HomeGlobalਨੇਪਾਲ ਦੇ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਨੇ ਸ਼ੁਰੂ ਕੀਤੀ ਲੰਗਰ ਸੇਵਾ,...

ਨੇਪਾਲ ਦੇ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਨੇ ਸ਼ੁਰੂ ਕੀਤੀ ਲੰਗਰ ਸੇਵਾ, ਰਾਹਤ ਸਮੱਗਰੀ ਪਹੁੰਚਾਉਣ ਦੀ ਵੀ ਤਿਆਰੀ

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਲੰਗਰ ਦਾ ਪਹਿਲਾ ਟਰੱਕ ਰਵਾਨਾ; ਆਉਣ ਵਾਲੇ ਦਿਨਾਂ ਵਿੱਚ ਪੀੜਤ ਪਰਿਵਾਰਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਜਾਵੇਗੀ: ਗੁਰਚਰਨ ਸਿੰਘ ਗਰੇਵਾਲ

ਨੇਪਾਲ ਵਿੱਚ ਆਈ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਤਹਿਤ ਲੰਗਰ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਤੇ ਦਿਨਾਂ ਤੋਂ ਇੱਕ ਵਫ਼ਦ ਨੇਪਾਲ ਵਿੱਚ ਮੌਜੂਦ ਹੈ, ਜੋ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਸਹਾਇਤਾ ਪਹੁੰਚਾਉਣ ਲਈ ਸਥਾਨਕ ਪੱਧਰ ’ਤੇ ਕਾਰਜ ਕਰ ਰਿਹਾ ਹੈ।

ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਆਜ਼ਾਦ ਦੀਪ ਸਿੰਘ ਸ਼ਾਮਲ ਹਨ। ਵਫ਼ਦ ਵੱਲੋਂ ਨੇਪਾਲ ਵਿੱਚ ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਪ੍ਰਭਾਵਿਤ ਲੋਕਾਂ ਦੀਆਂ ਜ਼ਰੂਰਤਾਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਨੇਪਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਲੰਗਰ ਦਾ ਪਹਿਲਾ ਟਰੱਕ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੜ੍ਹ ਪੀੜਤ ਪਰਿਵਾਰਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਦਾ ਉਪਰਾਲਾ ਵੀ ਕੀਤਾ ਜਾਵੇਗਾ, ਤਾਂ ਜੋ ਕੁਦਰਤੀ ਆਫ਼ਤ ਨਾਲ ਪ੍ਰਭਾਵਿਤ ਲੋਕਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਬੀਤੇ ਦਿਨੀਂ ਨੇਪਾਲ ਸਰਕਾਰ ਨਾਲ ਗੱਲਬਾਤ ਕੀਤੀ ਗਈ ਸੀ। ਇਸ ਦੌਰਾਨ ਮਨੁੱਖਤਾ ਦੀ ਸੇਵਾ ਲਈ ਨੇਪਾਲ ਆਉਣ ਵਾਲੀਆਂ ਸੰਸਥਾਵਾਂ ਅਤੇ ਲੋਕਾਂ ਨੂੰ ਸਰਹੱਦ ਤੋਂ ਰਾਹਤ ਸਮੱਗਰੀ ਲਿਆਉਣ ਦੀ ਇਜਾਜ਼ਤ ਦੇਣ ਸਬੰਧੀ ਸੁਝਾਅ ਦਿੱਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਨੇਪਾਲ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਇਸ ਸੁਝਾਅ ਨੂੰ ਪਰਵਾਨ ਕਰ ਲਿਆ ਗਿਆ ਹੈ। ਇਸ ਸਹਿਯੋਗ ਅਤੇ ਸਹਿਮਤੀ ਤੋਂ ਬਾਅਦ ਹੀ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਸ਼ੁਰੂ ਕਰਨ ਦਾ ਰਾਹ ਸੁਖਾਲਾ ਹੋਇਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੁਣ ਲੰਗਰ ਸੇਵਾ ਦੇ ਨਾਲ-ਨਾਲ ਰਾਹਤ ਸਮੱਗਰੀ ਵੀ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਸ਼੍ਰੋਮਣੀ ਕਮੇਟੀ ਵੱਲੋਂ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੀਤੀ ਜਾ ਰਹੀ ਇਹ ਸੇਵਾ ਮਨੁੱਖਤਾ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੇ ਉਪਰਾਲੇ ਵਜੋਂ ਕੀਤੀ ਜਾ ਰਹੀ ਹੈ। ਵਫ਼ਦ ਵੱਲੋਂ ਅਗਲੇ ਦਿਨਾਂ ਵਿੱਚ ਵੀ ਸਥਿਤੀ ਦਾ ਜਾਇਜ਼ਾ ਲੈ ਕੇ ਲੋੜ ਅਨੁਸਾਰ ਰਾਹਤ ਕਾਰਜਾਂ ਨੂੰ ਅੱਗੇ ਵਧਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments