ਕਾਲਾ ਝੰਡਾ ਦਿਖਾਉਣਾ ਜਮਹੂਰੀ ਹੱਕ, ਪਰ ਨੌਜਵਾਨ ਨਾਲ ਕਥਿਤ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਬਰਦਾਸ਼ਤ ਨਹੀਂ: ਜਥੇਦਾਰ ਗੜਗੱਜ; ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਵੀ ਦੋਸ਼ੀ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਲਈ ਕਿਹਾ
ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿੱਚ ਸਿੱਖ ਨੌਜਵਾਨ ਮੋਹਣਜੀਤ ਸਿੰਘ ਨਾਲ ਪੁਲੀਸ ਵੱਲੋਂ ਕਥਿਤ ਤੌਰ ’ਤੇ ਕੀਤੀ ਗਈ ਕੁੱਟਮਾਰ, ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਦਾ ਮਾਮਲਾ ਗੰਭੀਰ ਰੂਪ ਧਾਰਨ ਕਰ ਗਿਆ ਹੈ। ਨੌਜਵਾਨ ਵੱਲੋਂ ਨਸ਼ਿਆਂ ਦੇ ਮੁੱਦੇ ’ਤੇ ਆਵਾਜ਼ ਉਠਾਉਣ ਅਤੇ ਮੁੱਖ ਮੰਤਰੀ ਦੇ ਪਿੰਡ ਦੌਰੇ ਦੌਰਾਨ ਵਿਰੋਧ ਕਰਨ ਤੋਂ ਬਾਅਦ ਪੁਲੀਸ ਕਾਰਵਾਈ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਥਿਤ ਤੌਰ ’ਤੇ ਤਸ਼ੱਦਦ ਕਰਨ ਵਾਲੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਜਥੇਦਾਰ ਗੜਗੱਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ੇਰੋਂ ਪਿੰਡ ਦੇ ਸਿੱਖ ਨੌਜਵਾਨ ਮੋਹਣਜੀਤ ਸਿੰਘ ਨੇ ਆਪਣੇ ਗੁਆਂਢੀ ਦੀ ਛੱਤ ਤੋਂ ਸ਼ਾਂਤਮਈ ਢੰਗ ਨਾਲ ਕਾਲਾ ਝੰਡਾ ਦਿਖਾਇਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਜਾਂ ਕਿਸੇ ਆਗੂ ਦਾ ਵਿਰੋਧ ਕਰਨਾ ਅਤੇ ਆਪਣੀ ਅਸਹਿਮਤੀ ਪ੍ਰਗਟ ਕਰਨਾ ਜਮਹੂਰੀ ਹੱਕ ਹੈ ਅਤੇ ਸਿਰਫ਼ ਕਾਲਾ ਝੰਡਾ ਦਿਖਾਉਣਾ ਆਪਣੇ ਆਪ ਵਿੱਚ ਕੋਈ ਅਪਰਾਧ ਨਹੀਂ ਹੈ।
ਉਨ੍ਹਾਂ ਦੋਸ਼ ਲਾਇਆ ਕਿ ਇਸ ਦੇ ਬਾਵਜੂਦ ਸਥਾਨਕ ਪੁਲੀਸ ਅਧਿਕਾਰੀ ਵੱਲੋਂ ਸਿੱਖ ਨੌਜਵਾਨ ਨੂੰ ਕਥਿਤ ਤੌਰ ’ਤੇ ਕਾਲਾ ਝੰਡਾ ਉਸ ਦੇ ਗਲ ਵਿੱਚ ਪਾ ਕੇ ਧੂਹਿਆ ਗਿਆ ਅਤੇ ਇਸ ਤੋਂ ਬਾਅਦ ਉਸ ਨਾਲ ਗ਼ੈਰ-ਕਾਨੂੰਨੀ ਢੰਗ ਨਾਲ ਤਸ਼ੱਦਦ ਕੀਤਾ ਗਿਆ। ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਨੇ ਸੰਗਰੂਰ ਜ਼ਿਲ੍ਹੇ ਦੇ ਪੁਲੀਸ ਕਪਤਾਨ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਨੌਜਵਾਨ ਨਾਲ ਕਥਿਤ ਤਸ਼ੱਦਦ ਕਰਨ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਪੁਲੀਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ।
