HomePunjab Newsਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ’ਚ ਗਰਜੇ CM ਭਗਵੰਤ ਮਾਨ, ਅਕਾਲੀ ਦਲ...

ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ’ਚ ਗਰਜੇ CM ਭਗਵੰਤ ਮਾਨ, ਅਕਾਲੀ ਦਲ ਤੇ ਕਾਂਗਰਸ ’ਤੇ ਤਿੱਖੇ ਹਮਲੇ

‘ਅਕਾਲੀ ਦਲ ਮੁੜ ਸੱਤਾ ਲਈ ਭਾਜਪਾ ਨਾਲ ਗੱਠਜੋੜ ਦੇ ਯਤਨਾਂ ’ਚ’; ਮਾਨ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

ਬਾਬਾ ਬਕਾਲਾ ਸਾਹਿਬ: ਰੱਖੜ ਪੁੰਨਿਆ ਜੋੜ ਮੇਲੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਸਿਆਸੀ ਧਿਰਾਂ ’ਤੇ ਤਿੱਖੇ ਨਿਸ਼ਾਨੇ ਸੇਧੇ। ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਦੋਸ਼ ਲਾਇਆ ਕਿ ਉਹ ਸੱਤਾ ਵਿੱਚ ਵਾਪਸੀ ਕਰਨ ਅਤੇ ਪੰਜਾਬ ਨੂੰ ਮੁੜ ਲੁੱਟਣ ਲਈ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰਨ ਵਾਸਤੇ ਬੇਤਾਬ ਹੋਇਆ ਪਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਅਤੇ ਬਰਬਾਦ ਕਰਨ ਲਈ ਭਾਜਪਾ-ਅਕਾਲੀ ਦਲ ਦੇ ਗੱਠਜੋੜ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਅਜਿਹੀਆਂ ਸਿਆਸੀ ਕੋਸ਼ਿਸ਼ਾਂ ਨੂੰ ਮੁੜ ਨਕਾਰ ਦੇਣਗੇ।

ਭਗਵੰਤ ਮਾਨ ਰੱਖੜ ਪੁੰਨਿਆ ਜੋੜ ਮੇਲੇ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਅਤੇ ਰਈਆ ਦੀ ਅਨਾਜ ਮੰਡੀ ਵਿੱਚ ਹੋਈ ਭਰਵੀਂ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਨ ਦੇ ਨਾਲ-ਨਾਲ ਵਿਰੋਧੀ ਧਿਰਾਂ ’ਤੇ ਵੀ ਸਿਆਸੀ ਹਮਲੇ ਕੀਤੇ।

ਬਾਬਾ ਬਕਾਲਾ ਦੀ ਧਰਤੀ ਗੁਰੂ ਤੇਗ ਬਹਾਦਰ ਜੀ ਦੇ ਫ਼ਲਸਫ਼ੇ ਨਾਲ ਜੁੜੀ: ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਫ਼ਲਸਫ਼ੇ ਅਤੇ ‘ਸਾਚਾ ਗੁਰੂ ਲਾਧੋ ਰੇ’ ਦੇ ਇਤਿਹਾਸਕ ਸੰਦੇਸ਼ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਤਾ ਰੱਖਦੀ ਹੈ।

ਭਗਵੰਤ ਮਾਨ ਨੇ ਸਾਲ 2015 ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲਿਆ।

ਉਨ੍ਹਾਂ ਕਿਹਾ, “ਸੱਤਾ ਵਿੱਚ ਆਉਣ ਦੇ ਮਕਸਦ ਅਤੇ ਸੂਬੇ ਨੂੰ ਲੁੱਟਣ ਵਾਸਤੇ ਅਕਾਲੀ ਭਾਜਪਾ ਲੀਡਰਸ਼ਿਪ ਨਾਲ ਹੱਥ ਮਿਲਾਉਣ ਲਈ ਤਰਲੇ ਮਾਰ ਰਹੇ ਹਨ, ਪਰ ਪੰਜਾਬ ਦੇ ਸੂਝਵਾਨ ਲੋਕ ਉਨ੍ਹਾਂ ਨੂੰ ਇੱਕ ਵਾਰ ਫਿਰ ਬਾਹਰ ਦਾ ਰਸਤਾ ਦਿਖਾਉਣਗੇ।”

ਕਾਂਗਰਸ ’ਤੇ ਵੀ ਮੁੱਖ ਮੰਤਰੀ ਦਾ ਤਿੱਖਾ ਹਮਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਪਾਰਟੀ ’ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਹੁਣ ਆਪਣੇ ਸਿਆਸੀ ਪਤਨ ਦੇ ਆਖ਼ਰੀ ਪੜਾਅ ਵਿੱਚ ਹੈ ਅਤੇ ਜਲਦੀ ਹੀ ਸਿਆਸੀ ਅਖਾੜੇ ਵਿੱਚ ਆਪਣਾ ਸਭ ਕੁਝ ਗੁਆ ਚੁੱਕੀ ਹੋਵੇਗੀ।

ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਕੋਲ ਪੰਜਾਬ ਦੇ ਲੋਕਾਂ ਲਈ ਕੋਈ ਸਪੱਸ਼ਟ ਦ੍ਰਿਸ਼ਟੀਕੋਣ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਅੰਦਰੂਨੀ ਫੁੱਟ ਦਾ ਸ਼ਿਕਾਰ ਹੈ ਅਤੇ ਆਗੂਆਂ ਵਿਚਾਲੇ ਚੱਲ ਰਹੀ ਆਪਸੀ ਲੜਾਈ ਕਾਰਨ ਕਾਂਗਰਸ ਖੁਦ ਹੀ ਢਹਿ-ਢੇਰੀ ਹੋ ਜਾਵੇਗੀ।

90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ: ਮਾਨ

ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੇ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ 69 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਅਤੇ ਸਿਰਫ਼ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਦੇ ਪੈਸੇ ਦੀ ਬੱਚਤ ਯਕੀਨੀ ਬਣਾਈ ਗਈ ਹੈ।

ਸਿੱਖਿਆ ਤੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਦਾ ਦਾਅਵਾ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ-ਰਹਿਤ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਗੱਲ ਵੀ ਮੁੱਖ ਮੰਤਰੀ ਨੇ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਵਿੱਚ 3,100 ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਭਰ ਵਿੱਚ ਲਗਭਗ 45,000 ਕਿਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਦਾ ਕੰਮ ਕੀਤਾ ਜਾ ਰਿਹਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਸਰਕਾਰ ਵੱਲੋਂ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments