ਡਿਊਟੀ ਤੋਂ ਬਿਨਾਂ ਮਨਜ਼ੂਰੀ ਗੈਰਹਾਜ਼ਰ ਰਹਿਣ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਸੰਕੇਤ; ਮੁੱਖ ਮੰਤਰੀ ਮਾਨ ਨੇ ਮੁਲਾਜ਼ਮਾਂ ਨਾਲ ਮੀਟਿੰਗ ਨਹੀਂ ਕੀਤੀ, ਦੋਵਾਂ ਧਿਰਾਂ ਵਿਚਾਲੇ ਟਕਰਾਅ ਵਧਣ ਦੇ ਆਸਾਰ
ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਰੁਖ਼ ਹੋਰ ਸਖ਼ਤ ਕਰ ਲਿਆ ਹੈ। ਸੂਬੇ ਵਿੱਚ ਹੜਤਾਲ ਦੌਰਾਨ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀਆਂ ਸੂਚੀਆਂ ਸਰਕਾਰ ਵੱਲੋਂ ਤਲਬ ਕੀਤੀਆਂ ਗਈਆਂ ਹਨ। ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗੀ ਮੁਖੀਆਂ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦਾ ਰਿਕਾਰਡ ਮੰਗਿਆ ਗਿਆ ਹੈ। ਸਰਕਾਰ ਵੱਲੋਂ ਅਜਿਹੇ ਮੁਲਾਜ਼ਮਾਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੇ ਜਾਣ ਦੇ ਸੰਕੇਤ ਦਿੱਤੇ ਗਏ ਹਨ।
ਸਰਕਾਰ ਦਾ ਤਰਕ ਹੈ ਕਿ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਹੋਇਆ ਅਤੇ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਅਤੇ ਸਰਕਾਰੀ ਕੰਮਕਾਜ ਵਿੱਚ ਪੈਦਾ ਹੋਏ ਵਿਘਨ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਹੁਣ ਹੜਤਾਲ ਵਿੱਚ ਸ਼ਾਮਲ ਹੋਏ ਮੁਲਾਜ਼ਮਾਂ ਦੀ ਹਾਜ਼ਰੀ ਅਤੇ ਗੈਰਹਾਜ਼ਰੀ ਦਾ ਰਿਕਾਰਡ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ।
ਮੁੱਖ ਮੰਤਰੀ ਨਾਲ ਮੀਟਿੰਗ ਨਾ ਹੋਣ ਕਾਰਨ ਮੁਲਾਜ਼ਮ ਨਾਰਾਜ਼
ਇਸ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜਤਾਲ ਖ਼ਤਮ ਕਰਕੇ ਗੱਲਬਾਤ ਕਰਨ ਸਬੰਧੀ ਸੁਨੇਹਾ ਦਿੱਤੇ ਜਾਣ ਤੋਂ ਬਾਅਦ ਮੁਲਾਜ਼ਮ ਆਗੂ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਸਨ। ਹਾਲਾਂਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਮਿਲਣ ਲਈ ਸਮਾਂ ਨਾ ਦਿੱਤੇ ਜਾਣ ਕਾਰਨ ਮੁਲਾਜ਼ਮ ਆਗੂਆਂ ਵਿੱਚ ਰੋਸ ਪੈਦਾ ਹੋ ਗਿਆ।
ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਆਪਣੇ ਬਣਦੇ ਹੱਕਾਂ ਦੀ ਮੰਗ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਗੱਲਬਾਤ ਦਾ ਰਾਹ ਅਪਣਾਉਣਾ ਚਾਹੀਦਾ ਹੈ। ਮੁਲਾਜ਼ਮਾਂ ਨੇ ਇਹ ਵੀ ਦਲੀਲ ਦਿੱਤੀ ਕਿ ਅਦਾਲਤ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਫ਼ੈਸਲੇ ਆਉਣ ਦੇ ਬਾਵਜੂਦ ਉਨ੍ਹਾਂ ਨਾਲ ਮੁਲਾਜ਼ਮ ਪੱਖੀ ਢੰਗ ਨਾਲ ਗੱਲਬਾਤ ਨਹੀਂ ਕੀਤੀ ਜਾ ਰਹੀ।
