ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦੇਸ਼ ਮੰਤਰਾਲੇ ਨੂੰ ਪਾਕਿਸਤਾਨ ਸਰਕਾਰ ਕੋਲ ਮਾਮਲਾ ਕੂਟਨੀਤਕ ਪੱਧਰ ’ਤੇ ਚੁੱਕਣ ਦੀ ਕੀਤੀ ਅਪੀਲ
ਅੰਮ੍ਰਿਤਸਰ: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਨੂੰ ਢਾਹ ਕੇ ਉੱਥੇ ਵਪਾਰਕ ਸ਼ਾਪਿੰਗ ਪਲਾਜ਼ਾ ਬਣਾਏ ਜਾਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਨੂੰ ਬੇਹੱਦ ਗੰਭੀਰ ਅਤੇ ਚਿੰਤਾਜਨਕ ਦੱਸਦਿਆਂ ਕਿਹਾ ਹੈ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਢਾਹ ਕੇ ਵਪਾਰਕ ਉਸਾਰੀ ਕਰਨਾ ਸਿੱਖ ਵਿਰਾਸਤ ਨਾਲ ਜੁੜੇ ਮਹੱਤਵਪੂਰਨ ਅਸਥਾਨ ’ਤੇ ਹਮਲਾ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਨੂੰ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਕੋਲ ਤੁਰੰਤ ਉਠਾਏ। ਉਨ੍ਹਾਂ ਕਿਹਾ ਕਿ ਇਤਿਹਾਸਕ ਗੁਰਦੁਆਰਾ ਸਾਹਿਬਾਨ ਸਿੱਖ ਕੌਮ ਲਈ ਬੇਹੱਦ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਰੱਖਦੇ ਹਨ ਅਤੇ ਇਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਕਈ ਇਤਿਹਾਸਕ ਗੁਰਦੁਆਰੇ ਮੌਜੂਦ ਹਨ। ਇਨ੍ਹਾਂ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਸਿੱਖ ਵਿਰਾਸਤ ਨਾਲ ਜੁੜੇ ਅਨੇਕਾਂ ਧਾਰਮਿਕ ਅਤੇ ਇਤਿਹਾਸਕ ਅਸਥਾਨ ਵੀ ਉੱਥੇ ਸਥਿਤ ਹਨ। ਉਨ੍ਹਾਂ ਕਿਹਾ ਕਿ ਇਹ ਅਸਥਾਨ ਸਿਰਫ਼ ਇੱਟਾਂ-ਪੱਥਰਾਂ ਨਾਲ ਬਣੀਆਂ ਇਮਾਰਤਾਂ ਨਹੀਂ ਹਨ, ਸਗੋਂ ਇਹ ਸਿੱਖ ਕੌਮ ਦੀ ਇਤਿਹਾਸਕ ਪਛਾਣ, ਧਾਰਮਿਕ ਆਸਥਾ ਅਤੇ ਵਿਰਾਸਤ ਦੇ ਮਹੱਤਵਪੂਰਨ ਪ੍ਰਤੀਕ ਹਨ।
ਉਨ੍ਹਾਂ ਕਿਹਾ ਕਿ ਕਿਸੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਢਾਹ ਕੇ ਉਸ ਦੀ ਥਾਂ ਵਪਾਰਕ ਉਸਾਰੀ ਕਰਨਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ। ਉਨ੍ਹਾਂ ਆਖਿਆ ਕਿ ਅਜਿਹੇ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਸਬੰਧਤ ਸਰਕਾਰਾਂ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ। ਉਨ੍ਹਾਂ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਇਮਾਰਤ ਨਾਲ ਸਬੰਧਤ ਚੱਲ ਰਹੀ ਉਸਾਰੀ ਨੂੰ ਤੁਰੰਤ ਰੋਕਿਆ ਜਾਵੇ ਅਤੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਸਿੱਖ ਕੌਮ ਦੇ ਹਵਾਲੇ ਕੀਤਾ ਜਾਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਘੱਟ-ਗਿਣਤੀ ਭਾਈਚਾਰਿਆਂ ਦੇ ਧਾਰਮਿਕ ਸਥਾਨਾਂ ਅਤੇ ਇਤਿਹਾਸਕ ਨਿਸ਼ਾਨੀਆਂ ਦੀ ਸੁਰੱਖਿਆ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਵਿਰਾਸਤੀ ਅਸਥਾਨਾਂ ਨੂੰ ਵਪਾਰਕ ਮਕਸਦਾਂ ਲਈ ਖ਼ਤਮ ਕਰਨ ਦੀ ਬਜਾਏ ਉਨ੍ਹਾਂ ਦੀ ਸੰਭਾਲ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਆਪਣੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨਾਲ ਜੁੜੀਆਂ ਰਹਿ ਸਕਣ।
ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਮੁੜ ਅਪੀਲ ਕੀਤੀ ਕਿ ਕੋਇਟਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਾਲ ਸਬੰਧਤ ਮਾਮਲੇ ਨੂੰ ਪਾਕਿਸਤਾਨ ਸਰਕਾਰ ਕੋਲ ਗੰਭੀਰਤਾ ਨਾਲ ਉਠਾਇਆ ਜਾਵੇ ਅਤੇ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਵਿਰਾਸਤ ਅਤੇ ਜਾਇਦਾਦ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ ਜਾਵੇ।
