ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਵੱਲੋਂ ਜਾਰੀ ਕੀਤੇ ਜਾਣ ਵਾਲੇ ਵੀਜ਼ਿਆਂ ਦਾ ਕੋਟਾ ਵਧਾਉਣ ਦੀਆਂ ਮੰਗਾਂ ਵਿਚਾਲੇ ਕੇਂਦਰ ਸਰਕਾਰ ਨੇ ਲਾਂਘੇ ਬਾਰੇ ਆਪਣਾ ਰੁਖ਼ ਸਪੱਸ਼ਟ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਮੌਜੂਦਾ ਸੁਰੱਖਿਆ ਹਾਲਾਤ ਨੂੰ ਦੇਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਫਿਲਹਾਲ ਮੁਅੱਤਲ ਹੀ ਰਹਿਣਗੀਆਂ। ਇਸ ਦੇ ਨਾਲ ਹੀ ਦੋਹਾਂ ਦੇਸ਼ਾਂ ਵਿਚਾਲੇ ਸ਼ਰਧਾਲੂਆਂ ਦੀ ਯਾਤਰਾ ਪੁਰਾਣੇ ਦੋਪੱਖੀ ਸਮਝੌਤਿਆਂ ਤਹਿਤ ਜਾਰੀ ਰਹਿਣ ਦੀ ਗੱਲ ਕਹੀ ਗਈ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਹ ਬਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨੀ ਡਿਪਲੋਮੈਟ ਨਾਲ ਕੀਤੀ ਗਈ ਮੁਲਾਕਾਤ ਤੋਂ ਬਾਅਦ ਦਿੱਤਾ। ਐੱਸਜੀਪੀਸੀ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਆਉਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਦਿੱਲੀ ਵਿੱਚ ਪਾਕਿਸਤਾਨ ਦੇ ਚਾਰਜ ਡੀ ਅਫੇਅਰਜ਼ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਨਵੰਬਰ 2026 ਵਿੱਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ 7,500 ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਦੇ ਵੀਜ਼ੇ ਜਾਰੀ ਕਰਨ ਦੀ ਅਪੀਲ ਕੀਤੀ ਗਈ।
ਐੱਸਜੀਪੀਸੀ ਵੱਲੋਂ ਦੱਸਿਆ ਗਿਆ ਕਿ ਆਮ ਤੌਰ ’ਤੇ ਸਿੱਖ ਜਥਿਆਂ ਲਈ ਲਗਭਗ 1,800 ਵੀਜ਼ਿਆਂ ਦਾ ਕੋਟਾ ਹੁੰਦਾ ਹੈ। ਇਸ ਵਾਰ ਪ੍ਰਕਾਸ਼ ਪੁਰਬ ਨਾਲ ਸਬੰਧਤ ਧਾਰਮਿਕ ਯਾਤਰਾ ਲਈ ਇਸ ਕੋਟੇ ਨੂੰ ਕਾਫ਼ੀ ਵਧਾਉਣ ਦੀ ਮੰਗ ਕੀਤੀ ਗਈ ਹੈ, ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰ ਸਕਣ।
ਕਰਤਾਰਪੁਰ ਲਾਂਘੇ ਨੂੰ ਬੰਦ ਰੱਖਣ ਦੇ ਕਾਰਨਾਂ ਬਾਰੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ 7 ਮਈ 2025 ਤੋਂ ਸੁਰੱਖਿਆ ਕਾਰਨਾਂ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਮੁਅੱਤਲ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਸੁਰੱਖਿਆ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਲਾਂਘੇ ਦੀਆਂ ਸੇਵਾਵਾਂ ਨੂੰ ਫਿਲਹਾਲ ਮੁੜ ਸ਼ੁਰੂ ਨਾ ਕਰਨ ਦਾ ਫ਼ੈਸਲਾ ਬਰਕਰਾਰ ਹੈ।
ਕਰਤਾਰਪੁਰ ਲਾਂਘਾ ਬੰਦ ਹੋਣ ਕਾਰਨ ਸਿੱਖ ਸੰਗਤ ਵਿੱਚ ਵੀ ਨਿਰਾਸ਼ਾ ਪਾਈ ਜਾ ਰਹੀ ਹੈ। ਸਿੱਖ ਜਥੇਬੰਦੀਆਂ ਅਤੇ ਧਾਰਮਿਕ ਆਗੂ ਲਗਾਤਾਰ ਇਹ ਮੰਗ ਕਰ ਰਹੇ ਹਨ ਕਿ ਸੁਰੱਖਿਆ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਵੀ ਖ਼ਿਆਲ ਰੱਖਿਆ ਜਾਵੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਨੂੰ ਜਲਦ ਤੋਂ ਜਲਦ ਮੁੜ ਖੋਲ੍ਹਣ ਲਈ ਰਾਹ ਕੱਢਿਆ ਜਾਵੇ।
ਦੂਜੇ ਪਾਸੇ ਐੱਸਜੀਪੀਸੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕਰਤਾਰਪੁਰ ਲਾਂਘੇ ਦੀਆਂ ਸੇਵਾਵਾਂ ਬਹਾਲ ਕਰਨ ਲਈ ਜਲਦ ਕਦਮ ਚੁੱਕੇ ਜਾਣ। ਕਮੇਟੀ ਵੱਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਨੂੰ ਸੁਖਾਲਾ ਬਣਾਇਆ ਜਾਵੇ ਅਤੇ ਵੱਧ ਗਿਣਤੀ ਵਿੱਚ ਵੀਜ਼ੇ ਜਾਰੀ ਕੀਤੇ ਜਾਣ।
ਫਿਲਹਾਲ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਹਾਲਾਤ ਨੂੰ ਮੁੱਖ ਕਾਰਨ ਦੱਸਦਿਆਂ ਕਰਤਾਰਪੁਰ ਲਾਂਘੇ ਨੂੰ ਬੰਦ ਰੱਖਣ ਦਾ ਫ਼ੈਸਲਾ ਜਾਰੀ ਰੱਖਿਆ ਗਿਆ ਹੈ। ਇਸ ਕਾਰਨ ਆਉਣ ਵਾਲੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਦੇ ਇੱਛੁਕ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਪ੍ਰਬੰਧ ਅਤੇ ਯਾਤਰਾ ਨਾਲ ਜੁੜੇ ਫ਼ੈਸਲੇ ਮਹੱਤਵਪੂਰਨ ਬਣ ਗਏ ਹਨ।