ਜਥੇਦਾਰ ਗੜਗੱਜ ਨੇ ਕਿਹਾ ਕਿ ਨੌਜਵਾਨ ਵੱਲੋਂ ਦੱਸੇ ਗਏ ਵੇਰਵਿਆਂ ਅਨੁਸਾਰ ਉਸ ਨਾਲ ਬੇਹੱਦ ਗੰਭੀਰ ਤਰੀਕੇ ਨਾਲ ਕਥਿਤ ਤਸ਼ੱਦਦ ਕੀਤਾ ਗਿਆ। ਉਨ੍ਹਾਂ ਅਨੁਸਾਰ ਨੌਜਵਾਨ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਉਸ ਦੇ ਲੱਕ ਵਿੱਚ ਤਾਰਾਂ ਵਾਲਾ ਬੁਰਸ਼ ਮਾਰਿਆ ਗਿਆ ਅਤੇ ਉਸ ਉੱਤੇ ਲੂਣ ਪਾਇਆ ਗਿਆ। ਇਸ ਤੋਂ ਇਲਾਵਾ ਉਸ ਦੇ ਸਿਰ ਵਿੱਚ ਜੁੱਤੀਆਂ ਮਾਰਨ, ਦਾੜ੍ਹੀ ਅਤੇ ਕੇਸਾਂ ਦੀ ਬੇਅਦਬੀ ਕਰਨ ਅਤੇ ਉਸ ਦਾ ਕਛਹਿਰਾ ਉਤਾਰ ਕੇ ਪਾੜਨ ਦੇ ਵੀ ਦੋਸ਼ ਲਗਾਏ ਗਏ ਹਨ।
ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਵੱਲੋਂ ਕਥਿਤ ਦੋਸ਼ੀ ਅਧਿਕਾਰੀਆਂ ਨੂੰ ਬਰਖਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਨਾ ਕੀਤੀ ਗਈ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਜਬਰ-ਜ਼ੁਲਮ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਪੀੜਤ ਸਿੱਖ ਨੌਜਵਾਨ ਦੇ ਨਾਲ ਖੜ੍ਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਮਲੇ ਵਿੱਚ ਲੋੜ ਪੈਣ ’ਤੇ ਅਗਾਂਹ ਵੀ ਕਾਰਵਾਈ ਕੀਤੀ ਜਾਵੇਗੀ।
ਜਥੇਦਾਰ ਗੜਗੱਜ ਨੇ ਇਹ ਵੀ ਕਿਹਾ ਕਿ ਉਹ ਜਲਦ ਹੀ ਪੀੜਤ ਨੌਜਵਾਨ ਨਾਲ ਮੁਲਾਕਾਤ ਕਰਨ ਲਈ ਜਾਣਗੇ ਅਤੇ ਮਾਮਲੇ ਦੀ ਸਥਿਤੀ ਬਾਰੇ ਜਾਣਕਾਰੀ ਲੈਣਗੇ।
ਉਨ੍ਹਾਂ ਨਸ਼ਿਆਂ ਦੇ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋ ਗਿਆ ਹੈ ਤਾਂ ਉਸ ਨੂੰ ਮਦਦ, ਇਲਾਜ ਅਤੇ ਸਮਾਜ ਦੇ ਸਹਿਯੋਗ ਦੀ ਲੋੜ ਹੁੰਦੀ ਹੈ। ਅਜਿਹੇ ਨੌਜਵਾਨਾਂ ਨੂੰ ਸਮਾਜ ਤੋਂ ਵੱਖ ਕਰਨਾ ਜਾਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਨਾ ਸਮੱਸਿਆ ਦਾ ਹੱਲ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਸਰਕਾਰ ਦੀ ਨੱਕ ਹੇਠਾਂ ਵਿਕ ਰਿਹਾ ਹੈ ਅਤੇ ਇਸ ਮਾਮਲੇ ਵਿੱਚ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ੇ ਛੱਡ ਕੇ ਮੁੜ ਆਪਣੇ ਪਰਿਵਾਰਾਂ ਨਾਲ ਜੁੜਨ, ਪਤਿਤਪੁਣੇ ਦਾ ਤਿਆਗ ਕਰਨ, ਕੇਸ ਰੱਖਣ ਅਤੇ ਗੁਰੂ ਦੀ ਸਿੱਖੀ ਨਾਲ ਜੁੜ ਕੇ ਆਪਣਾ ਜੀਵਨ ਸਹੀ ਦਿਸ਼ਾ ਵਿੱਚ ਲੈ ਕੇ ਜਾਣ।
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਵੀ ਕੀਤੀ ਸਖ਼ਤ ਕਾਰਵਾਈ ਦੀ ਮੰਗ
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ਼ੇਰੋਂ ਪਿੰਡ ਦੇ ਮਾਮਲੇ ਵਿੱਚ ਕਥਿਤ ਤੌਰ ’ਤੇ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਨੂੰ ਸਵਾਲ ਪੁੱਛਣ ਜਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਵਿਰੋਧ ਦਰਜ ਕਰਵਾਉਣ ਦੀ ਸਜ਼ਾ ਦੇਣ ਦੀ ਬਜਾਏ ਸਰਕਾਰ ਨੂੰ ਉਸ ਵੱਲੋਂ ਉਠਾਏ ਗਏ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧ ਕਰਨ ਵਾਲੇ ਨੌਜਵਾਨ ਪ੍ਰਤੀ ਸਰਕਾਰ ਦੀ ਪਹੁੰਚ ਤਾਨਾਸ਼ਾਹੀ ਅਤੇ ਨਾਦਰਸ਼ਾਹੀ ਵਾਲੀ ਪਹੁੰਚ ਦਾ ਪ੍ਰਗਟਾਵਾ ਕਰਦੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਕਕਾਰਾਂ ਦਾ ਵਿਸ਼ੇਸ਼ ਮਹੱਤਵ ਹੈ। ਕਕਾਰ ਸਿੱਖ ਦੀ ਧਾਰਮਿਕ ਪਛਾਣ, ਰਹਿਤ ਅਤੇ ਗੁਰੂ ਪ੍ਰਤੀ ਉਸ ਦੀ ਆਸਥਾ ਦੇ ਪ੍ਰਤੀਕ ਹਨ। ਇਸ ਲਈ ਕਿਸੇ ਸਿੱਖ ਦੇ ਕਕਾਰਾਂ ਨਾਲ ਜਾਣਬੁੱਝ ਕੇ ਬੇਅਦਬੀ ਕਰਨਾ ਜਾਂ ਉਨ੍ਹਾਂ ਪ੍ਰਤੀ ਅਪਮਾਨਜਨਕ ਵਿਵਹਾਰ ਕਰਨਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਐਡਵੋਕੇਟ ਧਾਮੀ ਨੇ ਸਰਕਾਰ ਨੂੰ ਕਿਹਾ ਕਿ ਉਸ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਪੁਲੀਸ ਦੀ ਵਰਦੀ ਲੋਕਾਂ ਨੂੰ ਡਰਾਉਣ ਜਾਂ ਦਬਾਉਣ ਲਈ ਨਹੀਂ, ਸਗੋਂ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਦੀ ਰੱਖਿਆ ਲਈ ਹੁੰਦੀ ਹੈ। ਜੇਕਰ ਕਿਸੇ ਪੁਲੀਸ ਕਰਮਚਾਰੀ ਵੱਲੋਂ ਕਾਨੂੰਨ ਤੋਂ ਬਾਹਰ ਜਾ ਕੇ ਕਿਸੇ ਵਿਅਕਤੀ ਨਾਲ ਵਿਵਹਾਰ ਕੀਤਾ ਗਿਆ ਅਤੇ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ ਤਾਂ ਇਸ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਜਾਂਚ ਵਿੱਚ ਪੁਲੀਸ ਅਧਿਕਾਰੀਆਂ ਵੱਲੋਂ ਤਸ਼ੱਦਦ ਜਾਂ ਧਾਰਮਿਕ ਬੇਅਦਬੀ ਦੇ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਰਦੀ ਦੀ ਆੜ ਵਿੱਚ ਕਿਸੇ ਵੀ ਵਿਅਕਤੀ ਨਾਲ ਕਾਨੂੰਨ ਤੋਂ ਬਾਹਰ ਜਾ ਕੇ ਵਿਵਹਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਪੀੜਤ ਨੌਜਵਾਨ ਕੋਲ ਭੇਜਿਆ ਗਿਆ ਹੈ।
ਉਨ੍ਹਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਪੀੜਤ ਨੌਜਵਾਨ ਨਾਲ ਮੁਲਾਕਾਤ ਕਰਕੇ ਪੂਰੇ ਮਾਮਲੇ ਸਬੰਧੀ ਜਾਣਕਾਰੀ ਹਾਸਲ ਕਰਨਗੇ ਅਤੇ ਉਸ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਲਈ ਅਗਲੀ ਕਾਰਵਾਈ ਬਾਰੇ ਫ਼ੈਸਲਾ ਕੀਤਾ ਜਾਵੇਗਾ।
ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਗਈ ਕਾਰਵਾਈ ਦੀ ਮੰਗ ਤੋਂ ਬਾਅਦ ਹੁਣ ਪੁਲੀਸ ਅਤੇ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕੀ ਕਦਮ ਚੁੱਕੇ ਜਾਂਦੇ ਹਨ, ਇਸ ’ਤੇ ਸਭ ਦੀ ਨਜ਼ਰ ਹੈ।




