ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਲੋਕ ਮਿਲਣੀ’ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਵਿਰੋਧੀ ਧਿਰਾਂ ਦੇ ਪ੍ਰਭਾਵ ਵਾਲੇ ਹਲਕਿਆਂ ਤੋਂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ਦੇ ਨਾਲ ਪੰਜਾਬ ਦੀ ਸਿਆਸਤ ਵਿੱਚ ਵੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰਾਂ ਦੇ ਵੱਡੇ ਆਗੂਆਂ ਦੇ ਸਿਆਸੀ ਪ੍ਰਭਾਵ ਵਾਲੇ ਖੇਤਰਾਂ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਲਈ ਰਣਨੀਤੀ ਬਣਾਈ ਜਾ ਰਹੀ ਹੈ।
ਇਸੇ ਰਣਨੀਤੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵੱਖ-ਵੱਖ ਹਲਕਿਆਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਕਰਨ ਲਈ ‘ਲੋਕ ਮਿਲਣੀ’ ਪ੍ਰੋਗਰਾਮ ਮੁੜ ਸ਼ੁਰੂ ਕੀਤੇ ਜਾ ਰਹੇ ਹਨ। ਸੂਤਰਾਂ ਮੁਤਾਬਕ ਦੂਜੇ ਪੜਾਅ ਵਿੱਚ ਉਨ੍ਹਾਂ ਵੱਲੋਂ ਵੱਡੇ ਸਿਆਸੀ ਆਗੂਆਂ ਦੇ ਪਰਿਵਾਰਕ ਜਾਂ ਪੁਰਖਿਆਂ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਮੁਲਾਕਾਤ ਕਰਨ ਦੀ ਯੋਜਨਾ ਵੀ ਬਣਾਈ ਜਾ ਰਹੀ ਹੈ।
26 ਅਗਸਤ ਨੂੰ ਮਜੀਠਾ ’ਚ ਲੋਕ ਮਿਲਣੀ
ਵੇਰਵਿਆਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ 26 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਪਰਿਵਾਰਕ ਹਲਕੇ ਮਜੀਠਾ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਕਰਨਗੇ। ਇਸ ਦੌਰਾਨ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਸਥਾਨਕ ਮੁੱਦਿਆਂ ’ਤੇ ਵੀ ਗੱਲਬਾਤ ਕਰਨਗੇ।
ਇਸ ਤੋਂ ਬਾਅਦ 27 ਅਗਸਤ ਨੂੰ ਕਰਤਾਰਪੁਰ ਹਲਕੇ ਵਿੱਚ ਲੋਕ ਮਿਲਣੀ ਪ੍ਰੋਗਰਾਮ ਰੱਖੇ ਜਾਣ ਦੀ ਜਾਣਕਾਰੀ ਹੈ। 28 ਅਗਸਤ ਨੂੰ ਮੁਹਾਲੀ ਜਾਂ ਖਰੜ ਹਲਕੇ ਵਿੱਚ ਵੀ ਮੁੱਖ ਮੰਤਰੀ ਦਾ ਲੋਕ ਮਿਲਣੀ ਪ੍ਰੋਗਰਾਮ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।
ਬਾਦਲ ਪਰਿਵਾਰ ਦੇ ਪਿੰਡ ਘੁੱਦਾ ’ਚ ਵੀ ਪ੍ਰੋਗਰਾਮ ਦੀ ਤਿਆਰੀ
ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਦਿਹਾਤੀ ਹਲਕੇ ਵਿੱਚ ਪੈਂਦੇ ਪਿੰਡ ਘੁੱਦਾ ਵਿੱਚ ਵੀ ‘ਲੋਕ ਮਿਲਣੀ’ ਪ੍ਰੋਗਰਾਮ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ। ਘੁੱਦਾ ਨੂੰ ਬਾਦਲ ਪਰਿਵਾਰ ਦੇ ਪੁਰਖਿਆਂ ਦੇ ਪਿੰਡ ਵਜੋਂ ਜਾਣਿਆ ਜਾਂਦਾ ਹੈ।
ਆਮ ਆਦਮੀ ਪਾਰਟੀ ਵੱਲੋਂ ਕੁਝ ਸਮਾਂ ਪਹਿਲਾਂ ਬਠਿੰਡਾ ਦਿਹਾਤੀ ਹਲਕੇ ਦੀ ਜ਼ਿੰਮੇਵਾਰੀ ਸਾਬਕਾ ਪੀ.ਸੀ.ਐੱਸ. ਅਧਿਕਾਰੀ ਗੋਪਾਲ ਸਿੰਘ ਨੂੰ ਹਲਕਾ ਇੰਚਾਰਜ ਵਜੋਂ ਸੌਂਪੀ ਗਈ ਹੈ। ਇਸ ਕਰਕੇ ਇਸ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਵੀ ਤੇਜ਼ ਹੋਣ ਦੀ ਉਮੀਦ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਦੇ ਪਿੰਡ ਮਹਿਰਾਜ ’ਤੇ ਵੀ ਨਜ਼ਰ
ਇਸੇ ਤਰ੍ਹਾਂ ਰਾਮਪੁਰਾ ਫੂਲ ਹਲਕੇ ਵਿੱਚ ਪੈਂਦੇ ਪਿੰਡ ਮਹਿਰਾਜ ਵਿੱਚ ਵੀ ਮੁੱਖ ਮੰਤਰੀ ਵੱਲੋਂ ਲੋਕ ਮਿਲਣੀ ਕਰਨ ਦੀ ਵਿਉਂਤ ਬਣਾਈ ਜਾ ਰਹੀ ਹੈ। ਮਹਿਰਾਜ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਦੇ ਪਿੰਡ ਵਜੋਂ ਜਾਣਿਆ ਜਾਂਦਾ ਹੈ।
ਮਹਿਰਾਜ ਰਾਮਪੁਰਾ ਫੂਲ ਹਲਕੇ ਦਾ ਸਭ ਤੋਂ ਵੱਡਾ ਪਿੰਡ ਹੈ ਅਤੇ ਸਥਾਨਕ ਸਿਆਸਤ ਵਿੱਚ ਇਸ ਦੀ ਅਹਿਮ ਭੂਮਿਕਾ ਮੰਨੀ ਜਾਂਦੀ ਹੈ। ਹਲਕੇ ਦੀ ਚੋਣੀ ਸਿਆਸਤ ਵਿੱਚ ਪਿੰਡ ਦੀ ਵੋਟ ਰਾਜਨੀਤਿਕ ਤੌਰ ’ਤੇ ਮਹੱਤਵਪੂਰਨ ਮੰਨੀ ਜਾਂਦੀ ਹੈ।
ਵਿਰੋਧੀ ਆਗੂਆਂ ਦੇ ਗੜ੍ਹਾਂ ’ਚ ਜਾ ਕੇ ਸਿਆਸੀ ਸੁਨੇਹਾ ਦੇਣ ਦੀ ਕੋਸ਼ਿਸ਼
ਸਿਆਸੀ ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਵੱਡੇ ਸਿਆਸੀ ਆਗੂਆਂ ਦੇ ਪਿੰਡਾਂ ਅਤੇ ਪ੍ਰਭਾਵ ਵਾਲੇ ਖੇਤਰਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦੇ ਨਾਲ ਇੱਕ ਸਿਆਸੀ ਸੁਨੇਹਾ ਵੀ ਦੇਣਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਵੱਲੋਂ ਇਸ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਮੁੱਖ ਮੰਤਰੀ ਦੇ ‘ਲੋਕ ਮਿਲਣੀ’ ਪ੍ਰੋਗਰਾਮ ਰੁਕੇ ਹੋਏ ਸਨ। ਮੌਨਸੂਨ ਅਤੇ ਮੌਸਮ ਨਾਲ ਸਬੰਧਤ ਕਾਰਨਾਂ ਕਰਕੇ ਆਮ ਆਦਮੀ ਪਾਰਟੀ ਨੇ ਇਹ ਪ੍ਰੋਗਰਾਮ ਕੁਝ ਸਮੇਂ ਲਈ ਮੁਲਤਵੀ ਕਰ ਦਿੱਤੇ ਸਨ। ਹੁਣ ਦੂਜੇ ਪੜਾਅ ਤਹਿਤ 26 ਅਗਸਤ ਤੋਂ ਮੁੜ ‘ਲੋਕ ਮਿਲਣੀ’ ਪ੍ਰੋਗਰਾਮ ਸ਼ੁਰੂ ਕੀਤੇ ਜਾਣ ਦੀ ਤਿਆਰੀ ਹੈ।




