ਸੰਗਰੂਰ: ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਅਮਰੀਕਾ ਨਾਲ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ ਅਤੇ ਹੋਰ ਕਾਰਪੋਰੇਟ ਪੱਖੀ ਨੀਤੀਆਂ ਦੇ ਵਿਰੋਧ ਵਿੱਚ ਪੈਪਸੀਕੋ ਕੰਪਨੀ ਦੀ ਚੰਨੋ ਸਥਿਤ ਇਕਾਈ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਤੋਂ ਇਲਾਵਾ ਸਨਅਤੀ ਕਾਮਿਆਂ, ਪੈਪਸੀਕੋ ਦੇ ਰੈਗੂਲਰ ਤੇ ਠੇਕਾ ਕਾਮਿਆਂ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਪਟਿਆਲਾ ਦੇ ਜਨਰਲ ਸਕੱਤਰ ਸੁਖਮਿੰਦਰ ਸਿੰਘ ਬਾਰਨ, ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਸੁਦਾਗਰ ਸਿੰਘ ਘੁਢਾਣੀ ਕਲਾਂ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕੇ।
ਯੂਨੀਅਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਲਈ ‘ਖ਼ਤਰੇ ਦੀ ਘੰਟੀ’ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹੇ ਸਮਝੌਤਿਆਂ ਨਾਲ ਵੱਡੀਆਂ ਬਹੁ-ਕੌਮੀ ਕੰਪਨੀਆਂ ਨੂੰ ਫ਼ਾਇਦਾ ਹੋ ਸਕਦਾ ਹੈ, ਜਦਕਿ ਖੇਤੀਬਾੜੀ, ਛੋਟੇ ਕਾਰੋਬਾਰ ਅਤੇ ਮਜ਼ਦੂਰ ਵਰਗ ’ਤੇ ਇਸ ਦਾ ਮਾੜਾ ਪ੍ਰਭਾਵ ਪੈਣ ਦਾ ਖ਼ਦਸ਼ਾ ਹੈ।
ਆਗੂਆਂ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਤੋਂ ਇਲਾਵਾ ਲੈਂਡ ਪੂਲਿੰਗ ਨੀਤੀ, ਬਿਜਲੀ ਬਿੱਲ, ਬੀਜ ਬਿੱਲ, ਕਿਰਤ ਕੋਡ ਅਤੇ ਵੀਬੀਜੀ ਰਾਮ ਜੀ ਨਾਲ ਸਬੰਧਤ ਕਾਨੂੰਨ ਰੱਦ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਬਜਾਏ ਕਾਰਪੋਰੇਟ ਅਦਾਰਿਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਹਨ।
ਪੈਪਸੀਕੋ ਵਰਗੀਆਂ ਬਹੁ-ਕੌਮੀ ਕੰਪਨੀਆਂ ਬਾਰੇ ਬੋਲਦਿਆਂ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਇਹ ਕੰਪਨੀਆਂ ਪੰਜਾਬ ਦੇ ਪਾਣੀ, ਜ਼ਮੀਨ ਅਤੇ ਕਿਰਤ ਸ਼ਕਤੀ ਦੀ ਵਰਤੋਂ ਕਰ ਰਹੀਆਂ ਹਨ, ਪਰ ਇਸ ਦੇ ਮੁਕਾਬਲੇ ਸਥਾਨਕ ਲੋਕਾਂ ਨੂੰ ਲੋੜੀਂਦੇ ਰੁਜ਼ਗਾਰ ਦੇ ਮੌਕੇ ਨਹੀਂ ਮਿਲ ਰਹੇ। ਉਨ੍ਹਾਂ ਚੰਨੋ ਸਥਿਤ ਪੈਪਸੀਕੋ ਫੈਕਟਰੀ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਇਸ ਕਾਰਨ ਇਲਾਕੇ ਵਿੱਚ ਜ਼ਮੀਨਦੋਜ਼ ਪਾਣੀ ਦਾ ਪੱਧਰ ਹੇਠਾਂ ਜਾਣ ਅਤੇ ਜਲ ਪ੍ਰਦੂਸ਼ਣ ਵਧਣ ਦੀ ਸਮੱਸਿਆ ਪੈਦਾ ਹੋ ਰਹੀ ਹੈ।
ਜੋਗਿੰਦਰ ਸਿੰਘ ਉਗਰਾਹਾਂ ਨੇ ਧਰਨੇ ਦੌਰਾਨ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ 30 ਅਗਸਤ ਤੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤਾ ਰੱਦ ਨਾ ਕੀਤਾ ਅਤੇ ਕਾਰਪੋਰੇਟ ਪੱਖੀ ਨੀਤੀਆਂ ਵਾਪਸ ਨਾ ਲਈਆਂ ਤਾਂ ਜਥੇਬੰਦੀ ਵੱਲੋਂ ਦੇਸ਼ ਪੱਧਰੀ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਧਰਨੇ ਦੌਰਾਨ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਵੀ ਆਪਣੇ ਵਿਚਾਰ ਰੱਖੇ। ਇਨ੍ਹਾਂ ਵਿੱਚ ਦਰਬਾਰਾ ਸਿੰਘ ਛਾਜਲਾ, ਅਮਨਦੀਪ ਸਿੰਘ ਮਹਿਲਾਂ, ਜਗਦੀਪ ਸਿੰਘ ਛੰਨਾ, ਬਲਵਿੰਦਰ ਸਿੰਘ ਘਨੌੜ ਜੱਟਾਂ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਲੁਧਿਆਣਾ ਦੇ ਪ੍ਰਧਾਨ ਹਰਜਿੰਦਰ ਸਿੰਘ, ਪੈਪਸੀਕੋ ਕੰਟਰੈਕਟ ਵਰਕਰਜ਼ ਯੂਨੀਅਨ ਦੇ ਕਸ਼ਮੀਰ ਸਿੰਘ ਬਾਲਦ ਕਲਾਂ, ਟੌਲ ਪਲਾਜ਼ਾ ਯੂਨੀਅਨ ਦੇ ਦਵਿੰਦਰ ਸਿੰਘ ਭੱਟੀ, ਪੈਪਸੀਕੋ ਰੈਗੂਲਰ ਯੂਨੀਅਨ ਦੇ ਹਰਿੰਦਰ ਸਿੰਘ ਗੱਜੂਮਾਜਰਾ ਅਤੇ ਹਿੰਦੋਸਤਾਨ ਯੂਨੀਲੀਵਰ ਐਂਪਲਾਇਜ਼ ਯੂਨੀਅਨ ਰਾਜਪੁਰਾ ਦੇ ਮੋਹਨ ਸਿੰਘ ਸ਼ਾਮਲ ਸਨ।
ਇਸ ਤੋਂ ਇਲਾਵਾ ਮਹਿਲਾ ਆਗੂ ਗੁਰਮੇਲ ਕੌਰ ਦੁੱਲਮਾਂ, ਕਰਮਜੀਤ ਕੌਰ ਭਿੰਡਰਾਂ ਅਤੇ ਮਨਦੀਪ ਕੌਰ ਬਾਰਨ ਨੇ ਵੀ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨਾਲ ਜੁੜੇ ਮੁੱਦੇ ਉਠਾਏ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।