CM ਮਾਨ ਪਹਿਲਾਂ ਹੀ ਦੇ ਚੁੱਕੇ ਸਨ ਸਖ਼ਤ ਸੰਦੇਸ਼
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਵਿੱਚ ਹੜਤਾਲ ’ਤੇ ਗਏ ਮੁਲਾਜ਼ਮਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਸੀ ਕਿ ਹੜਤਾਲ ਅਤੇ ਗੱਲਬਾਤ ਇੱਕੋ ਸਮੇਂ ਨਹੀਂ ਚੱਲ ਸਕਦੀਆਂ। ਆਪਣੇ ਐਕਸ ਅਕਾਊਂਟ ’ਤੇ ਜਾਰੀ ਕੀਤੇ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਮੁਲਾਜ਼ਮ ਸਰਕਾਰ ਦੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਸਰਕਾਰ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹੈ।
ਮੁੱਖ ਮੰਤਰੀ ਨੇ ਕਿਹਾ ਸੀ ਕਿ ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਹੜਤਾਲ ਖ਼ਤਮ ਕਰਕੇ ਗੱਲਬਾਤ ਦੀ ਮੇਜ਼ ’ਤੇ ਆਉਣ ਦਾ ਸੰਕੇਤ ਦਿੱਤਾ ਸੀ।
ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਰਿਹਾ ਪ੍ਰਭਾਵਿਤ
ਦੂਜੇ ਪਾਸੇ ਪੰਜਾਬ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਅਤੇ ਫਰੰਟ ਦੇ ਸੱਦੇ ’ਤੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ। ਕਈ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਬੰਦ ਰਿਹਾ ਅਤੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਮੁਲਾਜ਼ਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਰੋਸ ਰੈਲੀਆਂ ਵੀ ਕੀਤੀਆਂ ਗਈਆਂ। ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਸਰਕਾਰ ਵੱਲੋਂ ਕੋਈ ਠੋਸ ਹੱਲ ਨਹੀਂ ਕੱਢਿਆ ਜਾਂਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾ ਸਕਦਾ ਹੈ।
ਪਰਸੋਨਲ ਵਿਭਾਗ ਦੇ ਹੁਕਮ ਨਾਲ ਸਰਕਾਰ ਦੇ ਰੁਖ਼ ਦੇ ਸੰਕੇਤ
ਸਰਕਾਰ ਦੇ ਸਖ਼ਤ ਰੁਖ਼ ਦਾ ਸੰਕੇਤ ਪਰਸੋਨਲ ਵਿਭਾਗ ਵੱਲੋਂ ਜਾਰੀ ਕੀਤੇ ਗਏ ਸਰਕਾਰੀ ਹੁਕਮ ਤੋਂ ਵੀ ਮਿਲਦਾ ਹੈ। ਇਸ ਪੱਤਰ ਵਿੱਚ ਸਰਕਾਰ ਨੂੰ ਮਿਲੀਆਂ ਸ਼ਿਕਾਇਤਾਂ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਹੈ ਕਿ ਮੁਲਾਜ਼ਮਾਂ ਦੀ ਦਫ਼ਤਰਾਂ ਵਿੱਚ ਗੈਰਹਾਜ਼ਰੀ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗੀ ਮੁਖੀਆਂ ਨੂੰ ਹੜਤਾਲ ਜਾਂ ਹੋਰ ਕਾਰਨਾਂ ਕਰਕੇ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀਆਂ ਸੂਚੀਆਂ ਤਿਆਰ ਕਰਨ ਲਈ ਕਿਹਾ ਹੈ। ਸਰਕਾਰ ਵੱਲੋਂ ਅੱਜ ਦਫ਼ਤਰੀ ਸਮਾਂ ਖ਼ਤਮ ਹੋਣ ਤੋਂ ਬਾਅਦ ਇਹ ਸੂਚੀਆਂ ਆਮ ਰਾਜ ਪ੍ਰਬੰਧ ਵਿਭਾਗ ਨੂੰ ਸੌਂਪਣ ਲਈ ਕਿਹਾ ਗਿਆ ਹੈ।
ਕਰੀਬ ਸਾਢੇ 7 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਜੁੜਿਆ ਮਾਮਲਾ
ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਗਿਣਤੀ ਕਰੀਬ ਸਾਢੇ 7 ਲੱਖ ਦੱਸੀ ਜਾ ਰਹੀ ਹੈ। ਇਸ ਲਈ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਚੱਲ ਰਿਹਾ ਵਿਵਾਦ ਸਿਆਸੀ ਅਤੇ ਪ੍ਰਸ਼ਾਸਨਿਕ ਦੋਵੇਂ ਪੱਖਾਂ ਤੋਂ ਮਹੱਤਵਪੂਰਨ ਬਣ ਗਿਆ ਹੈ।
ਸਰਕਾਰ ਦੇ ਤਾਜ਼ਾ ਕਦਮਾਂ ਨੂੰ ਦੇਖਦਿਆਂ ਆਉਣ ਵਾਲੇ ਦਿਨਾਂ ਵਿੱਚ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਟਕਰਾਅ ਹੋਰ ਵਧਣ ਦੇ ਆਸਾਰ ਹਨ। ਖ਼ਾਸ ਤੌਰ ’ਤੇ ਇਸ ਲਈ ਵੀ ਕਿ ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਹੁਣ ਦੂਰ ਨਹੀਂ ਹਨ ਅਤੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਜੁੜਿਆ ਇਹ ਮਸਲਾ ਸਰਕਾਰ ਲਈ ਸਿਆਸੀ ਤੌਰ ’ਤੇ ਵੀ ਅਹਿਮ ਬਣ ਸਕਦਾ ਹੈ।
2023 ਦੇ ਸਰਕਾਰੀ ਰੁਖ਼ ਨਾਲ ਕੀਤੀ ਜਾ ਰਹੀ ਤੁਲਨਾ
ਮੌਜੂਦਾ ਹਾਲਾਤ ਦੀ ਤੁਲਨਾ ਸਾਲ 2023 ਵਿੱਚ ਬਣੀ ਸਥਿਤੀ ਨਾਲ ਵੀ ਕੀਤੀ ਜਾ ਰਹੀ ਹੈ। ਉਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੇ ਸ਼ੁਰੂਆਤੀ ਦੌਰ ਵਿੱਚ ਪੀ.ਸੀ.ਐੱਸ. ਅਧਿਕਾਰੀਆਂ ਨੇ ਵਿਜੀਲੈਂਸ ਬਿਊਰੋ ਦੀ ਇੱਕ ਕਾਰਵਾਈ ਦੇ ਵਿਰੋਧ ਵਿੱਚ ਸਮੂਹਿਕ ਛੁੱਟੀ ’ਤੇ ਜਾਣ ਦੀ ਚਿਤਾਵਨੀ ਦਿੱਤੀ ਸੀ। ਉਸ ਸਮੇਂ ਤਹਿਸੀਲਦਾਰਾਂ ਨੇ ਵੀ ਅਧਿਕਾਰੀਆਂ ਦੇ ਸਮਰਥਨ ਵਿੱਚ ਆਪਣਾ ਰੁਖ਼ ਸਪੱਸ਼ਟ ਕੀਤਾ ਸੀ।
ਉਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਰੁਖ਼ ਅਪਣਾਉਂਦਿਆਂ ਅਧਿਕਾਰੀਆਂ ਨੂੰ ਕੰਮ ’ਤੇ ਵਾਪਸ ਆਉਣ ਜਾਂ ਫਿਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਸੀ। ਸਰਕਾਰ ਦੇ ਇਸ ਰੁਖ਼ ਤੋਂ ਬਾਅਦ ਉਸ ਸਮੇਂ ਦਾ ਵਿਵਾਦ ਕਾਫ਼ੀ ਹੱਦ ਤੱਕ ਕਾਬੂ ਵਿੱਚ ਆ ਗਿਆ ਸੀ।
ਹਾਲਾਂਕਿ 2023 ਵਿੱਚ ਵਿਰੋਧ ਕਰਨ ਵਾਲੇ ਅਧਿਕਾਰੀਆਂ ਦੀ ਗਿਣਤੀ ਮੁਕਾਬਲਤਨ ਘੱਟ ਸੀ, ਜਦਕਿ ਮੌਜੂਦਾ ਸਮੇਂ ਵਿੱਚ ਹੜਤਾਲ ਨਾਲ ਜੁੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਗਿਣਤੀ ਕਾਫ਼ੀ ਵੱਡੀ ਹੈ। ਇਸ ਦੇ ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਦੋਵਾਂ ਲਈ ਇਹ ਮਾਮਲਾ ਵਕਾਰੀ ਬਣ ਗਿਆ ਹੈ। ਜੇਕਰ ਗੱਲਬਾਤ ਰਾਹੀਂ ਜਲਦੀ ਕੋਈ ਹੱਲ ਨਾ ਨਿਕਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਟਕਰਾਅ ਹੋਰ ਤਿੱਖਾ ਹੋ ਸਕਦਾ ਹੈ।
