Google search engine
Home Punjab News ਪੰਜਾਬ ਦੇ ਨੌਜਵਾਨਾਂ ਵਿੱਚ ਵਧ ਰਹੀ ਬੇਚੈਨੀ, ਪੇਪਰ ਲੀਕ ਅਤੇ ਬੇਰੁਜ਼ਗਾਰੀ ਖ਼ਿਲਾਫ਼...

ਪੰਜਾਬ ਦੇ ਨੌਜਵਾਨਾਂ ਵਿੱਚ ਵਧ ਰਹੀ ਬੇਚੈਨੀ, ਪੇਪਰ ਲੀਕ ਅਤੇ ਬੇਰੁਜ਼ਗਾਰੀ ਖ਼ਿਲਾਫ਼ ਸੜਕਾਂ ‘ਤੇ ਉਤਰੇ ਵਿਦਿਆਰਥੀ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਨੌਜਵਾਨ ਅੱਜ ਨਿਰਾਸ਼ਾ ਅਤੇ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਦਾ ਗੁੱਸਾ ਹੁਣ ਧਰਨਿਆਂ ਅਤੇ ਪ੍ਰਦਰਸ਼ਨਾਂ ਦੇ ਰੂਪ ਵਿੱਚ ਸਾਹਮਣੇ ਆ ਰਿਹਾ ਹੈ। ਉਹ ਪੰਜਾਬੀ ਯੂਨੀਵਰਸਿਟੀ ਵਿੱਚ ਐੱਸ.ਓ.ਆਈ. ਵੱਲੋਂ ਫਾਰਮੇਸੀ ਪੇਪਰ ਲੀਕ ਦੇ ਵਿਰੋਧ ਵਿੱਚ ਕੀਤੇ ਗਏ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰ ਰਹੇ ਸਨ।

ਐੱਸ.ਓ.ਆਈ. ਦੇ ਸੂਬਾ ਪ੍ਰਧਾਨ ਰਣਬੀਰ ਸਿੰਘ ਰਾਣਾ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਸਭ ਤੋਂ ਵੱਡਾ ਸਰਮਾਇਆ ਹਨ, ਪਰ ਮੌਜੂਦਾ ਸਰਕਾਰਾਂ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰੀਆਂ ਨਹੀਂ ਉਤਰ ਸਕੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਕੋਚਿੰਗ ਅਤੇ ਪੜ੍ਹਾਈ ‘ਤੇ ਲੱਖਾਂ ਰੁਪਏ ਖਰਚ ਕੀਤੇ ਜਾਂਦੇ ਹਨ, ਪਰ ਪੇਪਰ ਲੀਕ ਵਰਗੀਆਂ ਘਟਨਾਵਾਂ ਕਾਰਨ ਉਨ੍ਹਾਂ ਦਾ ਭਵਿੱਖ ਦਾਅ ‘ਤੇ ਲੱਗ ਜਾਂਦਾ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਅਮਰੀਕਾ ਅਤੇ ਚੀਨ ਵਰਗੇ ਦੇਸ਼ ਆਪਣੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਅੱਗੇ ਵਧਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ, ਜਦਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਮੌਕੇ ਨਹੀਂ ਮਿਲ ਰਹੇ। ਉਨ੍ਹਾਂ ਦਾ ਕਹਿਣਾ ਸੀ ਕਿ ਇਹੀ ਕਾਰਨ ਹੈ ਕਿ ਨੌਜਵਾਨਾਂ ਦੀ ਨਿਰਾਸ਼ਾ ਹੁਣ ਸੜਕਾਂ ‘ਤੇ ਦਿਖਾਈ ਦੇ ਰਹੀ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਮੌਜੂਦਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਹਰ ਖੇਤਰ ਵਿੱਚ ਅਸਫਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਸਰਕਾਰ ਦੇ ਸਮੇਂ ਦੌਰਾਨ ਸਿੱਖਿਆ, ਉਦਯੋਗ, ਬੁਨਿਆਦੀ ਢਾਂਚੇ, ਨੌਕਰੀਆਂ ਅਤੇ ਪੈਨਸ਼ਨਾਂ ਦੇ ਖੇਤਰ ਵਿੱਚ ਵੱਡੇ ਪੱਧਰ ‘ਤੇ ਕੰਮ ਹੋਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਕਈ ਸਾਲਾਂ ਦੌਰਾਨ ਨਾ ਕੋਈ ਨਵੀਂ ਯੂਨੀਵਰਸਿਟੀ ਖੁੱਲ੍ਹੀ ਹੈ ਅਤੇ ਨਾ ਹੀ ਵੱਡੇ ਉਦਯੋਗ ਸਥਾਪਤ ਹੋਏ ਹਨ।

ਸੁਖਬੀਰ ਬਾਦਲ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਪਣੇ ਫ਼ੈਸਲੇ ਖੁਦ ਨਹੀਂ ਲੈਂਦੀ ਅਤੇ ਸੂਬੇ ਦੀ ਬਾਗਡੋਰ ਦਿੱਲੀ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਸਰਕਾਰ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤ ਰਹੀ ਹੈ।

ਉਨ੍ਹਾਂ ਕਿਹਾ ਕਿ ਹੋਰ ਸਿਆਸੀ ਪਾਰਟੀਆਂ ਲੋਕਾਂ ਨੂੰ ਜਾਤ ਅਤੇ ਧਰਮ ਦੇ ਆਧਾਰ ‘ਤੇ ਵੰਡਣ ਦੀ ਰਾਜਨੀਤੀ ਕਰਦੀਆਂ ਹਨ, ਜਦਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਹਰ ਵਰਗ ਦੇ ਲੋਕਾਂ ਲਈ ਕੰਮ ਕੀਤਾ ਸੀ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ, ਮੰਦਰਾਂ ਅਤੇ ਭਗਵਾਨ ਵਾਲਮੀਕਿ ਜੀ ਦੀ ਯਾਦਗਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਨੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਫੰਡ ਜਾਰੀ ਕੀਤੇ ਸਨ।

ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਬਿਜਲੀ ਪੱਖੋਂ ਆਤਮਨਿਰਭਰ ਬਣਾਇਆ ਗਿਆ, ਥਰਮਲ ਪਲਾਂਟ ਲਗਾਏ ਗਏ, ਮੁਹਾਲੀ ਵਿੱਚ ਅੰਤਰਰਾਸ਼ਟਰੀ ਹਵਾਈ ਅੱਡਾ ਬਣਾਇਆ ਗਿਆ ਅਤੇ ਮੈਰੀਟੋਰੀਅਸ ਸਕੂਲਾਂ ਦੀ ਸਥਾਪਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਮੁੜ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਵਿਦੇਸ਼ਾਂ ਦਾ ਰੁਖ਼ ਕਰਨ ਦੀ ਲੋੜ ਨਹੀਂ ਪਵੇਗੀ।

ਇਸ ਮੌਕੇ ਅਕਾਲੀ ਦਲ ਦੇ ਵਿੱਤ ਸਕੱਤਰ ਐੱਨ. ਕੇ. ਸ਼ਰਮਾ, ਐੱਸ.ਓ.ਆਈ. ਦੇ ਬਾਨੀ ਪ੍ਰਧਾਨ ਗੁਰਪ੍ਰੀਤ ਰਾਜੂਖੰਨਾ, ਸਾਬਕਾ ਮੇਅਰ ਅਮਰਿੰਦਰ ਬਜਾਜ, ਤੇਜਿੰਦਰਪਾਲ ਸੰਧੂ, ਅਮਿਤ ਰਾਠੀ, ਕੁਲਦੀਪ ਝਿੰਜਰ, ਮਲਵਿੰਦਰ ਵੜੈਚ, ਬਿੱਟੂ ਚੱਠਾ, ਕਬੀਰ ਦਾਸ ਅਤੇ ਮੱਖਣ ਲਾਲਕਾ ਸਮੇਤ ਕਈ ਆਗੂ ਹਾਜ਼ਰ ਸਨ।

Exit mobile version