ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ-39 ਸਥਿਤ ਅਨਾਜ ਮੰਡੀ ਵਿੱਚ ਵਿਸ਼ਾਲ ਮਹਾਂ-ਰੈਲੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਵਿਧਾਨ ਸਭਾ ਵੱਲ ਮਾਰਚ ਸ਼ੁਰੂ ਕੀਤਾ, ਜਿਸ ਨੂੰ ਰੋਕਣ ਲਈ ਪੁਲੀਸ ਨੇ ਤਿੰਨ ਵਾਰ ਪਾਣੀ ਦੀਆਂ ਬੁਛਾੜਾਂ ਚਲਾਈਆਂ।
ਪੁਲੀਸ ਦੀ ਸਖ਼ਤੀ ਦੇ ਬਾਵਜੂਦ ਮੁਲਾਜ਼ਮ ਅਤੇ ਪੈਨਸ਼ਨਰ ਮੌਕੇ ਤੋਂ ਪਿੱਛੇ ਨਹੀਂ ਹਟੇ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਡਟੇ ਰਹੇ। ਸੈਕਟਰ-39 ਦੀ ਅਨਾਜ ਮੰਡੀ ਤੋਂ ਲੈ ਕੇ ਮੁਹਾਲੀ, ਸੈਕਟਰ-40 ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪ੍ਰਦਰਸ਼ਨਕਾਰੀਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ।
“ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ” ਅਤੇ “ਸਾਂਝਾ ਮੁਲਾਜ਼ਮ ਮੰਚ” ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਅਤੇ ਨੀਅਤ ਦੋਵੇਂ ਹੀ ਮੁਲਾਜ਼ਮ ਵਰਗ ਦੇ ਹੱਕ ਵਿੱਚ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਸੜਕਾਂ ’ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਿਆ ਹੈ।
ਰੈਲੀ ਨੂੰ ਸੰਬੋਧਨ ਕਰਦਿਆਂ ਫਰੰਟ ਦੇ ਕਨਵੀਨਰ ਕਰਮ ਸਿੰਘ ਧਨੋਆ, ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਸੁਸ਼ੀਲ ਕੁਮਾਰ ਫ਼ੌਜੀ, ਸਾਹਿਲ ਸ਼ਰਮਾ, ਅਲਕਾ ਚੋਪੜਾ, ਦਵਿੰਦਰ ਸਿੰਘ ਬੈਨੀਪਾਲ ਅਤੇ ਹੋਰ ਆਗੂਆਂ ਨੇ ਕਿਹਾ ਕਿ ਇਹ ਪ੍ਰਦਰਸ਼ਨ ਸਰਕਾਰ ਨੂੰ ਉਸ ਦੇ ਵਾਅਦਿਆਂ ਦੀ ਯਾਦ ਦਿਵਾਉਣ ਲਈ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਐਲਾਨ ਕੀਤਾ ਕਿ ਵਿਧਾਨ ਸਭਾ ਵੱਲ ਕੱਢਿਆ ਗਿਆ ਇਹ ਮਾਰਚ ਸਿਰਫ਼ ਇੱਕ ਰੋਸ ਪ੍ਰਦਰਸ਼ਨ ਨਹੀਂ, ਸਗੋਂ ਆਪਣੇ ਹੱਕਾਂ, ਸਵੈ-ਮਾਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੀਬਰ ਕੀਤਾ ਜਾਵੇਗਾ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਹੁਣ ਫ਼ੈਸਲਾਕੁੰਨ ਲੜਾਈ ਲਈ ਤਿਆਰ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮਹਾਂ-ਰੈਲੀ ਪੰਜਾਬ ਦੇ ਮੁਲਾਜ਼ਮ ਵਰਗ ਦੀ ਏਕਤਾ ਅਤੇ ਆਪਣੇ ਅਧਿਕਾਰਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਬਣ ਚੁੱਕੀ ਹੈ।
ਦੂਜੇ ਪਾਸੇ, ਵਿਧਾਨ ਸਭਾ ਵੱਲ ਵਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਪਾਣੀ ਦੀਆਂ ਬੁਛਾੜਾਂ ਅਤੇ ਪੁਲੀਸ ਰੋਕਾਂ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣਾ ਪ੍ਰਦਰਸ਼ਨ ਜਾਰੀ ਰੱਖਿਆ।




