ਸਾਬਕਾ ਸੰਸਦ ਮੈਂਬਰ ਵੱਲੋਂ ਪਾਕਿਸਤਾਨੀ ਹਾਈ ਕਮਿਸ਼ਨਰ ਨੂੰ ਪੱਤਰ; ਆਖਿਆ—ਭਾਰਤੀ ਸਿੱਖਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲਦੀ ਹੈ ਤਾਂ ਪਾਕਿਸਤਾਨ ਰਹਿੰਦੇ ਸਿੱਖਾਂ ਲਈ ਵੀ ਇਹ ਸਹੂਲਤ ਹੋਣੀ ਚਾਹੀਦੀ ਹੈ
ਸਾਬਕਾ ਸੰਸਦ ਮੈਂਬਰ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਾਕਿਸਤਾਨ ਵਿੱਚ ਵੱਸਦੇ ਸਿੱਖਾਂ ਨੂੰ ਭਾਰਤ ਸਥਿਤ ਆਪਣੇ ਇਤਿਹਾਸਕ ਗੁਰੂ-ਧਾਮਾਂ ਦੇ ਦਰਸ਼ਨਾਂ ਲਈ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਆਉਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ਨੂੰ ਸਰਹੱਦਾਂ ਅਤੇ ਦੋਵਾਂ ਦੇਸ਼ਾਂ ਵਿਚਲੇ ਮੌਜੂਦਾ ਤਣਾਅ ਕਾਰਨ ਰੋਕਿਆ ਨਹੀਂ ਜਾਣਾ ਚਾਹੀਦਾ।
ਤਰਲੋਚਨ ਸਿੰਘ ਨੇ ਇਸ ਸਬੰਧੀ ਪਾਕਿਸਤਾਨੀ ਹਾਈ ਕਮਿਸ਼ਨਰ ਨੂੰ ਪੱਤਰ ਲਿਖ ਕੇ ਆਪਣੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਪੱਤਰ ਵਿੱਚ ਕੁਝ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਹੈਰਾਨੀ ਹੋਈ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਆਪਣੇ ਹੀ ਨਾਗਰਿਕਾਂ ਅਤੇ ਸਿੱਖ ਸ਼ਰਧਾਲੂਆਂ ਦੇ ਇੱਕ ਜਥੇ ਨੂੰ ਵਾਹਗਾ ਸਰਹੱਦ ਰਾਹੀਂ ਭਾਰਤ ਆ ਕੇ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਭਾਰਤ ਤੋਂ ਸਿੱਖ ਸ਼ਰਧਾਲੂਆਂ ਨੂੰ ਸਾਲ ਵਿੱਚ ਕਈ ਵਾਰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਸਥਿਤ ਸਿੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਪਾਕਿਸਤਾਨ ਵਿੱਚ ਪੱਕੇ ਤੌਰ ’ਤੇ ਰਹਿਣ ਵਾਲੇ ਸਿੱਖਾਂ ਨੂੰ ਵੀ ਇਸੇ ਤਰ੍ਹਾਂ ਭਾਰਤ ਸਥਿਤ ਗੁਰੂ-ਧਾਮਾਂ ਦੀ ਯਾਤਰਾ ਕਰਨ ਦੀ ਸਹੂਲਤ ਕਿਉਂ ਨਹੀਂ ਦਿੱਤੀ ਜਾ ਰਹੀ।
ਤਰਲੋਚਨ ਸਿੰਘ ਨੇ ਕਿਹਾ ਕਿ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਭਾਰਤ ਆਉਣ ਵਾਸਤੇ ਹਵਾਈ ਯਾਤਰਾ ਦਾ ਸਹਾਰਾ ਲੈਣਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਵੱਡੀ ਰਕਮ ਖ਼ਰਚ ਕਰਨੀ ਪੈਂਦੀ ਹੈ। ਉਨ੍ਹਾਂ ਅਨੁਸਾਰ ਜੇਕਰ ਅਟਾਰੀ-ਵਾਹਗਾ ਸਰਹੱਦ ਰਾਹੀਂ ਉਨ੍ਹਾਂ ਨੂੰ ਭਾਰਤ ਆਉਣ ਦੀ ਆਗਿਆ ਮਿਲੇ ਤਾਂ ਇਹ ਯਾਤਰਾ ਉਨ੍ਹਾਂ ਲਈ ਕਾਫ਼ੀ ਸੁਖਾਲੀ ਅਤੇ ਘੱਟ ਖ਼ਰਚ ਵਾਲੀ ਹੋ ਸਕਦੀ ਹੈ।
ਉਨ੍ਹਾਂ ਪਾਕਿਸਤਾਨ ਸਰਕਾਰ ਦੇ ਇਸ ਫ਼ੈਸਲੇ ਨੂੰ ਗ਼ਲਤ ਕਰਾਰ ਦਿੰਦਿਆਂ ਅਪੀਲ ਕੀਤੀ ਕਿ ਇਸ ’ਤੇ ਮੁੜ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਵੱਸਦਾ ਸਿੱਖ ਭਾਈਚਾਰਾ ਗਿਣਤੀ ਪੱਖੋਂ ਭਾਵੇਂ ਛੋਟਾ ਹੈ, ਪਰ ਉਸ ਲਈ ਆਪਣੇ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਨਾਲ ਜੁੜੇ ਰਹਿਣ ਦਾ ਅਧਿਕਾਰ ਅਤੇ ਧਾਰਮਿਕ ਭਾਵਨਾਵਾਂ ਬਹੁਤ ਮਹੱਤਵ ਰੱਖਦੀਆਂ ਹਨ। ਇਸ ਲਈ ਉਨ੍ਹਾਂ ਦੀ ਧਾਰਮਿਕ ਯਾਤਰਾ ਵਿੱਚ ਬਿਨਾਂ ਵਜ੍ਹਾ ਰੁਕਾਵਟ ਨਹੀਂ ਪੈਦਾ ਕੀਤੀ ਜਾਣੀ ਚਾਹੀਦੀ।
ਤਰਲੋਚਨ ਸਿੰਘ ਨੇ ਆਪਣੇ ਪੱਤਰ ਵਿੱਚ ਇਹ ਵੀ ਯਾਦ ਕਰਵਾਇਆ ਕਿ ਸਵਰਗੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵੱਲੋਂ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਨੂੰ ਵੀ ਭਾਰਤ ਦੀ ਯਾਤਰਾ ਕਰਨ ਦੀ ਇਜਾਜ਼ਤ ਦੇਣ ਸਬੰਧੀ ਫ਼ੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਲਿਆ ਗਿਆ ਇਹ ਫ਼ੈਸਲਾ ਦੋਵਾਂ ਦੇਸ਼ਾਂ ਵਿੱਚ ਰਹਿੰਦੇ ਸਿੱਖ ਭਾਈਚਾਰਿਆਂ ਨੂੰ ਆਪਣੇ ਧਾਰਮਿਕ ਸਥਾਨਾਂ ਨਾਲ ਜੋੜਨ ਅਤੇ ਧਾਰਮਿਕ ਯਾਤਰਾ ਨੂੰ ਸੁਖਾਲਾ ਬਣਾਉਣ ਵੱਲ ਇੱਕ ਅਹਿਮ ਕਦਮ ਸੀ।
ਜ਼ਿਕਰਯੋਗ ਹੈ ਕਿ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਬੰਧਾਂ ਵਿੱਚ ਕਾਫ਼ੀ ਕੁੜੱਤਣ ਪੈਦਾ ਹੋਈ ਹੈ। ਦੋਵਾਂ ਦੇਸ਼ਾਂ ਵਿਚਾਲੇ ਆਮ ਆਵਾਜਾਈ ਦੇ ਨਾਲ-ਨਾਲ ਦੁਵੱਲਾ ਵਪਾਰ ਵੀ ਬੰਦ ਹੈ। ਸਰਹੱਦ ਪਾਰ ਆਉਣ-ਜਾਣ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਹਨ।
ਇਸ ਦੇ ਬਾਵਜੂਦ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੱਖ-ਵੱਖ ਗੁਰਪੁਰਬਾਂ ਅਤੇ ਧਾਰਮਿਕ ਮੌਕਿਆਂ ’ਤੇ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਜਾ ਕੇ ਉਥੇ ਸਥਿਤ ਗੁਰੂ-ਧਾਮਾਂ ਦੇ ਦਰਸ਼ਨ ਕਰਨ ਦੀ ਆਗਿਆ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਸਿੱਖ ਸ਼ਰਧਾਲੂਆਂ ਦੇ ਤਿੰਨ ਜਥੇ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਜਾ ਕੇ ਉਥੋਂ ਦੇ ਇਤਿਹਾਸਕ ਗੁਰਦੁਆਰਿਆਂ ਅਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ।
ਹੁਣ ਚੌਥਾ ਸਿੱਖ ਜਥਾ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰੂ-ਧਾਮਾਂ ਦੀ ਯਾਤਰਾ ਲਈ ਜਾਣ ਦੀ ਤਿਆਰੀ ਕਰ ਰਿਹਾ ਹੈ। ਇਸ ਪਿਛੋਕੜ ਵਿੱਚ ਤਰਲੋਚਨ ਸਿੰਘ ਵੱਲੋਂ ਪਾਕਿਸਤਾਨ ਸਰਕਾਰ ਨੂੰ ਕੀਤੀ ਗਈ ਅਪੀਲ ਨੂੰ ਧਾਰਮਿਕ ਯਾਤਰਾ ਦੇ ਮਾਮਲੇ ਵਿੱਚ ਦੋਵਾਂ ਦੇਸ਼ਾਂ ਦੇ ਸਿੱਖ ਭਾਈਚਾਰਿਆਂ ਲਈ ਬਰਾਬਰ ਦੀ ਸਹੂਲਤ ਦੇਣ ਦੀ ਮੰਗ ਵਜੋਂ ਦੇਖਿਆ ਜਾ ਰਿਹਾ ਹੈ।
ਤਰਲੋਚਨ ਸਿੰਘ ਨੇ ਆਸ ਪ੍ਰਗਟਾਈ ਕਿ ਪਾਕਿਸਤਾਨ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰੇਗੀ ਅਤੇ ਪਾਕਿਸਤਾਨ ਵਿੱਚ ਵੱਸਦੇ ਸਿੱਖਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਆ ਕੇ ਹੇਮਕੁੰਟ ਸਾਹਿਬ ਸਮੇਤ ਹੋਰ ਗੁਰੂ-ਧਾਮਾਂ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਲਈ ਢੁਕਵਾਂ ਫ਼ੈਸਲਾ ਲਵੇਗੀ।
