22 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਵੇਗਾ ਜੱਥਾ, 1 ਦਸੰਬਰ ਨੂੰ ਭਾਰਤ ਪਰਤੇਗਾ; ਪੰਜਾਬ ਤੋਂ 1800 ਸ਼ਰਧਾਲੂ ਹੋਣਗੇ ਸ਼ਾਮਲ
ਨਵੀਂ ਦਿੱਲੀ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜੱਥਾ 22 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਵੇਗਾ ਅਤੇ 1 ਦਸੰਬਰ ਨੂੰ ਵਾਪਸ ਭਾਰਤ ਪਰਤੇਗਾ।
ਇਸ ਸਬੰਧੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਪਰਮਜੀਤ ਸਿੰਘ ਚੰਢੋਕ ਵੱਲੋਂ ਦਿੱਤੀ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜੁਲਾਈ 2026 ਨੂੰ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰੀ ਵੱਲੋਂ ਕਮੇਟੀ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ 3 ਹਜ਼ਾਰ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਹ ਜੱਥਾ 10 ਦਿਨਾਂ ਦੀ ਯਾਤਰਾ ਦੌਰਾਨ ਪਾਕਿਸਤਾਨ ਸਥਿਤ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰੇਗਾ।
ਯਾਤਰਾ ਦੌਰਾਨ ਸ਼ਰਧਾਲੂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਨਤਮਸਤਕ ਹੋਣਗੇ। ਇਨ੍ਹਾਂ ਇਤਿਹਾਸਕ ਅਸਥਾਨਾਂ ਦੇ ਦਰਸ਼ਨਾਂ ਉਪਰੰਤ ਜੱਥਾ 1 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ।
ਦਿੱਲੀ ਗੁਰਦੁਆਰਾ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜੱਥੇ ਦੀ ਰਵਾਨਗੀ ਸਬੰਧੀ ਸਪਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਦਿੱਤੀ ਗਈ ਪ੍ਰਵਾਨਗੀ ਦੇ ਤਹਿਤ ਸ਼ਰਧਾਲੂਆਂ ਦੇ ਪੂਰੇ ਦਸਤਾਵੇਜ਼ਾਂ ਦੀ ਘੋਖ ਕੀਤੀ ਜਾਵੇਗੀ। ਇਸ ਪ੍ਰਕਿਰਿਆ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪਾਕਿਸਤਾਨ ਸਰਕਾਰ ਨੂੰ ਸ਼ਰਧਾਲੂਆਂ ਦੀ ਸੂਚੀ ਭੇਜੀ ਜਾਵੇਗੀ ਅਤੇ ਉਸੇ ਸੂਚੀ ਦੇ ਆਧਾਰ ’ਤੇ ਜੱਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਮਿਲੇਗੀ।
ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰਾਲੇ ਵੱਲੋਂ ਇਸ ਯਾਤਰਾ ਲਈ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਦਾ ਕੋਟਾ ਵੀ ਤੈਅ ਕੀਤਾ ਗਿਆ ਹੈ।
ਇਸ ਤਹਿਤ ਦਿੱਲੀ ਤੋਂ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ 555 ਸ਼ਰਧਾਲੂ, ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ 1800 ਸ਼ਰਧਾਲੂ, ਹਰਿਆਣਾ ਤੋਂ 200 ਸ਼ਰਧਾਲੂ, ਹਿਮਾਚਲ ਪ੍ਰਦੇਸ਼ ਤੋਂ 15 ਸ਼ਰਧਾਲੂ, ਜੰਮੂ-ਕਸ਼ਮੀਰ ਤੋਂ 40 ਸ਼ਰਧਾਲੂ, ਝਾਰਖੰਡ ਤੋਂ 16 ਸ਼ਰਧਾਲੂ, ਕਰਨਾਟਕ ਤੋਂ 10 ਸ਼ਰਧਾਲੂ, ਮੱਧ ਪ੍ਰਦੇਸ਼ ਤੋਂ 10 ਸ਼ਰਧਾਲੂ, ਮਹਾਰਾਸ਼ਟਰ ਤੋਂ 90 ਸ਼ਰਧਾਲੂ, ਓੜੀਸਾ ਤੋਂ 10 ਸ਼ਰਧਾਲੂ, ਰਾਜਸਥਾਨ ਤੋਂ 50 ਸ਼ਰਧਾਲੂ, ਉੱਤਰ ਪ੍ਰਦੇਸ਼ ਤੋਂ 35 ਸ਼ਰਧਾਲੂ, ਉੱਤਰਾਖੰਡ ਤੋਂ 25 ਸ਼ਰਧਾਲੂ, ਪੱਛਮੀ ਬੰਗਾਲ ਤੋਂ 5 ਸ਼ਰਧਾਲੂ ਅਤੇ ਚੰਡੀਗੜ੍ਹ ਤੋਂ 45 ਸ਼ਰਧਾਲੂ ਇਸ ਜੱਥੇ ਵਿੱਚ ਸ਼ਾਮਲ ਹੋਣਗੇ।
ਆਗੂਆਂ ਨੇ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਜੱਥਾ 22 ਨਵੰਬਰ ਨੂੰ ਵਾਹਗਾ ਸਰਹੱਦ ਪਾਰ ਕਰਕੇ ਪਾਕਿਸਤਾਨ ਵਿੱਚ ਦਾਖਲ ਹੋਵੇਗਾ ਅਤੇ ਆਪਣੀ ਯਾਤਰਾ ਪੂਰੀ ਕਰਨ ਉਪਰੰਤ 1 ਦਸੰਬਰ ਨੂੰ ਉਸੇ ਰਸਤੇ ਰਾਹੀਂ ਭਾਰਤ ਵਾਪਸ ਪਰਤੇਗਾ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਜਿਹੜੇ ਸ਼ਰਧਾਲੂ ਇਸ ਪਵਿੱਤਰ ਯਾਤਰਾ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਦਸਤਾਵੇਜ਼ਾਂ ਦੀ ਸਮੇਂ ਸਿਰ ਜਾਂਚ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਲੋੜੀਂਦੀ ਪ੍ਰਵਾਨਗੀ ਹਾਸਲ ਕਰਨ ਲਈ ਇਹ ਪ੍ਰਕਿਰਿਆ ਸਮੇਂ ਰਹਿੰਦਿਆਂ ਪੂਰੀ ਕਰਨਾ ਜ਼ਰੂਰੀ ਹੈ।




