ਕੌਮੀ ਇਨਸਾਫ ਮੋਰਚੇ ਦੇ ਪੰਜਾਬ ਰਾਜ ਭਵਨ ਘਿਰਾਓ ਦੇ ਐਲਾਨ ਕਾਰਨ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੀ ਵੱਡੀ ਤਾਇਨਾਤੀ
ਕੌਮੀ ਇਨਸਾਫ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 15 ਅਗਸਤ ਨੂੰ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਸੁਰੱਖਿਆ ਪ੍ਰਬੰਧ ਕਾਫ਼ੀ ਸਖ਼ਤ ਕਰ ਦਿੱਤੇ ਗਏ ਹਨ। ਪੁਲੀਸ ਨੇ ਚੰਡੀਗੜ੍ਹ ਨੂੰ ਕਈ ਪਾਸਿਆਂ ਤੋਂ ਬੈਰੀਕੇਡ ਲਗਾ ਕੇ ਆਵਾਜਾਈ ’ਤੇ ਪਾਬੰਦੀਆਂ ਲਗਾਈਆਂ ਹਨ।
ਸੁਰੱਖਿਆ ਪ੍ਰਬੰਧਾਂ ਤਹਿਤ ਚੰਡੀਗੜ੍ਹ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੇ 1000 ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਮੁਹਾਲੀ ਤੋਂ ਚੰਡੀਗੜ੍ਹ ਆਉਣ-ਜਾਣ ਵਾਲੀਆਂ ਕਈ ਮੁੱਖ ਸੜਕਾਂ ’ਤੇ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਆਵਾਜਾਈ ਨੂੰ ਰੋਕਿਆ ਗਿਆ ਹੈ। ਹਾਲਾਂਕਿ, ਪੁਲੀਸ ਵੱਲੋਂ ਕੁਝ ਸੜਕਾਂ ਨੂੰ ਆਮ ਲੋਕਾਂ ਦੀ ਆਵਾਜਾਈ ਲਈ ਖੋਲ੍ਹਿਆ ਗਿਆ ਹੈ।
ਵੱਡੀ ਗਿਣਤੀ ਵਿੱਚ ਪੁਲੀਸ ਬਲ ਦੀ ਤਾਇਨਾਤੀ ਅਤੇ ਸੜਕਾਂ ’ਤੇ ਲਾਈਆਂ ਗਈਆਂ ਰੋਕਾਂ ਕਾਰਨ ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਕਈ ਥਾਵਾਂ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗਣ ਕਾਰਨ ਜਾਮ ਦੀ ਸਥਿਤੀ ਬਣੀ ਹੋਈ ਹੈ, ਜਿਸ ਨਾਲ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੱਸਣਯੋਗ ਹੈ ਕਿ ਕੌਮੀ ਇਨਸਾਫ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਸੰਘਰਸ਼ ਦੇ ਤਹਿਤ ਮੋਰਚੇ ਨੇ 15 ਅਗਸਤ ਨੂੰ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ।
ਮੋਰਚੇ ਦੇ ਸੱਦੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਅਤੇ ਪੰਥਕ ਆਗੂ ਮੁਹਾਲੀ ਵਿੱਚ ਇਕੱਠੇ ਹੋਏ ਹਨ। ਇਕੱਠੇ ਹੋਏ ਪ੍ਰਦਰਸ਼ਨਕਾਰੀ ਅਤੇ ਆਗੂ ਚੰਡੀਗੜ੍ਹ ਵੱਲ ਕੂਚ ਕਰਨ ਦੀ ਤਿਆਰੀ ਵਿੱਚ ਹਨ। ਇਸ ਦੇ ਮੱਦੇਨਜ਼ਰ ਪੁਲੀਸ ਵੱਲੋਂ ਸ਼ਹਿਰ ਦੇ ਦਾਖ਼ਲਾ ਮਾਰਗਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਵਧਾਈ ਗਈ ਹੈ।
ਪੁਲੀਸ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵਾਧੂ ਬਲ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵੀ ਪੁਲੀਸ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ।




