ਸੁਝਾਅ ਦੇਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ; ਦੋ ਸੇਵਾਮੁਕਤ ਜੱਜਾਂ ਸਮੇਤ ਵਿਦਵਾਨ ਕਮੇਟੀ ਵਿੱਚ ਸ਼ਾਮਲ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਬੇਅਦਬੀ ਕਾਨੂੰਨ ਵਿੱਚ ਲੋੜੀਂਦੀ ਸੋਧ ਕਰਨ ਲਈ ਪੰਜਾਬ ਸਰਕਾਰ ਨੂੰ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿੱਚ ਸੋਧ ਸਬੰਧੀ ਸਰਕਾਰ ਨੂੰ ਢੁਕਵੇਂ ਸੁਝਾਅ ਦੇਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਦੋ ਸੇਵਾਮੁਕਤ ਜੱਜਾਂ ਤੋਂ ਇਲਾਵਾ ਹੋਰ ਵਿਦਵਾਨਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਪੰਜ ਮੈਂਬਰੀ ਕਮੇਟੀ ਬੇਅਦਬੀ ਕਾਨੂੰਨ ਦਾ ਅਧਿਐਨ ਕਰਕੇ ਇਸ ਵਿੱਚ ਲੋੜੀਂਦੀਆਂ ਸੋਧਾਂ ਸਬੰਧੀ ਆਪਣੇ ਸੁਝਾਅ ਸਰਕਾਰ ਨੂੰ ਦੇਵੇਗੀ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਲਈ ਕਾਨੂੰਨ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।
ਜਥੇਦਾਰ ਗੜਗੱਜ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨਿਰਧਾਰਤ ਦੋ ਮਹੀਨਿਆਂ ਦੇ ਸਮੇਂ ਅੰਦਰ ਬੇਅਦਬੀ ਕਾਨੂੰਨ ਵਿੱਚ ਲੋੜੀਂਦੀ ਸੋਧ ਨਾ ਕੀਤੀ ਗਈ ਤਾਂ ਅਕਾਲ ਤਖ਼ਤ ਵੱਲੋਂ ਅਗਲਾ ਸਖ਼ਤ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਥ ਦੋਖੀਆਂ ਨੂੰ ਅਕਾਲ ਤਖ਼ਤ ਤੋਂ ਭੱਜਣ ਨਹੀਂ ਦਿੱਤਾ ਜਾਵੇਗਾ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਪੰਥਕ ਪੱਧਰ ’ਤੇ ਸਖ਼ਤ ਰੁਖ਼ ਅਪਣਾਇਆ ਜਾਵੇਗਾ।
ਨੇਪਾਲ ਹੜ੍ਹ ਪੀੜਤਾਂ ਲਈ ਸਿੱਖ ਕੌਮ ਵੱਲੋਂ ਮਦਦ ਦਾ ਐਲਾਨ
ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਸੈਂਕੜੇ ਲੋਕਾਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਆਪਣੇ ਨਾਲ ਕੀਤੇ ਗਏ ਅਹਿਸਾਨਾਂ ਨੂੰ ਕਦੇ ਨਹੀਂ ਭੁੱਲਦੀ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਅਜਿਹੇ ਕਈ ਮੌਕੇ ਆਏ ਹਨ, ਜਦੋਂ ਨੇਪਾਲ ਨੇ ਸਿੱਖਾਂ ਦੀ ਮਦਦ ਕੀਤੀ ਹੈ।
ਉਨ੍ਹਾਂ ਇਤਿਹਾਸਕ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਅੰਗਰੇਜ਼ਾਂ ਨੇ ਸਿੱਖ ਰਾਜ ਨੂੰ ਖ਼ਤਮ ਕਰ ਦਿੱਤਾ ਸੀ, ਉਸ ਸਮੇਂ ਮਹਾਰਾਣੀ ਜਿੰਦ ਕੌਰ ਨੇਪਾਲ ਗਈ ਸਨ ਅਤੇ ਨੇਪਾਲ ਨੇ ਉਸ ਸਮੇਂ ਉਨ੍ਹਾਂ ਦੀ ਮਦਦ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਸਾਂਝ ਨੂੰ ਸਿੱਖ ਕੌਮ ਅੱਜ ਵੀ ਯਾਦ ਰੱਖਦੀ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਇਸੇ ਭਾਵਨਾ ਤਹਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਅਤੇ ਸਮੁੱਚੀ ਸਿੱਖ ਕੌਮ ਨੇਪਾਲ ਵਿੱਚ ਆਈ ਇਸ ਕੁਦਰਤੀ ਆਫ਼ਤ ਦੀ ਘੜੀ ਵਿੱਚ ਨੇਪਾਲ ਦੇ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਵੀ ਸ਼੍ਰੋਮਣੀ ਕਮੇਟੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਨੇਪਾਲ ਵਿੱਚ ਹੜ੍ਹਾਂ ਕਾਰਨ ਵੱਡੀ ਗਿਣਤੀ ਵਿੱਚ ਲੋਕ ਪ੍ਰਭਾਵਿਤ ਹੋਏ ਹਨ ਅਤੇ ਇਸ ਔਖੀ ਘੜੀ ਵਿੱਚ ਮਨੁੱਖਤਾ ਦੇ ਨਾਤੇ ਪੀੜਤਾਂ ਦੀ ਮਦਦ ਕਰਨਾ ਸਿੱਖ ਕੌਮ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਕਾਰਜਾਂ ਵਿੱਚ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਲੋੜਵੰਦ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ।
