ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਠੱਪ; ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਰੋਸ ਰੈਲੀਆਂ, ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ
ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਗਏ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਸੁਨੇਹਾ ਦਿੱਤਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ’ਤੇ ਗੱਲਬਾਤ ਕਰਨ ਲਈ ਤਿਆਰ ਹੈ, ਪਰ ਹੜਤਾਲ ਜਾਰੀ ਰਹਿਣ ਦੌਰਾਨ ਗੱਲਬਾਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪਹਿਲਾਂ ਹੜਤਾਲ ਖ਼ਤਮ ਕੀਤੀ ਜਾਵੇ ਅਤੇ ਇਸ ਤੋਂ ਬਾਅਦ ਹੀ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ’ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁਲਾਜ਼ਮ ਸਰਕਾਰ ਅਤੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਸਰਕਾਰ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇੱਕੋ ਸਮੇਂ ਨਹੀਂ ਚੱਲ ਸਕਦੇ।
ਮੁੱਖ ਮੰਤਰੀ ਨੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਜਦੋਂ ਮੁਲਾਜ਼ਮ ਹੜਤਾਲ ਖ਼ਤਮ ਕਰਨਗੇ, ਉਸ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ’ਤੇ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ’ਤੇ ਵਿਚਾਰ ਕਰਨ ਦਾ ਭਰੋਸਾ ਵੀ ਦਿੱਤਾ।
ਪੰਜਾਬ ਸਿਵਲ ਸਕੱਤਰੇਤ ਵਿੱਚ ਕੰਮਕਾਜ ਠੱਪ
ਦੂਜੇ ਪਾਸੇ ਪੰਜਾਬ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਅਤੇ ਫਰੰਟ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਮੁਕੰਮਲ ਤੌਰ ’ਤੇ ਬੰਦ ਰੱਖਿਆ ਗਿਆ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਖ-ਵੱਖ ਦਫ਼ਤਰਾਂ ਵਿੱਚ ਰੋਸ ਰੈਲੀਆਂ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਪੰਜਾਬ ਸਿਵਲ ਸਕੱਤਰੇਤ ਵਿੱਚ ਵੀ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੰਤਰੀਆਂ ਦਾ ਸਮੁੱਚਾ ਸਟਾਫ ਵੀ ਰੈਲੀ ਵਿੱਚ ਸ਼ਾਮਲ ਹੋਇਆ। ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਆਪਣੇ ਰੋਸ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ।
ਚੰਡੀਗੜ੍ਹ ਦੇ ਸੈਕਟਰ-17 ਵਿੱਚ ਪੁਲ ਦੇ ਹੇਠਾਂ ਵੱਖ-ਵੱਖ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ ਕੀਤੀਆਂ ਗਈਆਂ। ਇਸੇ ਤਰ੍ਹਾਂ ਸੈਕਟਰ-17 ਸਥਿਤ ਉਦਯੋਗ ਭਵਨ ਵਿੱਚ ਪੀ.ਐੱਸ.ਆਈ.ਈ.ਸੀ. ਸਟਾਫ ਐਸੋਸੀਏਸ਼ਨ ਵੱਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ।
ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ
ਸਕੱਤਰੇਤ ਵਿੱਚ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸਰਕਾਰ ਨਾਲ ਗੱਲਬਾਤ ਦੀ ਕੋਸ਼ਿਸ਼ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਜੇਕਰ ਅੱਜ ਮੁੱਖ ਮੰਤਰੀ ਨਾਲ ਤਾਲਮੇਲ ਕਮੇਟੀ ਦੀ ਤੈਅ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਦਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਇਸ ਦਾ ਸਿਆਸੀ ਖ਼ਮਿਆਜ਼ਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰੱਖਣਗੇ।
ਮੀਟਿੰਗ ਲਈ ਮੁਲਾਜ਼ਮ ਆਗੂ ਜਲੰਧਰ ਪਹੁੰਚੇ
ਮੁੱਖ ਮੰਤਰੀ ਦਫ਼ਤਰ ਵੱਲੋਂ ਜਥੇਬੰਦੀਆਂ ਨਾਲ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ, ਸੁਸ਼ੀਲ ਕੁਮਾਰ ਫੌਜੀ ਅਤੇ ਸਾਹਿਲ ਸ਼ਰਮਾ ਵੀ ਸਿਵਲ ਸਕੱਤਰੇਤ ਚੰਡੀਗੜ੍ਹ ਤੋਂ ਜਲੰਧਰ ਪਹੁੰਚ ਗਏ ਹਨ।
ਹੁਣ ਸਭ ਦੀਆਂ ਨਜ਼ਰਾਂ ਮੁੱਖ ਮੰਤਰੀ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਹੋਣ ਵਾਲੀ ਮੀਟਿੰਗ ’ਤੇ ਟਿਕੀਆਂ ਹਨ। ਇੱਕ ਪਾਸੇ ਸਰਕਾਰ ਨੇ ਹੜਤਾਲ ਖ਼ਤਮ ਹੋਣ ਤੋਂ ਬਾਅਦ ਹੀ ਗੱਲਬਾਤ ਦੀ ਸ਼ਰਤ ਰੱਖੀ ਹੈ, ਜਦਕਿ ਦੂਜੇ ਪਾਸੇ ਮੁਲਾਜ਼ਮ ਜਥੇਬੰਦੀਆਂ ਆਪਣੀਆਂ ਮੰਗਾਂ ’ਤੇ ਠੋਸ ਫ਼ੈਸਲੇ ਦੀ ਮੰਗ ਕਰ ਰਹੀਆਂ ਹਨ। ਇਸ ਕਾਰਨ ਆਉਣ ਵਾਲੀ ਮੀਟਿੰਗ ਪੰਜਾਬ ਵਿੱਚ ਚੱਲ ਰਹੇ ਮੁਲਾਜ਼ਮ ਅੰਦੋਲਨ ਦੀ ਅਗਲੀ ਦਿਸ਼ਾ ਤੈਅ ਕਰਨ ਵਿੱਚ ਅਹਿਮ ਮੰਨੀ ਜਾ ਰਹੀ ਹੈ।




