਤੋਂ ਬਾਅਦ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਇਸ ਮਾਮਲੇ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments