ਨਵੀਂ ਦਿੱਲੀ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਪੈਲੇਟ ਗੰਨ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਦਿੱਤੇ ਧਰਨੇ ਤੋਂ ਬਾਅਦ ਦਿੱਲੀ ਪੁਲੀਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਪੈਲੇਟ ਗੰਨ ਦੀ ਵਰਤੋਂ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ।
ਇਸ ਤੋਂ ਪਹਿਲਾਂ ਰਾਹੁਲ ਗਾਂਧੀ 21 ਅਗਸਤ ਨੂੰ ਪੈਲੇਟ ਗੰਨ ਹਮਲੇ ਵਿੱਚ ਜ਼ਖ਼ਮੀ ਹੋਏ 19 ਸਾਲਾ ਨੌਜਵਾਨ ਸਾਹਿਲ ਲੋਹਚਬ ਅਤੇ ਉਸ ਦੀ ਮਾਂ ਨੂੰ ਨਾਲ ਲੈ ਕੇ ਸੰਸਦ ਮਾਰਗ ਪੁਲੀਸ ਥਾਣੇ ਪਹੁੰਚੇ ਸਨ। ਰਾਹੁਲ ਗਾਂਧੀ ਨੇ ਪੁਲੀਸ ਤੋਂ ਮੰਗ ਕੀਤੀ ਸੀ ਕਿ ਨੌਜਵਾਨ ’ਤੇ ਹੋਏ ਹਮਲੇ ਸਬੰਧੀ ਤੁਰੰਤ ਐੱਫਆਈਆਰ ਦਰਜ ਕੀਤੀ ਜਾਵੇ।
ਰਾਹੁਲ ਗਾਂਧੀ ਅਤੇ ਕਾਂਗਰਸ ਆਗੂਆਂ ਦੇ ਪੁਲੀਸ ਥਾਣੇ ਪਹੁੰਚਣ ਤੋਂ ਬਾਅਦ ਪੁਲੀਸ ਵੱਲੋਂ ਤੁਰੰਤ ਕੇਸ ਦਰਜ ਨਾ ਕੀਤੇ ਜਾਣ ’ਤੇ ਰਾਹੁਲ ਗਾਂਧੀ ਉੱਥੇ ਹੀ ਧਰਨੇ ’ਤੇ ਬੈਠ ਗਏ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੈਲੇਟ ਗੰਨ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਪੁਲੀਸ ਥਾਣੇ ਤੋਂ ਨਹੀਂ ਜਾਣਗੇ।
ਪੁਲੀਸ ਵੱਲੋਂ ਰਾਹੁਲ ਗਾਂਧੀ ਨੂੰ ਦੱਸਿਆ ਗਿਆ ਕਿ ਸੁਪਰੀਮ ਕੋਰਟ ਨੇ ਵਿਦਿਆਰਥੀ ਰੋਸ ਪ੍ਰਦਰਸ਼ਨਾਂ ਦੌਰਾਨ ਪੁਲੀਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਕਥਿਤ ਤੌਰ ’ਤੇ ਬੇਹੱਦ ਤਾਕਤ ਦੀ ਵਰਤੋਂ ਦੇ ਦੋਸ਼ਾਂ ਦੀ ਜਾਂਚ ਲਈ ਇੱਕ ਉੱਚ ਪੱਧਰੀ ਮਾਹਿਰ ਕਮੇਟੀ ਦਾ ਗਠਨ ਕੀਤਾ ਹੈ। ਹਾਲਾਂਕਿ ਰਾਹੁਲ ਗਾਂਧੀ ਆਪਣੀ ਮੰਗ ’ਤੇ ਕਾਇਮ ਰਹੇ ਅਤੇ ਐੱਫਆਈਆਰ ਦਰਜ ਕਰਨ ’ਤੇ ਜ਼ੋਰ ਦਿੰਦੇ ਰਹੇ। ਇਸ ਤੋਂ ਬਾਅਦ ਪੁਲੀਸ ਨੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਜੰਤਰ-ਮੰਤਰ ਪ੍ਰਦਰਸ਼ਨ ਦੌਰਾਨ ਪੈਲੇਟ ਲੱਗਣ ਦਾ ਦਾਅਵਾ
ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ 20 ਜੁਲਾਈ ਨੂੰ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲੀਸ ਵੱਲੋਂ ਪੈਲੇਟ ਗੰਨ ਦੀ ਵਰਤੋਂ ਕੀਤੀ ਗਈ ਸੀ। ਉਨ੍ਹਾਂ ਮੁਤਾਬਕ ਇਸ ਦੌਰਾਨ 19 ਸਾਲਾ ਸਾਹਿਲ ਲੋਹਚਬ ਨੂੰ ਪੈਲੇਟ ਲੱਗੇ, ਜਿਸ ਕਾਰਨ ਉਸ ਦੀ ਇੱਕ ਅੱਖ ਦੀ ਰੌਸ਼ਨੀ ਪ੍ਰਭਾਵਿਤ ਹੋਈ।
ਧਰਨੇ ਦੌਰਾਨ ਰਾਹੁਲ ਗਾਂਧੀ ਅਤੇ ਕਾਂਗਰਸ ਵੱਲੋਂ ਸੋਸ਼ਲ ਮੀਡੀਆ ’ਤੇ ਵੀ ਪੋਸਟਾਂ ਸਾਂਝੀਆਂ ਕੀਤੀਆਂ ਗਈਆਂ। ਕਾਂਗਰਸ ਨੇ ਕਿਹਾ ਕਿ ਉਹ ਵਿਦਿਆਰਥੀਆਂ ਅਤੇ ਇਨਸਾਫ਼ ਦੀ ਮੰਗ ਲਈ ਉਨ੍ਹਾਂ ਦੇ ਨਾਲ ਖੜ੍ਹੇ ਹਨ। ਪਾਰਟੀ ਵੱਲੋਂ ਇਹ ਵੀ ਕਿਹਾ ਗਿਆ ਕਿ ਜਦੋਂ ਤੱਕ ਮਾਮਲੇ ਵਿੱਚ ਐੱਫਆਈਆਰ ਦਰਜ ਨਹੀਂ ਹੁੰਦੀ, ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਜਵਾਬਦੇਹੀ ਦੀ ਮੰਗ
ਇਸ ਮਾਮਲੇ ਵਿੱਚ ਰਾਹੁਲ ਗਾਂਧੀ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਚੁੱਕੇ ਹਨ। ਉਨ੍ਹਾਂ ਨੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਹੋਈ ਕਾਰਵਾਈ ਲਈ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਸੀ।
ਰਾਹੁਲ ਗਾਂਧੀ ਨੇ ਸਵਾਲ ਉਠਾਇਆ ਸੀ ਕਿ ਕੀ ਵਿਦਿਆਰਥੀਆਂ ਖ਼ਿਲਾਫ਼ ਪੈਲੇਟ ਗੰਨ ਵਰਗੇ ਹਥਿਆਰਾਂ ਦੀ ਵਰਤੋਂ ਕਰਨ ਦੀ ਅਧਿਕਾਰਤ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ’ਤੇ ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਅਤੇ ਪੈਲੇਟ ਵਰਤੇ ਗਏ, ਜਿਸ ਕਾਰਨ ਕਈ ਨੌਜਵਾਨ ਜ਼ਖ਼ਮੀ ਹੋਏ।
ਉਨ੍ਹਾਂ ਇਹ ਦੋਸ਼ ਵੀ ਲਾਇਆ ਸੀ ਕਿ ਪ੍ਰਦਰਸ਼ਨ ਦੌਰਾਨ ਮਹਿਲਾ ਪ੍ਰਦਰਸ਼ਨਕਾਰੀਆਂ ਨਾਲ ਕਥਿਤ ਤੌਰ ’ਤੇ ਬਦਸਲੂਕੀ ਅਤੇ ਮਾਰਕੁੱਟ ਕੀਤੀ ਗਈ। ਰਾਹੁਲ ਗਾਂਧੀ ਨੇ ਮੰਗ ਕੀਤੀ ਸੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਕਾਂਗਰਸ ਨੇ ਪੁਲੀਸ ਦੀ ਕਾਰਵਾਈ ’ਤੇ ਚੁੱਕੇ ਸਵਾਲ
ਕਾਂਗਰਸ ਵੱਲੋਂ ਦਾਅਵਾ ਕੀਤਾ ਗਿਆ ਕਿ ਸਾਹਿਲ ਲੋਹਚਬ ਨੇ ਆਪਣੇ ਵਕੀਲਾਂ ਦੇ ਨਾਲ 14 ਅਗਸਤ ਨੂੰ ਦਿੱਲੀ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ। ਪਾਰਟੀ ਮੁਤਾਬਕ ਸ਼ਿਕਾਇਤ ਦੇਣ ਦੇ ਬਾਵਜੂਦ ਉਸ ਨੂੰ ਜਾਂਚ ਅਧਿਕਾਰੀ ਦਾ ਨਾਮ ਜਾਂ ਸੰਪਰਕ ਨੰਬਰ ਨਹੀਂ ਦਿੱਤਾ ਗਿਆ।
ਕਾਂਗਰਸ ਨੇ ਕਿਹਾ ਕਿ 17 ਅਗਸਤ ਨੂੰ ਈਮੇਲਾਂ ਅਤੇ ਫ਼ੋਨ ਕਾਲਾਂ ਰਾਹੀਂ ਮਾਮਲੇ ਨੂੰ ਮੁੜ ਪੁਲੀਸ ਦੇ ਧਿਆਨ ਵਿੱਚ ਲਿਆਂਦਾ ਗਿਆ, ਪਰ ਇਸ ਦੇ ਬਾਵਜੂਦ ਸ਼ਿਕਾਇਤ ਦੀ ਕੋਈ ਰਸੀਦ ਜਾਂ ਆਈ.ਓ. ਨੰਬਰ ਮੁਹੱਈਆ ਨਹੀਂ ਕਰਵਾਇਆ ਗਿਆ।
ਪਾਰਟੀ ਦਾ ਦਾਅਵਾ ਹੈ ਕਿ ਪਹਿਲਾਂ ਕੀਤੇ ਗਏ ਯਤਨਾਂ ਦੇ ਬੇਅਸਰ ਰਹਿਣ ਤੋਂ ਬਾਅਦ ਰਾਹੁਲ ਗਾਂਧੀ ਸਾਹਿਲ ਲੋਹਚਬ ਅਤੇ ਉਸ ਦੀ ਮਾਂ ਨੂੰ ਨਾਲ ਲੈ ਕੇ ਸੰਸਦ ਮਾਰਗ ਪੁਲੀਸ ਥਾਣੇ ਪਹੁੰਚੇ। ਕਾਂਗਰਸ ਮੁਤਾਬਕ ਰਾਹੁਲ ਗਾਂਧੀ ਦੇ ਦਖ਼ਲ ਤੋਂ ਬਾਅਦ ਵੀ ਪੁਲੀਸ ਵੱਲੋਂ ਮਾਮਲੇ ਨਾਲ ਸਬੰਧਤ ਅਧਿਕਾਰੀ ਜਾਂ ਜਾਂਚ ਅਧਿਕਾਰੀ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ।
ਹੁਣ ਦਿੱਲੀ ਪੁਲੀਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਅੱਗੇ ਵਧੇਗੀ। ਪੁਲੀਸ ਵੱਲੋਂ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਅਤੇ ਘਟਨਾ ਨਾਲ ਸਬੰਧਤ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।
