HomePunjab Newsਸੰਤ ਲੌਂਗੋਵਾਲ ਦੀ 41ਵੀਂ ਬਰਸੀ ’ਤੇ ਪੰਜਾਬ ਦੀ ਅਮਨ-ਸ਼ਾਂਤੀ ਅਤੇ ਪੰਥਕ ਹੱਕਾਂ...

ਸੰਤ ਲੌਂਗੋਵਾਲ ਦੀ 41ਵੀਂ ਬਰਸੀ ’ਤੇ ਪੰਜਾਬ ਦੀ ਅਮਨ-ਸ਼ਾਂਤੀ ਅਤੇ ਪੰਥਕ ਹੱਕਾਂ ਦੀ ਗੱਲ, ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ

ਹਰਪਾਲ ਸਿੰਘ ਚੀਮਾ ਨੇ ਕਿਹਾ- ਸੰਤ ਲੌਂਗੋਵਾਲ ਨੇ ਪੰਜਾਬ ਦੀ ਅਮਨ-ਸ਼ਾਂਤੀ ਲਈ ਦਿੱਤੀ ਸ਼ਹਾਦਤ; ਗਿਆਨੀ ਹਰਪ੍ਰੀਤ ਸਿੰਘ ਨੇ ਸਿਧਾਂਤਕ ਤੇ ਪੰਜਾਬ-ਪੱਖੀ ਸੋਚ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਮੌਕੇ ਪੰਜਾਬ ਦੇ ਵੱਖ-ਵੱਖ ਸਿਆਸੀ ਅਤੇ ਧਾਰਮਿਕ ਆਗੂਆਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸੰਤ ਲੌਂਗੋਵਾਲ ਵੱਲੋਂ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਏਕਤਾ ਅਤੇ ਪੰਥਕ ਹੱਕਾਂ ਲਈ ਕੀਤੇ ਸੰਘਰਸ਼ ਅਤੇ ਦਿੱਤੀ ਸ਼ਹਾਦਤ ਨੂੰ ਯਾਦ ਕੀਤਾ ਗਿਆ। ਵੱਖ-ਵੱਖ ਥਾਵਾਂ ’ਤੇ ਸ਼ਹੀਦੀ ਸਮਾਗਮ ਅਤੇ ਹੋਰ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ, ਸਿਆਸੀ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਪੰਜਾਬ ਦੇ ਵਿੱਤ, ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਰੈੱਡ ਕਰਾਸ ਵੱਲੋਂ ਲਗਾਏ ਗਏ ਖ਼ੂਨਦਾਨ ਕੈਂਪ ਵਿੱਚ ਸ਼ਮੂਲੀਅਤ ਕੀਤੀ ਅਤੇ ਸੰਤ ਲੌਂਗੋਵਾਲ ਦੀ ਕੁਰਬਾਨੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਤਨੀ ਸਬੀਨਾ ਅਰੋੜਾ ਵੀ ਮੌਜੂਦ ਸਨ।

ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 41 ਸਾਲ ਪਹਿਲਾਂ ਸੰਤ ਲੌਂਗੋਵਾਲ ਨੇ ਪੰਜਾਬ ਦੀ ਅਮਨ-ਸ਼ਾਂਤੀ ਲਈ ਆਪਣੀ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੰਤ ਲੌਂਗੋਵਾਲ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਇਹ ਕੁਰਬਾਨੀ ਅਜਾਈਂ ਨਹੀਂ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੰਤ ਲੌਂਗੋਵਾਲ ਵੱਲੋਂ ਦਰਸਾਏ ਗਏ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੇ ਮਾਰਗ ’ਤੇ ਚੱਲਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਪ੍ਰਣਾਮ ਕਰਦੀ ਹੈ।

ਸ੍ਰੀ ਚੀਮਾ ਨੇ ਇਹ ਵੀ ਦੱਸਿਆ ਕਿ ਬੰਗਲੂਰੂ ਵਿੱਚ ਹੋ ਰਹੀ ਵਿਸ਼ਵ ਪੱਧਰੀ ਕਾਨਫਰੰਸ ਵਿੱਚ ਉਦਯੋਗ ਮੰਤਰੀ ਵਜੋਂ ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਵੀ ਸੰਤ ਲੌਂਗੋਵਾਲ ਨੂੰ ਯਾਦ ਕਰਦਿਆਂ ਉਨ੍ਹਾਂ ਪ੍ਰਤੀ ਸ਼ਰਧਾ ਪ੍ਰਗਟਾਈ ਹੈ।

ਸੰਤ ਲੌਂਗੋਵਾਲ ਦੀ ਯਾਦ ਵਿੱਚ ਲਗਾਏ ਗਏ ਖ਼ੂਨਦਾਨ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਖ਼ੂਨਦਾਨ ਕਰਕੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸੇਵਾ ਅਤੇ ਲੋਕ ਭਲਾਈ ਦੀ ਭਾਵਨਾ ਨਾਲ ਲੋਕਾਂ ਨੇ ਖ਼ੂਨਦਾਨ ਵਿੱਚ ਹਿੱਸਾ ਲਿਆ।

ਮੀਡੀਆ ਦੀ ਆਜ਼ਾਦੀ ਨੂੰ ਲੈ ਕੇ ਹਰਪਾਲ ਚੀਮਾ ਦਾ ਬਿਆਨ

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਅਤੇ ਪੱਤਰਕਾਰਾਂ ਨਾਲ ਸਬੰਧਤ ਮੁੱਦੇ ’ਤੇ ਵੀ ਆਪਣਾ ਪੱਖ ਰੱਖਿਆ। ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਕਿਸੇ ਵੀ ਪੱਤਰਕਾਰ ਜਾਂ ਮੀਡੀਆ ਹਾਊਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰ ਨਾਗਰਿਕ ਅਤੇ ਮੀਡੀਆ ਨੂੰ ਪੂਰੀ ਆਜ਼ਾਦੀ ਨਾਲ ਆਪਣੀ ਗੱਲ ਰੱਖਣ ਦਾ ਹੱਕ ਹੈ।

ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਧਰਨਿਆਂ ਸਬੰਧੀ ਉਨ੍ਹਾਂ ਕਿਹਾ ਕਿ ਚੋਣਾਂ ਦੇ ਸਮੇਂ ਜਾਂ ਆਮ ਦਿਨਾਂ ਵਿੱਚ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖਣਾ ਜਥੇਬੰਦੀਆਂ ਦਾ ਹੱਕ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਬਣੀ ਕੈਬਨਿਟ ਸਬ-ਕਮੇਟੀ ਵੱਲੋਂ ਲਗਾਤਾਰ ਵੱਖ-ਵੱਖ ਜਥੇਬੰਦੀਆਂ ਨਾਲ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਅਤੇ ਕਈ ਜਾਇਜ਼ ਮੰਗਾਂ ਨੂੰ ਮੰਨਿਆ ਵੀ ਗਿਆ ਹੈ।

ਡੀਏ ਦੇ ਬਕਾਏ ਬਾਰੇ ਵੀ ਦਿੱਤੀ ਜਾਣਕਾਰੀ

ਡੀਏ ਦੇ ਬਕਾਏ ਸਬੰਧੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਲਗਪਗ 14 ਕਰੋੜ ਰੁਪਏ ਤੋਂ ਵੱਧ ਦਾ ਡੀਏ ਬਕਾਇਆ ਛੱਡਿਆ ਗਿਆ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਵਿੱਚੋਂ ਕਰੀਬ 5,000 ਤੋਂ 6,000 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦਾ ਬਕਾਇਆ ਵੀ ਜਲਦ ਅਦਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਂਤੀ ਅਤੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਮੌਕੇ ਓਐੱਸਡੀ ਤਪਿੰਦਰ ਸਿੰਘ ਸੋਹੀ, ਰਸ਼ਪਾਲ ਕੌਰ, ਕੁਲਦੀਪ ਸਿੰਘ ਬੰਟੀ ਮਾਨ, ਕਰਮਜੀਤ ਕੌਰ, ਬਲਵਿੰਦਰ ਸਿੰਘ ਢਿੱਲੋਂ, ਅੰਮ੍ਰਿਤਪਾਲ ਸਿੰਘ ਸਿੱਧੂ ਸਮੇਤ ਕਈ ਹੋਰ ਆਗੂ ਅਤੇ ਪਤਵੰਤੇ ਹਾਜ਼ਰ ਸਨ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਸੰਤ ਲੌਂਗੋਵਾਲ ਦੀ ਕੁਰਬਾਨੀ ਪੰਜਾਬ ਲਈ ਮਾਰਗਦਰਸ਼ਨ

ਸ਼੍ਰੋਮਣੀ ਅਕਾਲੀ ਦਲ ਪੁਨਰਸਰਜੀਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਮਹਾਨ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦਾ 41ਵਾਂ ਸ਼ਹੀਦੀ ਦਿਹਾੜਾ ਲੌਂਗੋਵਾਲ ਦੀ ਅਨਾਜ ਮੰਡੀ ਵਿਖੇ ਮਨਾਇਆ ਗਿਆ। ਸ਼ਹੀਦੀ ਸਮਾਗਮ ਵਿੱਚ ਅਕਾਲੀ ਸੋਚ ਨਾਲ ਜੁੜੇ ਵੱਡੀ ਗਿਣਤੀ ਵਿੱਚ ਲੋਕਾਂ, ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ ਅਤੇ ਸੰਤ ਲੌਂਗੋਵਾਲ ਦੀ ਕੁਰਬਾਨੀ ਨੂੰ ਸਿਜਦਾ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰਸਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਪੰਜਾਬ ਵਿੱਚ ਅਮਨ, ਸ਼ਾਂਤੀ, ਭਾਈਚਾਰਕ ਏਕਤਾ ਅਤੇ ਪੰਥਕ ਹੱਕਾਂ ਲਈ ਆਪਣਾ ਜੀਵਨ ਸਮਰਪਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਸੰਤ ਲੌਂਗੋਵਾਲ ਦੀ ਸ਼ਹਾਦਤ ਪੰਜਾਬ ਦੇ ਇਤਿਹਾਸ ਦਾ ਇੱਕ ਅਮਿਟ ਅਧਿਆਇ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਇੱਕ ਗੰਭੀਰ ਤਰਾਸਦੀ ਅਤੇ ਬਹੁਪੱਖੀ ਸੰਕਟ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਵਿੱਚੋਂ ਪੰਜਾਬ ਨੂੰ ਬਾਹਰ ਕੱਢਣ ਲਈ ਸਿਰਫ਼ ਸੱਤਾ ਦੀ ਰਾਜਨੀਤੀ ਕਾਫ਼ੀ ਨਹੀਂ, ਸਗੋਂ ਸਿਧਾਂਤਕ, ਪੰਥਕ ਅਤੇ ਪੰਜਾਬ-ਪੱਖੀ ਸੋਚ ਨੂੰ ਮੁੜ ਮਜ਼ਬੂਤ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸੰਤ ਲੌਂਗੋਵਾਲ ਦੀ ਸੋਚ ਅਤੇ ਉਨ੍ਹਾਂ ਦੀ ਕੁਰਬਾਨੀ ਅੱਜ ਵੀ ਪੰਜਾਬ ਲਈ ਮਾਰਗਦਰਸ਼ਨ ਦਾ ਕੰਮ ਕਰ ਸਕਦੀ ਹੈ। ਉਨ੍ਹਾਂ ਅਨੁਸਾਰ ਪੰਜਾਬ ਦੀ ਅਮਨ-ਸ਼ਾਂਤੀ, ਏਕਤਾ ਅਤੇ ਹੱਕਾਂ ਦੀ ਰਾਖੀ ਲਈ ਸੰਤ ਲੌਂਗੋਵਾਲ ਦੇ ਸੰਘਰਸ਼ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ।

ਹਰਸਿਮਰਤ ਕੌਰ ਬਾਦਲ, ਮਜੀਠੀਆ, ਧਾਮੀ ਅਤੇ ਸਰਨਾ ਵੱਲੋਂ ਵੀ ਸ਼ਰਧਾਂਜਲੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਮੌਕੇ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ, ਲੌਂਗੋਵਾਲ ਵਿਖੇ ਵਿਸ਼ਾਲ ਸ਼ਹੀਦੀ ਕਾਨਫਰੰਸ ਕਰਵਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਪਰਮਜੀਤ ਸਿੰਘ ਸਰਨਾ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ।

