HomeIndianਨਾਂਦੇੜ ਦੇ ਗੁਰਦੁਆਰਾ ਸਾਹਿਬ ਕੰਪਲੈਕਸ ’ਚ ਸੁਖਬੀਰ ਬਾਦਲ ’ਤੇ ਹਮਲਾ, ਜਥੇਦਾਰ ਗਿਆਨੀ...

ਨਾਂਦੇੜ ਦੇ ਗੁਰਦੁਆਰਾ ਸਾਹਿਬ ਕੰਪਲੈਕਸ ’ਚ ਸੁਖਬੀਰ ਬਾਦਲ ’ਤੇ ਹਮਲਾ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸਖ਼ਤ ਨਿਖੇਧੀ

ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਸਿੱਖ ਕੌਮ ਦੇ ਅਕਸ ਨੂੰ ਠੇਸ ਪਹੁੰਚਾਉਣ ਵਾਲੀ ਘਟਨਾ ਕਰਾਰ; ਕਿਹਾ- ਗੁਰੂ ਦਾ ਸੱਚਾ ਸਿੱਖ ਕਿਸੇ ਸ਼ਰਧਾਲੂ ’ਤੇ ਹਮਲਾ ਨਹੀਂ ਕਰ ਸਕਦਾ

ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਦੇ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਉਹ ਪਵਿੱਤਰ ਅਸਥਾਨ ਹਨ, ਜਿੱਥੇ ਦੇਸ਼-ਵਿਦੇਸ਼ ਤੋਂ ਸਿੱਖ ਸੰਗਤ ਸ਼ਰਧਾ ਨਾਲ ਨਤਮਸਤਕ ਹੋਣ ਲਈ ਪਹੁੰਚਦੀ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ। ਅਜਿਹੇ ਪਵਿੱਤਰ ਸਥਾਨ ’ਤੇ ਕਿਸੇ ਵਿਅਕਤੀ ’ਤੇ ਹਮਲਾ ਹੋਣਾ ਬਹੁਤ ਹੀ ਚਿੰਤਾਜਨਕ ਅਤੇ ਦੁਖਦਾਈ ਵਰਤਾਰਾ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਇੱਕ ਸ਼ਰਧਾਲੂ ਸਿੱਖ ਵਜੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ, ਨਾਂਦੇੜ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਹੋਏ ਹਨ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਅਤੇ ਪ੍ਰਬੰਧਕਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਇਸੇ ਦੌਰਾਨ ਕਿਸੇ ਸ਼ਰਾਰਤੀ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਜਥੇਦਾਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਇਸ ਤਰ੍ਹਾਂ ਦੀ ਘਟਨਾ ਵਾਪਰਨਾ ਗੁਰਦੁਆਰਾ ਸਾਹਿਬਾਨ ਦੇ ਮਾਣ-ਸਤਿਕਾਰ ਅਤੇ ਪਵਿੱਤਰਤਾ ਦੇ ਉਲਟ ਹੈ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖ ਸੰਗਤ ਲਈ ਸ਼ਾਂਤੀ, ਸੇਵਾ, ਨਿਮਰਤਾ ਅਤੇ ਸਰਬੱਤ ਦੇ ਭਲੇ ਦੀ ਪ੍ਰੇਰਣਾ ਦੇ ਕੇਂਦਰ ਹਨ। ਇਨ੍ਹਾਂ ਪਵਿੱਤਰ ਅਸਥਾਨਾਂ ’ਤੇ ਹਰ ਸ਼ਰਧਾਲੂ ਨੂੰ ਬਿਨਾਂ ਕਿਸੇ ਭੇਦਭਾਵ ਦੇ ਨਤਮਸਤਕ ਹੋਣ ਅਤੇ ਗੁਰੂ ਘਰ ਦੀ ਮਰਿਆਦਾ ਅਨੁਸਾਰ ਆਪਣੀ ਸ਼ਰਧਾ ਪ੍ਰਗਟ ਕਰਨ ਦਾ ਮਾਹੌਲ ਮਿਲਣਾ ਚਾਹੀਦਾ ਹੈ। ਅਜਿਹੇ ਸਥਾਨ ’ਤੇ ਹਿੰਸਕ ਘਟਨਾ ਵਾਪਰਨਾ ਸਿੱਖ ਮਰਿਆਦਾ ਅਤੇ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਲਈ ਗੰਭੀਰ ਮਾਮਲਾ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਿਰਫ਼ ਇੱਕ ਵਿਅਕਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨਹੀਂ ਹੋਈ, ਸਗੋਂ ਇਸ ਨਾਲ ਗੁਰਦੁਆਰਾ ਸਾਹਿਬਾਨ ਦੇ ਮਾਣ-ਸਤਿਕਾਰ ਨੂੰ ਵੀ ਠੇਸ ਪਹੁੰਚੀ ਹੈ। ਇਸ ਦੇ ਨਾਲ ਹੀ ਅਜਿਹੀਆਂ ਘਟਨਾਵਾਂ ਸਮੁੱਚੀ ਸਿੱਖ ਕੌਮ ਦੇ ਅਕਸ ਨੂੰ ਵੀ ਭਾਰੀ ਸੱਟ ਮਾਰਦੀਆਂ ਹਨ। ਉਨ੍ਹਾਂ ਸਿੱਖ ਸੰਗਤ ਨੂੰ ਗੁਰਦੁਆਰਾ ਸਾਹਿਬਾਨ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ।

ਜਥੇਦਾਰ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ਜਾਂ ਸ਼ਰਧਾਲੂ ’ਤੇ ਹਮਲਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿੱਚ ਆਏ ਵਿਅਕਤੀ ਨਾਲ ਹਿੰਸਾ ਕਰਨਾ ਸਿੱਖੀ ਦੇ ਮੂਲ ਸਿਧਾਂਤਾਂ ਅਤੇ ਗੁਰਦੁਆਰਾ ਮਰਿਆਦਾ ਦੇ ਅਨੁਕੂਲ ਨਹੀਂ ਹੈ।

ਉਨ੍ਹਾਂ ਅਨੁਸਾਰ ਕਿਸੇ ਵੀ ਗੁਰਦੁਆਰਾ ਸਾਹਿਬ ਦੇ ਅੰਦਰ ਜਾਂ ਉਸ ਦੇ ਕੰਪਲੈਕਸ ਵਿੱਚ ਹਿੰਸਾ ਜਾਂ ਹਮਲੇ ਵਰਗੀ ਘਟਨਾ ਨਹੀਂ ਵਾਪਰਨੀ ਚਾਹੀਦੀ। ਗੁਰਦੁਆਰਾ ਸਾਹਿਬਾਨ ਸਿੱਖਾਂ ਦੇ ਨਾਲ-ਨਾਲ ਸਮੁੱਚੀ ਮਨੁੱਖਤਾ ਲਈ ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਦੇਣ ਵਾਲੇ ਪਵਿੱਤਰ ਸਥਾਨ ਹਨ। ਇਸ ਲਈ ਇਨ੍ਹਾਂ ਸਥਾਨਾਂ ਦੀ ਮਰਿਆਦਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਕਰੜੇ ਸ਼ਬਦਾਂ ਵਿੱਚ ਨਿੰਦਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪਵਿੱਤਰ ਕੰਪਲੈਕਸ ਵਿੱਚ ਵਾਪਰੀ ਅਜਿਹੀ ਘਟਨਾ ਨੂੰ ਕਿਸੇ ਵੀ ਪੱਖੋਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿੱਚ ਆਉਣ ਵਾਲੀ ਸੰਗਤ ਲਈ ਸ਼ਾਂਤੀਪੂਰਨ ਅਤੇ ਸਤਿਕਾਰ ਵਾਲਾ ਮਾਹੌਲ ਬਣਿਆ ਰਹਿਣਾ ਬਹੁਤ ਜ਼ਰੂਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments