ਮੁੱਖ ਮੰਤਰੀ ਦੇ ਜੱਦੀ ਪਿੰਡ ਵੱਲ ਵਧ ਰਹੇ ਮੁਲਾਜ਼ਮਾਂ ਨੇ ਤੋੜੇ ਦੋ ਨਾਕੇ; ਕਈ ਜ਼ਖ਼ਮੀ, 15 ਹਿਰਾਸਤ ’ਚ; 27 ਅਗਸਤ ਨੂੰ ਸਰਕਾਰ ਨਾਲ ਮੀਟਿੰਗ ਤੈਅ
ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਸੱਦੇ ’ਤੇ ਪੰਜਾਬ ਭਰ ਤੋਂ ਇਕੱਠੇ ਹੋਏ ਸੈਂਕੜੇ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵੱਲ ਰੋਸ ਮਾਰਚ ਕੀਤਾ। ਇਸ ਦੌਰਾਨ ਮੁਲਾਜ਼ਮਾਂ ਅਤੇ ਪੁਲੀਸ ਵਿਚਾਲੇ ਕਈ ਥਾਵਾਂ ’ਤੇ ਖਿੱਚ-ਧੂਹ ਹੋਈ ਅਤੇ ਹਾਲਾਤ ਤਣਾਅਪੂਰਨ ਬਣ ਗਏ।
ਮੁਲਾਜ਼ਮਾਂ ਨੂੰ ਸਤੌਜ ਪਹੁੰਚਣ ਤੋਂ ਰੋਕਣ ਲਈ ਪੁਲੀਸ ਅਤੇ ਪ੍ਰਸ਼ਾਸਨ ਵੱਲੋਂ ਤੋਲਾਵਾਲ ਤੋਂ ਸਤੌਜ ਤੱਕ ਤਿੰਨ ਥਾਵਾਂ ’ਤੇ ਬੈਰੀਕੇਡ ਲਗਾ ਕੇ ਸਖ਼ਤ ਨਾਕੇਬੰਦੀ ਕੀਤੀ ਗਈ ਸੀ। ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਦੋ ਨਾਕੇ ਪਾਰ ਕਰ ਲਏ ਅਤੇ ਖੇਤਾਂ ਰਾਹੀਂ ਅੱਗੇ ਵਧਦੇ ਹੋਏ ਪਿੰਡ ਦੇ ਨੇੜੇ ਪਹੁੰਚ ਗਏ।
ਤੀਜੇ ਨਾਕੇ ’ਤੇ ਪੁਲੀਸ ਨੇ ਮੁਲਾਜ਼ਮਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ। ਇਸ ਕਾਰਵਾਈ ਦੌਰਾਨ ਕਈ ਮੁਲਾਜ਼ਮਾਂ ਦੀਆਂ ਪੱਗਾਂ ਲੱਥ ਗਈਆਂ ਅਤੇ ਕਈ ਲੋਕ ਜ਼ਖ਼ਮੀ ਹੋ ਗਏ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਤੋਂ ਰੋਕਣ ਲਈ ਸਖ਼ਤ ਬਲ ਦੀ ਵਰਤੋਂ ਕੀਤੀ ਗਈ।
ਪੁਲੀਸ ਰੋਕਾਂ ਦੇ ਬਾਵਜੂਦ ਕਈ ਮੁਲਾਜ਼ਮ ਪਿੰਡ ਸਤੌਜ ਦੇ ਨੇੜੇ ਤੱਕ ਪਹੁੰਚਣ ਵਿੱਚ ਕਾਮਯਾਬ ਰਹੇ, ਜਦਕਿ ਕੁਝ ਪ੍ਰਦਰਸ਼ਨਕਾਰੀ ਪਿੰਡ ਦੇ ਅੰਦਰ ਵੀ ਦਾਖਲ ਹੋ ਗਏ। ਇਸ ਦੌਰਾਨ ਪੁਲੀਸ ਨੇ ਕਰੀਬ 15 ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਧਰਮਗੜ੍ਹ ਥਾਣੇ ਲਿਜਾਇਆ।
ਇਸ ਤੋਂ ਪਹਿਲਾਂ ਤੋਲਾਵਾਲ ਪਿੰਡ ਵਿੱਚ ਇਕ ਵੱਡੀ ਰੋਸ ਰੈਲੀ ਕੀਤੀ ਗਈ, ਜਿਸ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਆਗੂਆਂ ਨੇ ਸਰਕਾਰ ਖ਼ਿਲਾਫ਼ ਤਿੱਖੇ ਸੁਰ ਅਖਤਿਆਰ ਕੀਤੇ। ਰੈਲੀ ਨੂੰ ਸੰਬੋਧਨ ਕਰਦਿਆਂ ਮੰਚ ਦੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ, ਸੁਖਜੀਤ ਸਿੰਘ ਡਿੰਪੀ ਅਤੇ ਗੁਰਜੰਟ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਸਨ, ਜਿਨ੍ਹਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਵੀ ਸ਼ਾਮਲ ਸੀ, ਪਰ ਹੁਣ ਤੱਕ ਕੋਈ ਵੀ ਵੱਡਾ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਂਦਰੀ ਤਨਖਾਹ ਸਕੇਲਾਂ ਦੇ ਮੁਕਾਬਲੇ ਘੱਟ ਤਨਖਾਹ ਮਿਲ ਰਹੀ ਹੈ ਅਤੇ ਨਵੀਆਂ ਭਰਤੀਆਂ ਵਾਲੇ ਮੁਲਾਜ਼ਮਾਂ ਨੂੰ ਤਿੰਨ ਸਾਲਾਂ ਦੀ ਪਰਖ ਕਾਲ ਵਿੱਚ ਰੱਖ ਕੇ ਆਰਥਿਕ ਤੌਰ ’ਤੇ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਰਕਾਰ ਆਪਣੇ ਪ੍ਰਚਾਰ ’ਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ, ਜਦਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤਾ ਜਾਰੀ ਕਰਨ, ਪਰਖ ਕਾਲ ਖਤਮ ਕਰਨ ਅਤੇ ਕੇਂਦਰੀ ਤਨਖਾਹ ਸਕੇਲਾਂ ਨਾਲ ਸਬੰਧਤ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਰੋਸ ਮਾਰਚ ਦੌਰਾਨ ਕਈ ਵਾਰ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਹੋਈ, ਜਿਸ ਕਾਰਨ ਮਾਹੌਲ ਲੰਬੇ ਸਮੇਂ ਤੱਕ ਗਰਮਾਇਆ ਰਿਹਾ।
ਹਾਲਾਤ ਉਸ ਵੇਲੇ ਸ਼ਾਂਤ ਹੋਏ ਜਦੋਂ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਮੁਲਾਜ਼ਮ ਆਗੂਆਂ ਨਾਲ ਗੱਲਬਾਤ ਕਰਕੇ 27 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੈਅ ਕਰਵਾਈ ਗਈ। ਇਸ ਭਰੋਸੇ ਤੋਂ ਬਾਅਦ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਆਪਣਾ ਰੋਸ ਮਾਰਚ ਸਮਾਪਤ ਕੀਤਾ ਅਤੇ ਅਗਲੀ ਰਣਨੀਤੀ ਮੀਟਿੰਗ ਦੇ ਨਤੀਜਿਆਂ ਦੇ ਆਧਾਰ ’ਤੇ ਤੈਅ ਕਰਨ ਦਾ ਐਲਾਨ ਕੀਤਾ।




