HomePunjab Newsਈਸੜੂ ਸਮਾਗਮ ’ਚ ਹਰਸਿਮਰਤ ਬਾਦਲ ਦਾ ਭਾਵੁਕ ਸੰਬੋਧਨ, ਕਿਹਾ- ਹਮਲਿਆਂ ਨਾਲ ਅਕਾਲੀ...

ਈਸੜੂ ਸਮਾਗਮ ’ਚ ਹਰਸਿਮਰਤ ਬਾਦਲ ਦਾ ਭਾਵੁਕ ਸੰਬੋਧਨ, ਕਿਹਾ- ਹਮਲਿਆਂ ਨਾਲ ਅਕਾਲੀ ਦਲ ਦੀ ਆਵਾਜ਼ ਨਹੀਂ ਦੱਬੇਗੀ

ਸੁਖਬੀਰ ਬਾਦਲ ’ਤੇ ਹਮਲੇ ਦਾ ਜ਼ਿਕਰ ਕਰਦਿਆਂ ਕਿਹਾ- ਪੰਥ ਅਤੇ ਪੰਜਾਬ ਦੀ ਲੜਾਈ ਲਈ ਅਜਿਹੇ ਹਜ਼ਾਰਾਂ ਹਮਲੇ ਵੀ ਸਹਿਣ ਨੂੰ ਤਿਆਰ

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼ਨਿੱਚਰਵਾਰ ਨੂੰ ਈਸੜੂ, ਲੁਧਿਆਣਾ ਵਿਖੇ ਸ਼ਹੀਦੀ ਸਮਾਗਮ ਦੌਰਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਭਾਵੁਕ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਹਮਲਿਆਂ ਨਾਲ ਅਕਾਲੀ ਦਲ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਪਾਰਟੀ ਆਪਣੇ ਸਿਧਾਂਤਾਂ ਅਤੇ ਪੰਜਾਬ ਦੇ ਹਿੱਤਾਂ ਲਈ ਆਪਣੀ ਲੜਾਈ ਜਾਰੀ ਰੱਖੇਗੀ।

ਸ਼ਹੀਦ ਕਰਨੈਲ ਸਿੰਘ ਦੀ ਯਾਦ ਵਿੱਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਲੜਾਈ ਪੰਥ ਅਤੇ ਪੰਜਾਬ ਨੂੰ ਬਚਾਉਣ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਵਰਗੀਆਂ ਘਟਨਾਵਾਂ ਨਾਲ ਨਾ ਤਾਂ ਉਨ੍ਹਾਂ ਦੇ ਹੌਂਸਲੇ ਪਸਤ ਕੀਤੇ ਜਾ ਸਕਦੇ ਹਨ ਅਤੇ ਨਾ ਹੀ ਅਕਾਲੀ ਵਰਕਰਾਂ ਨੂੰ ਡਰਾਇਆ ਜਾ ਸਕਦਾ ਹੈ।

ਆਪਣੇ ਭਾਵੁਕ ਭਾਸ਼ਣ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਸਾਹਿਬ ’ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਜਿੱਥੋਂ ਆਸ਼ੀਰਵਾਦ ਲੈ ਕੇ ਆਏ ਹਨ, ਉੱਥੋਂ ਹੋਰ ਮਜ਼ਬੂਤ ਹੋ ਕੇ ਵਾਪਸ ਪਰਤਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਇਸ ਲੜਾਈ ਵਿੱਚ ਸੁਖਬੀਰ ਬਾਦਲ ਅਜਿਹੇ ਕਈ ਹਮਲਿਆਂ ਦਾ ਸਾਹਮਣਾ ਕਰਨ ਲਈ ਤਿਆਰ ਹਨ।

ਹਰਸਿਮਰਤ ਬਾਦਲ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਹਸਪਤਾਲ ਵਿੱਚ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਈਸੜੂ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਭੇਜਿਆ। ਉਨ੍ਹਾਂ ਕਿਹਾ ਕਿ ਇਹ ਗੱਲ ਸੁਖਬੀਰ ਬਾਦਲ ਦੀ ਪੰਜਾਬ ਅਤੇ ਪਾਰਟੀ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦੀ ਹੈ।

ਇਸ ਮੌਕੇ ਆਪਣੀ ਆਸਥਾ ਦਾ ਪ੍ਰਗਟਾਵਾ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਗੁਰਬਾਣੀ ਦੀ ਤੁਕ “ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ” ਦਾ ਜਾਪ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਗੁਰੂ ਸਾਹਿਬ ਨੇ ਦੋ ਵਾਰ ਸੁਖਬੀਰ ਸਿੰਘ ਬਾਦਲ ਦੀ ਜਾਨ ਬਚਾਈ ਹੈ ਤਾਂ ਕੋਈ ਵੀ ਉਨ੍ਹਾਂ ਦਾ ਵਾਲ ਵੀ ਵਿੰਗਾ ਨਹੀਂ ਕਰ ਸਕਦਾ।

ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਨੂੰ ਪਹਿਲਾਂ ਵੀ ਕਈ ਵਾਰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ। ਉਨ੍ਹਾਂ ਨੇ ਗੁਰਚਰਨ ਸਿੰਘ ਟੋਹੜਾ, ਸੰਤ ਹਰਚੰਦ ਸਿੰਘ ਲੌਂਗੋਵਾਲ, ਜਥੇਦਾਰ ਕਿਰਪਾਲ ਸਿੰਘ ਅਤੇ ਹੁਣ ਸੁਖਬੀਰ ਸਿੰਘ ਬਾਦਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਕਾਲੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਕੋਸ਼ਿਸ਼ਾਂ ਦਾ ਇਤਿਹਾਸ ਲੰਬਾ ਰਿਹਾ ਹੈ।

ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਦੇ ਦੁਸ਼ਮਣ ਆਪਣੀਆਂ ਸਾਜ਼ਿਸ਼ਾਂ ਵਿੱਚ ਹਰ ਵਾਰ ਨਾਕਾਮ ਰਹੇ ਹਨ। ਉਨ੍ਹਾਂ ਅਕਾਲੀ ਵਰਕਰਾਂ ਨੂੰ ਮਜ਼ਬੂਤੀ ਨਾਲ ਖੜ੍ਹੇ ਰਹਿਣ ਦਾ ਸੰਦੇਸ਼ ਦਿੰਦਿਆਂ ਪਾਰਟੀ ਦੀ ਵਿਚਾਰਧਾਰਾ ਅਤੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਜਾਰੀ ਰੱਖਣ ਦੀ ਗੱਲ ਕਹੀ।

ਦੱਸਣਯੋਗ ਹੈ ਕਿ ਹਰ ਸਾਲ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਜ਼ਿਲ੍ਹੇ ਦੇ ਈਸੜੂ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਜਾਂਦਾ ਹੈ। ਇਸ ਸੂਬਾ ਪੱਧਰੀ ਸਮਾਗਮ ਵਿੱਚ ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਆਗੂ ਅਤੇ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਲ ਹੁੰਦੇ ਹਨ। ਇਸ ਦੌਰਾਨ ਸ਼ਹੀਦ ਕਰਨੈਲ ਸਿੰਘ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਪੰਜਾਬ ਦੇ ਸਿਆਸੀ ਅਤੇ ਇਤਿਹਾਸਕ ਮੁੱਦਿਆਂ ’ਤੇ ਵੀ ਵਿਚਾਰ ਪ੍ਰਗਟ ਕੀਤੇ ਜਾਂਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments