Google search engine
Home Punjab News ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥ ਇਕਜੁੱਟ, ਸਰਕਾਰ ਦੀ ਨੀਤੀ ’ਤੇ ਜਥੇਦਾਰ...

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥ ਇਕਜੁੱਟ, ਸਰਕਾਰ ਦੀ ਨੀਤੀ ’ਤੇ ਜਥੇਦਾਰ ਗੜਗੱਜ ਨੇ ਚੁੱਕੇ ਸਵਾਲ

ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਿੰਘਾਂ ਨਾਲ ਵਿਤਕਰੇ ਦਾ ਦੋਸ਼; ਇਕਸਾਰ ਇਨਸਾਫ਼ ਦੀ ਕੀਤੀ ਮੰਗ

ਪਟਿਆਲਾ: ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚਾ ਪੰਥ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਮਾਮਲੇ ’ਤੇ ਸਿੱਖ ਕੌਮ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਇਹ ਗੱਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਤੇ ਛੇਵੀਂ ਕਰਹਾਲੀ ਸਾਹਿਬ, ਪਟਿਆਲਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਕਰਵਾਏ ਗਏ ਮੁੱਖ ਅਰਦਾਸ ਸਮਾਗਮ ਦੌਰਾਨ ਕਹੀ।

ਜਥੇਦਾਰ ਗੜਗੱਜ ਨੇ ਕਿਹਾ ਕਿ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ। ਉਨ੍ਹਾਂ ਕਿਹਾ ਕਿ ਇਹ ਸਥਿਤੀ ਚਿੰਤਾ ਦਾ ਵਿਸ਼ਾ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਪੱਧਰ ’ਤੇ ਯਤਨ ਜਾਰੀ ਰਹਿਣੇ ਚਾਹੀਦੇ ਹਨ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਮੌਜੂਦ ਸਨ।

ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਵਾਏ ਗਏ ਅਰਦਾਸ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਿੱਖ ਸੰਗਤ ਵਿੱਚ ਚੇਤਨਾ ਪੈਦਾ ਕਰਨ ਦੇ ਨਾਲ-ਨਾਲ ਬੰਦੀ ਸਿੰਘਾਂ ਦੇ ਮਾਮਲੇ ਨੂੰ ਲਗਾਤਾਰ ਉਭਾਰਨ ਵਿੱਚ ਵੀ ਸਹਾਇਕ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ਵਿੱਚ ਸਰਕਾਰ ਦੀ ਨੀਤੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਸਿੱਖ ਕੌਮ ਬੰਦੀ ਸਿੰਘਾਂ ਦੀ ਕਿਸੇ ਹੋਰ ਨਾਲ ਤੁਲਨਾ ਨਹੀਂ ਕਰ ਰਹੀ, ਸਗੋਂ ਸਾਰਿਆਂ ਲਈ ਇਕਸਾਰ ਇਨਸਾਫ਼ ਦੀ ਮੰਗ ਕਰ ਰਹੀ ਹੈ। ਜੇਕਰ ਕਾਨੂੰਨ ਸਾਰਿਆਂ ਲਈ ਇਕੋ ਜਿਹਾ ਹੈ ਤਾਂ ਉਸ ਦੀ ਵਰਤੋਂ ਵੀ ਸਾਰਿਆਂ ਲਈ ਇਕੋ ਜਿਹੀ ਹੋਣੀ ਚਾਹੀਦੀ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਇਸੇ ਦੇਸ਼ ਵਿੱਚ ਘਿਨੌਣੇ ਅਪਰਾਧਾਂ ਵਿੱਚ ਸਜ਼ਾਵਾਂ ਕੱਟ ਰਹੇ ਕਈ ਵਿਅਕਤੀਆਂ ਨੂੰ ਸਾਲ ਵਿੱਚ ਕਈ ਵਾਰ ਪੈਰੋਲ ਦਿੱਤੀ ਜਾਂਦੀ ਹੈ, ਪਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਹਮੇਸ਼ਾ ਵਿਤਕਰੇ ਵਾਲੀ ਪਹੁੰਚ ਅਪਣਾਈ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਥਿਤੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਪ੍ਰਭਾਵਿਤ ਕਰਦੀ ਹੈ।

ਉਨ੍ਹਾਂ ਵਿਸ਼ੇਸ਼ ਤੌਰ ’ਤੇ ਜਗਤਾਰ ਸਿੰਘ ਹਵਾਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਬੀਮਾਰ ਮਾਤਾ ਨਾਲ ਮੁਲਾਕਾਤ ਕਰਨ ਲਈ ਕੁਝ ਦਿਨਾਂ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ। ਇਸੇ ਤਰ੍ਹਾਂ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਵੀ ਸਰਕਾਰ ਦੀ ਪਹੁੰਚ ਹਮੇਸ਼ਾ ਵਿਤਕਰੇ ਵਾਲੀ ਰਹੀ ਹੈ।

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਲੰਮੇ ਸਮੇਂ ਤੋਂ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਸਬੰਧੀ ਪੰਥਕ ਪੱਧਰ ’ਤੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅਰਦਾਸਾਂ ਦੇ ਨਾਲ-ਨਾਲ ਜਾਗਰੂਕਤਾ ਪੈਦਾ ਕਰਨ ਦੇ ਉਪਰਾਲੇ ਵੀ ਜਾਰੀ ਰਹਿਣੇ ਚਾਹੀਦੇ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਕਰਤਾਰਪੁਰ, ਜਗਮੀਤ ਸਿੰਘ ਹਰਿਆਊ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਪੀ.ਏ.ਸੀ. ਮੈਂਬਰ ਗੁਰਧਿਆਨ ਸਿੰਘ ਭਾਨਰੀ, ਰਣਧੀਰ ਸਿੰਘ ਰੱਖੜਾ, ਕੁਲਦੀਪ ਸਿੰਘ ਹਰਪਾਲਪੁਰ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਸੁਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ।

 

Exit mobile version