ਪੰਜਾਬ ਅਤੇ ਚੰਡੀਗੜ੍ਹ ਵਿੱਚ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਫਿਰੋਜ਼ਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਂਟ ਬੋਰਡ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ ਅਤੇ ਆਜ਼ਾਦੀ ਦਿਹਾੜੇ ਦੀ ਪਰੇਡ ਦੀ ਸਲਾਮੀ ਲਈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਹੁਸੈਨੀਵਾਲਾ ਵਿਖੇ ਸ਼ਹੀਦ ਸਮਾਰਕ ’ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸੇ ਦੌਰਾਨ ਚੰਡੀਗੜ੍ਹ ਵਿੱਚ ਸੈਕਟਰ-17 ਦੇ ਪਰੇਡ ਗਰਾਊਂਡ ਵਿਖੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਤਿਰੰਗਾ ਲਹਿਰਾਇਆ। ਸਮਾਗਮ ਦੌਰਾਨ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਮਹਾਨ ਯੋਧਿਆਂ ਨੂੰ ਯਾਦ ਕੀਤਾ ਗਿਆ ਅਤੇ ਆਜ਼ਾਦੀ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਨਮਨ ਕੀਤਾ ਗਿਆ।
ਫਿਰੋਜ਼ਪੁਰ ਵਿੱਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਪੰਜਾਬੀਆਂ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਦੌਰਾਨ ਪੰਜਾਬ ਦੇ ਲੋਕਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਤੱਕ ਵਾਰ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਵੰਡ ਵੇਲੇ ਵੀ ਸਭ ਤੋਂ ਵੱਡੀ ਕੀਮਤ ਪੰਜਾਬੀਆਂ ਨੇ ਹੀ ਚੁਕਾਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਵੰਡ ਦਾ ਦਰਦ ਆਪਣੇ ਪਿੰਡਾਂ, ਸ਼ਹਿਰਾਂ ਅਤੇ ਪਰਿਵਾਰਾਂ ਵਿੱਚ ਹੰਢਾਇਆ ਅਤੇ ਇਸ ਦੇ ਜ਼ਖ਼ਮ ਅੱਜ ਵੀ ਲੋਕਾਂ ਦੀਆਂ ਯਾਦਾਂ ਵਿੱਚ ਮੌਜੂਦ ਹਨ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਦੇ ਮਨਸੂਬੇ ਕਦੇ ਕਾਮਯਾਬ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਆਪਸੀ ਭਾਈਚਾਰੇ, ਸਾਂਝ ਅਤੇ ਏਕਤਾ ਦੀ ਮਿਸਾਲ ਬਣਿਆ ਰਹੇਗਾ ਅਤੇ ਸੂਬੇ ਦੇ ਲੋਕ ਮਿਲਜੁਲ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਦੇ ਰਹਿਣਗੇ।




