Google search engine
Home Punjab News ਸਪੀਕਰ ਕੁਲਤਾਰ ਸੰਧਵਾਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ’ਤੇ ਸ਼ਿਕਾਇਤ, ਗੁਰਸਿੱਖਾਂ ਦੀ ਦਾੜ੍ਹੀ...

ਸਪੀਕਰ ਕੁਲਤਾਰ ਸੰਧਵਾਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ’ਤੇ ਸ਼ਿਕਾਇਤ, ਗੁਰਸਿੱਖਾਂ ਦੀ ਦਾੜ੍ਹੀ ਬਾਰੇ ਕਥਿਤ ਟਿੱਪਣੀ ’ਤੇ ਕਾਰਵਾਈ ਦੀ ਮੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ ਪੱਤਰ; ਸਪੀਕਰ ਨੂੰ ਤਲਬ ਕਰਕੇ ਸਪਸ਼ਟੀਕਰਨ ਲੈਣ ਦੀ ਕੀਤੀ ਮੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਖ਼ਿਲਾਫ਼ ਗੁਰਸਿੱਖਾਂ ਦੀ ਦਾੜ੍ਹੀ ਸਬੰਧੀ ਕਥਿਤ ਤੌਰ ’ਤੇ ਭੱਦੀ ਸ਼ਬਦਾਵਲੀ ਵਰਤਣ ਦੇ ਦੋਸ਼ ਲਗਾਉਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ ਪਹੁੰਚੀ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਖੇਮਕਰਨ ਨਾਲ ਸਬੰਧਤ ਆਗੂਆਂ ਵੱਲੋਂ ਸਪੀਕਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਸ ਸਬੰਧੀ ਜਥੇਬੰਦੀ ਦੀ ਖੇਮਕਰਨ ਇਕਾਈ ਦੇ ਆਗੂ ਸੁਰਜੀਤ ਸਿੰਘ ਭੂਰਾ ਅਤੇ ਰਵੇਲ ਸਿੰਘ ਭੂਰਾ ਸਮੇਤ ਹੋਰ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਤੀ ਸ਼ਿਕਾਇਤ ਸੌਂਪੀ।

ਸ਼ਿਕਾਇਤ ਵਿੱਚ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿਧਾਨ ਸਭਾ ਦੇ ਹਾਲ ਹੀ ਵਿੱਚ ਹੋਏ ਇਜਲਾਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਗੁਰਸਿੱਖਾਂ ਦੀ ਦਾੜ੍ਹੀ ਪ੍ਰਤੀ ਕਥਿਤ ਤੌਰ ’ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਟਿੱਪਣੀ ਸਿੱਖ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ ਅਤੇ ਇਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਵਿਧਾਨ ਸਭਾ ’ਚ ਹੋਈ ਚਰਚਾ ਨੂੰ ਲੈ ਕੇ ਇਤਰਾਜ਼

ਸ਼ਿਕਾਇਤਕਰਤਾਵਾਂ ਮੁਤਾਬਕ ਵਿਧਾਨ ਸਭਾ ਦੇ ਇਜਲਾਸ ਦੌਰਾਨ ਇੱਕ ਧਿਰ ਵੱਲੋਂ ਸਪੀਕਰ ਨੂੰ ਸਵਾਲ ਕੀਤਾ ਗਿਆ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਗੁਰਸਿੱਖ ਮੁੱਖ ਮੰਤਰੀ ਨੂੰ ਮੂੰਹ ਨਾ ਲਗਾਏ, ਤਾਂ ਇਸ ਸਬੰਧੀ ਉਨ੍ਹਾਂ ਦੀ ਕੀ ਰਾਏ ਹੈ।

ਆਗੂਆਂ ਨੇ ਦੋਸ਼ ਲਾਇਆ ਕਿ ਇਸ ਸਵਾਲ ਦੇ ਜਵਾਬ ਦੌਰਾਨ ਸਪੀਕਰ ਵੱਲੋਂ ਗੁਰਸਿੱਖਾਂ ਦੀ ਦਾੜ੍ਹੀ ਨੂੰ ਲੈ ਕੇ ਇਤਰਾਜ਼ਯੋਗ ਅਤੇ ਭੱਦੀ ਸ਼ਬਦਾਵਲੀ ਵਰਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਵਿਧਾਨ ਸਭਾ ਵਿੱਚ ਮੌਜੂਦ ਚੁਣੇ ਹੋਏ ਵਿਧਾਇਕਾਂ ਨੂੰ ਸਪੀਕਰ ਵੱਲੋਂ ‘ਸੰਗਤ’ ਕਿਹਾ ਗਿਆ।

ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚੇ ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਕੇ ਉਨ੍ਹਾਂ ਤੋਂ ਇਸ ਸਬੰਧੀ ਸਪਸ਼ਟੀਕਰਨ ਮੰਗਿਆ ਜਾਵੇ।

ਉਨ੍ਹਾਂ ਮੰਗ ਕੀਤੀ ਕਿ ਜੇਕਰ ਜਾਂਚ ਦੌਰਾਨ ਸਪੀਕਰ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕੋਈ ਗੱਲ ਸਾਹਮਣੇ ਆਉਂਦੀ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਯਮਾਂ ਅਤੇ ਪੰਥਕ ਮਰਿਆਦਾ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ।

ਪਹਿਲਾਂ ਵੀ ‘ਆਪ’ ਸਰਕਾਰ ਨਾਲ ਜੁੜੇ ਮਾਮਲੇ ਸ੍ਰੀ ਅਕਾਲ ਤਖ਼ਤ ’ਤੇ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਸਬੰਧਤ ਬੇਅਦਬੀ ਸੋਧ ਐਕਟ ਦਾ ਮਾਮਲਾ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਅਧੀਨ ਰਹਿ ਚੁੱਕਾ ਹੈ। ਇਸ ਤੋਂ ਇਲਾਵਾ ਇੱਕ ਇਤਰਾਜ਼ਯੋਗ ਵੀਡੀਓ ਨਾਲ ਜੁੜੇ ਮਾਮਲੇ ਵਿੱਚ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ।

ਹੁਣ ਸਪੀਕਰ ਕੁਲਤਾਰ ਸਿੰਘ ਸੰਧਵਾਂ ਖ਼ਿਲਾਫ਼ ਪਹੁੰਚੀ ਇਸ ਸ਼ਿਕਾਇਤ ਨੇ ਪੰਜਾਬ ਦੀ ਸਿਆਸਤ ਦੇ ਨਾਲ-ਨਾਲ ਪੰਥਕ ਹਲਕਿਆਂ ਵਿੱਚ ਵੀ ਚਰਚਾ ਛੇੜ ਦਿੱਤੀ ਹੈ। ਸ਼ਿਕਾਇਤਕਰਤਾਵਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਦੀ ਉਡੀਕ ਕੀਤੀ ਜਾ ਰਹੀ ਹੈ।

Exit mobile version