ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਪ੍ਰਧਾਨ ਮੰਤਰੀ ਨੂੰ ਪੱਤਰ; ਪੰਜਾਬ ਭਰ ਵਿੱਚ ਹਲਕਾ ਇੰਚਾਰਜ ਤੇ ਕੋਆਰਡੀਨੇਟਰ ਕੀਤੇ ਤਾਇਨਾਤ
ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਗਠਜੋੜ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਅਕਾਲੀ ਦਲ ਦਾ ਬਾਗੀ ਧੜਾ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਵੀ ਪੰਜਾਬ ਦੀ ਸਿਆਸਤ ਵਿੱਚ ਆਪਣੀ ਸਰਗਰਮੀ ਵਧਾਉਣ ਵਿੱਚ ਜੁਟ ਗਿਆ ਹੈ। ਪਾਰਟੀ ਵੱਲੋਂ ਸੂਬੇ ਦੇ ਸਿਆਸੀ ਸਮੀਕਰਨਾਂ ਵਿੱਚ ਆਪਣੀ ਥਾਂ ਮਜ਼ਬੂਤ ਕਰਨ ਲਈ ਇੱਕ ਪਾਸੇ ਸੰਗਠਨਾਤਮਕ ਪੱਧਰ ’ਤੇ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਪਾਰਟੀ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਉਠਾਇਆ ਗਿਆ ਹੈ।
ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਕੀਤੀ ਹੈ। ਇਹ ਪੱਤਰ ਬਾਅਦ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭੇਜ ਦਿੱਤਾ ਗਿਆ। ਪੱਤਰ ਵਿੱਚ ਹਵਾਰਾ ਦੀ ਮਾਤਾ ਦੀ ਨਾਜ਼ੁਕ ਸਿਹਤ ਦਾ ਹਵਾਲਾ ਦਿੰਦਿਆਂ ਉਸ ਨੂੰ ਪੈਰੋਲ ਦੇਣ ਦੀ ਅਪੀਲ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਦੋ ਵਾਰ ਬੇਨਤੀ ਪੱਤਰ ਭੇਜ ਕੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਕੀਤੀ ਜਾ ਚੁੱਕੀ ਹੈ। ਸ਼ਨੀਵਾਰ ਨੂੰ ਹਵਾਰਾ ਦੀ ਭੈਣ ਨੇ ਵੀ ਇਸੇ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਸੀ।
ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਇਹ ਮੁੱਦਾ ਪ੍ਰਧਾਨ ਮੰਤਰੀ ਪੱਧਰ ’ਤੇ ਉਠਾਏ ਜਾਣ ਨਾਲ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਦੀ ਸਿਆਸੀ ਸਰਗਰਮੀ ਮੁੜ ਚਰਚਾ ਵਿੱਚ ਆ ਗਈ ਹੈ। ਇਸ ਦੇ ਨਾਲ ਹੀ ਪਾਰਟੀ ਨੇ ਪੰਜਾਬ ਭਰ ਵਿੱਚ ਆਪਣੇ ਹਲਕਾ ਇੰਚਾਰਜ ਅਤੇ ਕੋਆਰਡੀਨੇਟਰ ਤਾਇਨਾਤ ਕਰ ਦਿੱਤੇ ਹਨ। ਇਸ ਨੂੰ ਪਾਰਟੀ ਵੱਲੋਂ ਸੂਬੇ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਵਿੱਚ ਸਿਆਸੀ ਤੌਰ ’ਤੇ ਸਰਗਰਮ ਭੂਮਿਕਾ ਨਿਭਾਉਣ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਪਾਰਟੀ ਮੁਖੀ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕਿਹਾ ਸੀ ਕਿ ਭਾਰਤੀ ਜਨਤਾ ਪਾਰਟੀ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਜੇਕਰ ਭਾਜਪਾ ਨਾਲ ਕੋਈ ਗਠਜੋੜ ਹੁੰਦਾ ਹੈ ਤਾਂ ਉਹ ਕਿਸੇ ਵੀ ਤਰ੍ਹਾਂ ਦੀ ਨਿੱਜੀ ਜਾਂ ਤੁਰੰਤ ਸਿਆਸੀ ਸਮਝੌਤੇ ਦੀ ਬਜਾਏ ਇੱਕ ਸਪੱਸ਼ਟ ਏਜੰਡੇ ਦੇ ਆਧਾਰ ’ਤੇ ਹੀ ਹੋਵੇਗਾ।
ਇਹ ਸਿਆਸੀ ਘਟਨਾਕ੍ਰਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਰਣਨੀਤੀਕਾਰ ਸੀ.ਆਰ. ਪਾਟਿਲ ਵਿਚਾਲੇ ਹੋਈ ਮੁਲਾਕਾਤ ਤੋਂ ਤੁਰੰਤ ਬਾਅਦ ਸਾਹਮਣੇ ਆਇਆ ਹੈ। ਇਸ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਦੋਵਾਂ ਪਾਰਟੀਆਂ ਵਿਚਾਲੇ ਮੁੜ ਨੇੜਤਾ ਅਤੇ ਸੰਭਾਵਿਤ ਗਠਜੋੜ ਨੂੰ ਲੈ ਕੇ ਚਰਚਾਵਾਂ ਤੇਜ਼ ਹੋਈਆਂ ਹਨ। ਇਸ ਦੇ ਨਾਲ ਹੀ ਭਾਜਪਾ ਵੱਲੋਂ ਪੰਜਾਬ ਦੀ ਸਿਆਸਤ ਵਿੱਚ ‘ਵੱਡੇ ਭਰਾ’ ਦੀ ਭੂਮਿਕਾ ਨਿਭਾਉਣ ਦੀ ਇੱਛਾ ਸਬੰਧੀ ਵੀ ਸਿਆਸੀ ਹਲਕਿਆਂ ਵਿੱਚ ਚਰਚਾ ਚੱਲ ਰਹੀ ਹੈ।
ਜਗਤਾਰ ਸਿੰਘ ਹਵਾਰਾ ਦਾ ਮਾਮਲਾ ਪੰਜਾਬ ਦੀ ਸਿਆਸਤ ਅਤੇ ਪੰਥਕ ਹਲਕਿਆਂ ਵਿੱਚ ਲੰਮੇ ਸਮੇਂ ਤੋਂ ਚਰਚਾ ਦਾ ਵਿਸ਼ਾ ਰਿਹਾ ਹੈ। 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਵਿਅਕਤੀਆਂ ਦੀ ਬੰਬ ਧਮਾਕੇ ਵਿੱਚ ਹੱਤਿਆ ਦੇ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਨੂੰ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਬਾਅਦ ਵਿੱਚ 2010 ਵਿੱਚ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਸੀ।
ਜਗਤਾਰ ਸਿੰਘ ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਸਾਲ 2015 ਵਿੱਚ ਸਰਬੱਤ ਖ਼ਾਲਸਾ ਵੱਲੋਂ ਉਸ ਨੂੰ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਥਾਪਿਆ ਗਿਆ ਸੀ। ਇਸ ਫ਼ੈਸਲੇ ਤੋਂ ਬਾਅਦ ਉਸ ਦੇ ਸਮਰਥਕਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਵੀ ਸਿੱਧਾ ਟਕਰਾਅ ਦੇਖਣ ਨੂੰ ਮਿਲਿਆ ਸੀ।
ਇਸ ਤਰ੍ਹਾਂ ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵਿਤ ਗਠਜੋੜ ਨੂੰ ਲੈ ਕੇ ਸਿਆਸੀ ਚਰਚਾਵਾਂ ਜਾਰੀ ਹਨ, ਉਥੇ ਹੀ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਵੱਲੋਂ ਵੀ ਆਪਣੀਆਂ ਸੰਗਠਨਾਤਮਕ ਅਤੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਆਉਣ ਵਾਲੇ ਦਿਨਾਂ ਵਿੱਚ ਪਾਰਟੀ ਦੀ ਇਹ ਸਰਗਰਮੀ ਪੰਜਾਬ ਦੇ ਸਿਆਸੀ ਸਮੀਕਰਨਾਂ ’ਤੇ ਕਿੰਨਾ ਪ੍ਰਭਾਵ ਪਾਉਂਦੀ ਹੈ, ਇਸ ’ਤੇ ਸਾਰਿਆਂ ਦੀ ਨਜ਼ਰ ਰਹੇਗੀ।
