ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰਾਜਪਾਲ ਨੂੰ ਅਪੀਲ; ਪੰਜਾਬ ਸਰਕਾਰ ਦੀ ਸਹਿਮਤੀ ਤੋਂ ਬਿਨਾਂ ਸਹੁੰ ਨਾ ਚੁਕਾਉਣ ਦੀ ਮੰਗ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਮੁੱਖ ਜੱਜ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਰਮਿਆਨ ਤਣਾਅ ਵਧਦਾ ਦਿਖਾਈ ਦੇ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਐਮਰਜੈਂਸੀ ਮੀਟਿੰਗ ਕਰਕੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ’ਤੇ ਇਤਰਾਜ਼ ਜਤਾਉਂਦਿਆਂ ਮਤਾ ਪਾਸ ਕੀਤਾ ਹੈ।
ਪੰਜਾਬ ਕੈਬਨਿਟ ਨੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਉਦੋਂ ਤੱਕ ਅਹੁਦੇ ਦੀ ਸਹੁੰ ਨਾ ਚੁਕਾਈ ਜਾਵੇ, ਜਦੋਂ ਤੱਕ ਪੰਜਾਬ ਸਰਕਾਰ ਆਪਣੀ ਸਹਿਮਤੀ ਨਹੀਂ ਦਿੰਦੀ। ਦੱਸਣਯੋਗ ਹੈ ਕਿ ਜਸਟਿਸ ਮਿਸ਼ਰਾ ਨੂੰ ਭਲਕੇ ਸੋਮਵਾਰ ਨੂੰ ਰਾਜਪਾਲ ਵੱਲੋਂ ਅਹੁਦੇ ਦੀ ਸਹੁੰ ਚੁਕਾਏ ਜਾਣ ਦਾ ਪ੍ਰੋਗਰਾਮ ਨਿਰਧਾਰਤ ਕੀਤਾ ਗਿਆ ਹੈ।
ਪੰਜਾਬ ਕੈਬਨਿਟ ਵੱਲੋਂ ਪਾਸ ਕੀਤੇ ਮਤੇ ਵਿੱਚ ਕਿਹਾ ਗਿਆ ਹੈ ਕਿ ਸੂਬੇ ਦੇ ਸੰਵਿਧਾਨਕ ਅਤੇ ਪ੍ਰਸ਼ਾਸਨਿਕ ਹਿੱਤਾਂ ’ਤੇ ਪ੍ਰਭਾਵ ਪਾਉਣ ਵਾਲੇ ਮਾਮਲਿਆਂ ਵਿੱਚ ਸੂਬਾ ਸਰਕਾਰ ਨਾਲ ਸਲਾਹ-ਮਸ਼ਵਰਾ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਸਰਕਾਰ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਸੂਬੇ ਨਾਲ ਸਬੰਧਤ ਮਾਮਲਿਆਂ ਵਿੱਚ ਇਕਪਾਸੜ ਫ਼ੈਸਲੇ ਲੈ ਰਹੀ ਹੈ, ਜੋ ਪੰਜਾਬ ਨਾਲ ਬੇਇਨਸਾਫ਼ੀ ਦੇ ਬਰਾਬਰ ਹੈ।
ਕੈਬਨਿਟ ਵੱਲੋਂ ਪਾਸ ਕੀਤੇ ਇਸ ਮਤੇ ਨਾਲ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਇੱਕ ਹੋਰ ਟਕਰਾਅ ਦੇ ਆਸਾਰ ਬਣ ਗਏ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰ ਅਤੇ ਉੱਚ ਅਦਾਲਤ ਦਰਮਿਆਨ ਵੀ ਤਲਖ਼ੀ ਵਧਣ ਦੀ ਸੰਭਾਵਨਾ ਪੈਦਾ ਹੋ ਗਈ ਹੈ। ਪੰਜਾਬ ਸਰਕਾਰ ਨੇ ਅੱਜ ਇਸ ਮਾਮਲੇ ’ਤੇ ਐਮਰਜੈਂਸੀ ਕੈਬਨਿਟ ਮੀਟਿੰਗ ਸੱਦੀ, ਜੋ ਵੀਡੀਓ ਕਾਨਫ਼ਰੰਸ ਰਾਹੀਂ ਹੋਈ। ਮੀਟਿੰਗ ਦੌਰਾਨ ਨਵੇਂ ਮੁੱਖ ਜੱਜ ਦੀ ਨਿਯੁਕਤੀ ਨੂੰ ਲੈ ਕੇ ਕਈ ਸਵਾਲ ਉਠਾਏ ਗਏ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪੰਜਾਬ ਸਰਕਾਰ ਨਾਲ ਕਿਸੇ ਵੀ ਤਰ੍ਹਾਂ ਦਾ ਸਲਾਹ-ਮਸ਼ਵਰਾ ਕੀਤੇ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕਰ ਦਿੱਤਾ ਗਿਆ ਹੈ।
ਚੀਮਾ ਨੇ ਕਿਹਾ ਸੀ ਕਿ ਮੁੱਖ ਜੱਜ ਦੀ ਨਿਯੁਕਤੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਆਪਣਾ ਪੱਖ ਜਾਂ ਮਸ਼ਵਰਾ ਦੇਣ ਦਾ ਕੋਈ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਇਸ ਨੂੰ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਅਤੇ ਦੇਸ਼ ਦੇ ਸੰਘੀ ਢਾਂਚੇ ਪ੍ਰਤੀ ਸਤਿਕਾਰ ਨੂੰ ਕਮਜ਼ੋਰ ਕਰਨ ਵਾਲਾ ਕਦਮ ਕਰਾਰ ਦਿੱਤਾ।
ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 12 ਅਗਸਤ 2026 ਨੂੰ ਭੇਜੇ ਗਏ ਪੱਤਰ ਅਤੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਵੱਲੋਂ ਭੇਜੇ ਪੱਤਰ ਵਿੱਚ ਹੀ ਇਸ ਸਬੰਧੀ ਪ੍ਰਕਿਰਿਆ ਦਾ ਜ਼ਿਕਰ ਕੀਤਾ ਗਿਆ ਸੀ।
ਚੀਮਾ ਨੇ ਜਸਟਿਸ ਜੀ.ਐੱਸ. ਸੰਧਾਵਾਲੀਆ ਨਾਲ ਸਬੰਧਤ ਪਹਿਲਾਂ ਕੀਤੀ ਗਈ ਸਿਫ਼ਾਰਸ਼ ਨੂੰ ਕੇਂਦਰ ਸਰਕਾਰ ਵੱਲੋਂ ਨਜਿੱਠਣ ਦੇ ਤਰੀਕੇ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਜੁਲਾਈ 2024 ਵਿੱਚ ਜਸਟਿਸ ਜੀ.ਐੱਸ. ਸੰਧਾਵਾਲੀਆ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਸੀ।
ਚੀਮਾ ਮੁਤਾਬਕ ਇਹ ਨਿਯੁਕਤੀ ਦੋ ਮਹੀਨਿਆਂ ਤੋਂ ਵੱਧ ਸਮੇਂ ਤੱਕ ਲਟਕੀ ਰਹੀ ਅਤੇ ਬਾਅਦ ਵਿੱਚ ਜਸਟਿਸ ਸੰਧਾਵਾਲੀਆ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕਰ ਦਿੱਤਾ ਗਿਆ।
ਵਿੱਤ ਮੰਤਰੀ ਨੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਕੌਲਿਜੀਅਮ ਦੀ ਸਿਫ਼ਾਰਸ਼ ਦੇ ਬਾਵਜੂਦ ਜਸਟਿਸ ਜੀ.ਐੱਸ. ਸੰਧਾਵਾਲੀਆ ਦੀ ਮੱਧ ਪ੍ਰਦੇਸ਼ ਦੇ ਮੁੱਖ ਜੱਜ ਵਜੋਂ ਨਿਯੁਕਤੀ ਵਿੱਚ ਦੇਰੀ ਕੀਤੀ ਜਾ ਸਕਦੀ ਹੈ ਤਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦੀ ਪ੍ਰਕਿਰਿਆ ਪੰਜਾਬ ਸਰਕਾਰ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਕਿਵੇਂ ਪੂਰੀ ਕਰ ਲਈ ਗਈ।
ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਵਾਰ-ਵਾਰ ਸੂਬਿਆਂ ਦੇ ਅਧਿਕਾਰਾਂ ਵਿੱਚ ਦਖ਼ਲਅੰਦਾਜ਼ੀ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਏਗੀ।
ਦੱਸਣਯੋਗ ਹੈ ਕਿ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਇਸ ਸਮੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕਾਰਜਕਾਰੀ ਮੁੱਖ ਜੱਜ ਵਜੋਂ ਸੇਵਾਵਾਂ ਨਿਭਾ ਰਹੇ ਸਨ। ਸੁਪਰੀਮ ਕੋਰਟ ਦੇ ਕੌਲਿਜੀਅਮ ਵੱਲੋਂ ਜਸਟਿਸ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਨਿਯਮਤ ਮੁੱਖ ਜੱਜ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 9 ਅਗਸਤ ਨੂੰ ਸੋਸ਼ਲ ਮੀਡੀਆ ’ਤੇ ਇਸ ਮਾਮਲੇ ਨੂੰ ਲੈ ਕੇ ਸਵਾਲ ਉਠਾਏ ਸਨ।
ਕੇਜਰੀਵਾਲ ਨੇ ਦੋਸ਼ ਲਾਇਆ ਸੀ ਕਿ ਮੁੱਖ ਜੱਜ ਦੀ ਨਿਯੁਕਤੀ ਵਿੱਚ ਸੀਨੀਅਰਤਾ ਦੀ ਅਣਦੇਖੀ ਕੀਤੀ ਜਾ ਰਹੀ ਹੈ।
ਇਸ ਮਾਮਲੇ ਦਾ ਇੱਕ ਹੋਰ ਪੱਖ ਇਹ ਵੀ ਹੈ ਕਿ ਪਿਛਲੇ ਮਹੀਨੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਹੀ ਪੰਜਾਬ ਸਰਕਾਰ ਨੂੰ ਸੂਬੇ ਦੇ ਮੁਲਾਜ਼ਮਾਂ ਦਾ ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਦੇ ਇਸ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਸਾਹਮਣੇ ਮੁਲਾਜ਼ਮਾਂ ਨੂੰ ਲਗਭਗ 14,100 ਕਰੋੜ ਰੁਪਏ ਦੀ ਰਕਮ ਅਦਾ ਕਰਨ ਦੀ ਨੌਬਤ ਆ ਗਈ ਸੀ।
ਇਸ ਤਰ੍ਹਾਂ ਜਸਟਿਸ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਖੁੱਲ੍ਹੇ ਤੌਰ ’ਤੇ ਇਤਰਾਜ਼ ਦਰਜ ਕਰਵਾਉਣ ਨਾਲ ਹੁਣ ਇਹ ਮਾਮਲਾ ਸਿਰਫ਼ ਨਿਯੁਕਤੀ ਤੱਕ ਸੀਮਤ ਨਹੀਂ ਰਿਹਾ, ਸਗੋਂ ਇਸ ਨੇ ਕੇਂਦਰ ਅਤੇ ਸੂਬਾ ਸਰਕਾਰ ਦਰਮਿਆਨ ਸੰਵਿਧਾਨਕ ਅਧਿਕਾਰਾਂ, ਸੰਘੀ ਢਾਂਚੇ ਅਤੇ ਸੂਬੇ ਨਾਲ ਸਲਾਹ-ਮਸ਼ਵਰੇ ਦੇ ਮੁੱਦੇ ਨੂੰ ਵੀ ਮੁੜ ਚਰਚਾ ਵਿੱਚ ਲਿਆ ਦਿੱਤਾ ਹੈ।




