ਮਹਿੰਗਾਈ ਭੱਤੇ (ਡੀਏ) ਦੇ ਬਕਾਏ ਅਤੇ ਹੋਰ ਲੰਬਿਤ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਵਿੱਚ ਹੋਏ ਵੱਡੇ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ 27 ਅਗਸਤ ਨੂੰ ਤੈਅ ਕਰ ਦਿੱਤੀ ਹੈ।
ਇਹ ਮੀਟਿੰਗ ਦੁਪਹਿਰ 12 ਵਜੇ ਸੈਕਟਰ-3 ਸਥਿਤ ਪੰਜਾਬ ਭਵਨ ਵਿੱਚ ਹੋਵੇਗੀ। ਸਰਕਾਰ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਇਸ ਬੈਠਕ ਵਿੱਚ ਮੁਲਾਜ਼ਮ ਜਥੇਬੰਦੀਆਂ ਦੇ ਵੱਧ ਤੋਂ ਵੱਧ 10 ਨੁਮਾਇੰਦੇ ਹੀ ਸ਼ਾਮਲ ਹੋ ਸਕਣਗੇ।
ਇਹ ਫ਼ੈਸਲਾ ਉਸ ਵੇਲੇ ਲਿਆ ਗਿਆ, ਜਦੋਂ ਸ਼ੁੱਕਰਵਾਰ ਨੂੰ ਸੂਬੇ ਭਰ ਤੋਂ ਸੈਂਕੜੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਪਹੁੰਚੇ ਅਤੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਮੌਨਸੂਨ ਸੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਕਰਨ ਦੀ ਯੋਜਨਾ ਤਹਿਤ ਮੁਲਾਜ਼ਮ ਮੁਹਾਲੀ ਰਾਹੀਂ ਚੰਡੀਗੜ੍ਹ ਵਿੱਚ ਦਾਖ਼ਲ ਹੋ ਰਹੇ ਸਨ।
ਸੈਕਟਰ-39 ਦੇ ਨੇੜੇ ਪੁਲੀਸ ਨੇ ਵੱਡੀ ਗਿਣਤੀ ਵਿੱਚ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਦਿੱਤਾ। ਇਸ ਦੌਰਾਨ ਮੁਲਾਜ਼ਮਾਂ ਅਤੇ ਪੁਲੀਸ ਵਿਚਾਲੇ ਧੱਕਾਮੁੱਕੀ ਵੀ ਹੋਈ। ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਪਾਰ ਕਰਕੇ ਵਿਧਾਨ ਸਭਾ ਵੱਲ ਵਧਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਸਥਿਤੀ ਤਣਾਅਪੂਰਨ ਬਣ ਗਈ।
ਹਾਲਾਤਾਂ ਨੂੰ ਕਾਬੂ ਵਿੱਚ ਕਰਨ ਲਈ ਪੁਲੀਸ ਨੇ ਵਾਟਰ ਕੈਨਨ ਦੀ ਵਰਤੋਂ ਕਰਦਿਆਂ ਪ੍ਰਦਰਸ਼ਨਕਾਰੀਆਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸ ਦੇ ਬਾਵਜੂਦ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਮੌਕੇ ’ਤੇ ਡਟੇ ਰਹੇ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰਹੇ।
ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਮਹਿੰਗਾਈ ਭੱਤੇ ਦੇ ਬਕਾਏ ਅਤੇ ਹੋਰ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਹੁਣ 27 ਅਗਸਤ ਨੂੰ ਹੋਣ ਵਾਲੀ ਮੀਟਿੰਗ ਤੋਂ ਮੁਲਾਜ਼ਮਾਂ ਨੂੰ ਵੱਡੀਆਂ ਉਮੀਦਾਂ ਹਨ।
ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਦੀ ਨਜ਼ਰ ਹੁਣ ਇਸ ਗੱਲ ’ਤੇ ਟਿਕੀ ਹੋਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣ ਵਾਲੀ ਇਸ ਅਹਿਮ ਬੈਠਕ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਲਿਆ ਜਾਂਦਾ ਹੈ ਜਾਂ ਨਹੀਂ।




