ਸਾਬਕਾ ਸੰਸਦ ਮੈਂਬਰ ਦਾ ਦਾਅਵਾ—ਧਿਆਨ ਦਿਵਾਊ ਪ੍ਰਸਤਾਵ ਤੋਂ ਬਾਅਦ ਤਤਕਾਲੀ ਗ੍ਰਹਿ ਮੰਤਰੀ ਨੂੰ 15 ਦਿਨਾਂ ਵਿੱਚ ਕਾਰਵਾਈ ਦਾ ਐਲਾਨ ਕਰਨਾ ਪਿਆ
ਨਵੰਬਰ 1984 ਦੇ ਸਿੱਖ ਕਤਲੇਆਮ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਦਿੱਲੀ ਦੀ ਜੇਲ੍ਹ ਵਿੱਚ ਮੌਤ ਤੋਂ ਬਾਅਦ ਸਾਬਕਾ ਰਾਜ ਸਭਾ ਮੈਂਬਰ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਖ਼ਿਲਾਫ਼ ਕੇਸ ਦਰਜ ਕਰਨ ਦੀ ਪ੍ਰਕਿਰਿਆ 2009 ਵਿੱਚ ਰਾਜ ਸਭਾ ਵਿੱਚ ਉਨ੍ਹਾਂ ਵੱਲੋਂ ਉਠਾਏ ਗਏ ਮੁੱਦੇ ਤੋਂ ਬਾਅਦ ਅੱਗੇ ਵਧੀ ਸੀ।
ਤਰਲੋਚਨ ਸਿੰਘ ਮੁਤਾਬਕ 1984 ਵਿੱਚ ਵਾਪਰੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਸੱਜਣ ਕੁਮਾਰ ਖ਼ਿਲਾਫ਼ ਪੁਲੀਸ ਵੱਲੋਂ ਅਪਰਾਧਿਕ ਮਾਮਲਾ ਕਾਫ਼ੀ ਦੇਰ ਬਾਅਦ ਦਰਜ ਹੋ ਸਕਿਆ। ਉਨ੍ਹਾਂ ਦੱਸਿਆ ਕਿ ਸੰਸਦ ਮੈਂਬਰ ਰਹਿੰਦਿਆਂ ਉਨ੍ਹਾਂ ਨੇ ਇਸ ਮਾਮਲੇ ’ਤੇ ਧਿਆਨ ਦਿਵਾਊ ਪ੍ਰਸਤਾਵ ਪੇਸ਼ ਕੀਤਾ ਸੀ, ਜਿਸ ’ਤੇ 14 ਦਸੰਬਰ 2009 ਨੂੰ ਰਾਜ ਸਭਾ ਵਿੱਚ ਲੰਬੀ ਬਹਿਸ ਹੋਈ।
ਉਨ੍ਹਾਂ ਅਨੁਸਾਰ ਦਿਨ ਭਰ ਚੱਲੀ ਬਹਿਸ ਤੋਂ ਬਾਅਦ ਤਤਕਾਲੀ ਕੇਂਦਰੀ ਗ੍ਰਹਿ ਮੰਤਰੀ ਪੀ. ਚਿਦੰਬਰਮ ਨੂੰ ਸੱਜਣ ਕੁਮਾਰ ਖ਼ਿਲਾਫ਼ 15 ਦਿਨਾਂ ਦੇ ਅੰਦਰ ਕੇਸ ਦਰਜ ਕਰਨ ਦਾ ਐਲਾਨ ਕਰਨਾ ਪਿਆ। ਤਰਲੋਚਨ ਸਿੰਘ ਨੇ ਕਿਹਾ ਕਿ ਇਸ ਤੋਂ ਬਾਅਦ ਜਨਵਰੀ 2011 ਵਿੱਚ ਸੱਜਣ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਅਤੇ ਲਗਭਗ ਸੱਤ ਸਾਲ ਬਾਅਦ ਅਦਾਲਤ ਨੇ ਉਸ ਨੂੰ ਇਸ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ।
ਤਰਲੋਚਨ ਸਿੰਘ ਨੇ ਕਿਹਾ ਕਿ 2009 ਵਿੱਚ ਰਾਜ ਸਭਾ ਵਿੱਚ ਹੋਈ ਬਹਿਸ ਕਾਰਨ 1984 ਦੇ ਕਤਲੇਆਮ ਤੋਂ 27 ਸਾਲ ਬਾਅਦ ਸੱਜਣ ਕੁਮਾਰ ਖ਼ਿਲਾਫ਼ ਮੁਕੱਦਮਾ ਚਲਾਉਣ ਦਾ ਰਾਹ ਖੁੱਲ੍ਹਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਸੰਸਦ ਵਿੱਚ ਉਠਾਉਣਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਸੀ।
ਜ਼ਿਕਰਯੋਗ ਹੈ ਕਿ 1984 ਵਿੱਚ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਸਿੱਖਾਂ ਵਿਰੁੱਧ ਹਿੰਸਾ ਹੋਈ ਸੀ। ਇਸ ਮਾਮਲੇ ਵਿੱਚ ਕਈ ਕਾਂਗਰਸੀ ਆਗੂਆਂ ਦੇ ਨਾਮ ਸਾਹਮਣੇ ਆਏ ਸਨ ਅਤੇ ਸੱਜਣ ਕੁਮਾਰ ਵੀ ਉਨ੍ਹਾਂ ਵਿੱਚੋਂ ਇੱਕ ਸੀ। ਉਹ ਦਿੱਲੀ ਦੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ, ਜਿੱਥੇ ਉਸ ਦੀ ਮੌਤ ਹੋ ਗਈ।
ਦੀਪੇਂਦਰ ਹੁੱਡਾ ਦੇ ਬਿਆਨ ’ਤੇ ਧਾਲੀਵਾਲ ਨੇ ਜਤਾਇਆ ਇਤਰਾਜ਼
ਇਸ ਦੌਰਾਨ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਦੇ ਇੱਕ ਕਥਿਤ ਬਿਆਨ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਧਾਲੀਵਾਲ ਨੇ ਦੋਸ਼ ਲਗਾਇਆ ਕਿ ਦੀਪੇਂਦਰ ਹੁੱਡਾ ਨੇ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਅਤੇ ਚੰਗਾ ਇਨਸਾਨ ਦੱਸਿਆ ਹੈ।
ਧਾਲੀਵਾਲ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਤੋਂ ਮੰਗ ਕੀਤੀ ਕਿ ਦੀਪੇਂਦਰ ਹੁੱਡਾ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਬਰਖ਼ਾਸਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਵਿਅਕਤੀ ਬਾਰੇ ਅਜਿਹੀ ਟਿੱਪਣੀ ਪੀੜਤ ਪਰਿਵਾਰਾਂ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀ ਹੈ। ਧਾਲੀਵਾਲ ਨੇ ਕਾਂਗਰਸ ਹਾਈਕਮਾਂਡ ਤੋਂ ਇਸ ਮਾਮਲੇ ’ਤੇ ਸਪੱਸ਼ਟ ਰੁਖ਼ ਅਪਣਾਉਣ ਦੀ ਮੰਗ ਕੀਤੀ ਹੈ।