ਸ਼ਹੀਦੀ ਕਾਨਫਰੰਸ ਦੌਰਾਨ ਆਗੂਆਂ ਨੇ ਸੰਤ ਲੌਂਗੋਵਾਲ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪੰਜਾਬ ਦੀ ਮੌਜੂਦਾ ਸਿਆਸੀ ਅਤੇ ਸਮਾਜਿਕ ਸਥਿਤੀ ਬਾਰੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਰਕਰਾਂ ਅਤੇ ਸਮਰਥਕਾਂ ਨੂੰ ਸਰਗਰਮ ਹੋਣ ਦਾ ਸੱਦਾ ਦਿੱਤਾ ਗਿਆ।

ਹਰਸਿਮਰਤ ਕੌਰ ਬਾਦਲ ਨੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਅਮਨ ਅਤੇ ਸ਼ਾਂਤੀ ਦੀ ਰਾਹ ’ਤੇ ਚੱਲਦਾ ਹੈ ਤਾਂ ਉਸ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੰਤ ਲੌਂਗੋਵਾਲ ਨੇ ਪੰਜਾਬ ਦੀ ਅਮਨ-ਸ਼ਾਂਤੀ ਲਈ ਸ਼ਹਾਦਤ ਦਿੱਤੀ ਸੀ ਅਤੇ ਉਨ੍ਹਾਂ ’ਤੇ ਹਮਲਾ ਗੁਰੂ ਘਰ ਵਿੱਚ ਹੋਇਆ ਸੀ।

ਬੀਬਾ ਬਾਦਲ ਨੇ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਵੀ ਦੋ ਵਾਰ ਗੁਰੂ ਘਰ ਵਿਖੇ ਹਮਲਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਮਲਿਆਂ ਤੋਂ ਉਹ ਘਬਰਾਉਣ ਵਾਲੇ ਨਹੀਂ ਹਨ ਅਤੇ ਪਾਰਟੀ ਆਪਣੇ ਸਿਧਾਂਤਾਂ ’ਤੇ ਕਾਇਮ ਰਹੇਗੀ।

ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਹਾਲਾਤ ਅਜਿਹੇ ਬਣਾ ਦਿੱਤੇ ਗਏ ਹਨ ਕਿ ਗੁਰੂ ਘਰ ਵਿੱਚ ਵੀ ਸਿੱਖ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਲੋਕ ਸਰਕਾਰਾਂ ਦੇ ਪਿੱਠੂ ਬਣ ਕੇ ਹਮਲੇ ਕਰ ਰਹੇ ਹਨ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦਿੱਲੀ ਵਾਲਿਆਂ ਦਾ ਨਹੀਂ ਹੈ, ਸਗੋਂ ਪੰਜਾਬ ਪੰਜਾਬੀਆਂ ਦਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਹਿੱਤਾਂ, ਅਮਨ-ਸ਼ਾਂਤੀ ਅਤੇ ਆਪਣੇ ਹੱਕਾਂ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ।

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਮੌਕੇ ਹੋਏ ਇਨ੍ਹਾਂ ਵੱਖ-ਵੱਖ ਸਮਾਗਮਾਂ ਦੌਰਾਨ ਜਿੱਥੇ ਉਨ੍ਹਾਂ ਦੀ ਸ਼ਹਾਦਤ ਅਤੇ ਪੰਜਾਬ ਲਈ ਕੀਤੇ ਕਾਰਜਾਂ ਨੂੰ ਯਾਦ ਕੀਤਾ ਗਿਆ, ਉੱਥੇ ਪੰਜਾਬ ਦੀ ਮੌਜੂਦਾ ਸਥਿਤੀ, ਅਮਨ-ਸ਼ਾਂਤੀ, ਭਾਈਚਾਰਕ ਏਕਤਾ, ਮੀਡੀਆ ਦੀ ਆਜ਼ਾਦੀ ਅਤੇ ਸੂਬੇ ਦੇ ਹਿੱਤਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਸਿਆਸੀ ਆਗੂਆਂ ਵੱਲੋਂ ਆਪਣੇ ਵਿਚਾਰ ਪ੍ਰਗਟ ਕੀਤੇ ਗਏ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments