ਪਰਿਵਾਰ ਨੇ ਪ੍ਰਸ਼ਾਸਨ ’ਤੇ ਦਬਾਅ ਪਾ ਕੇ ਸਸਕਾਰ ਕਰਵਾਉਣ ਦੇ ਲਾਏ ਦੋਸ਼; ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਨੂੰ ਲੈ ਕੇ ਵੀ ਚਰਚਾ
ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਅੱਜ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਮ੍ਰਿਤਕ ਦੇ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਨੂੰ ਰੱਦ ਕਰ ਦਿੱਤਾ। ਪਰਿਵਾਰ ਵੱਲੋਂ ਜਾਰੀ ਕੀਤੀ ਗਈ ਇੱਕ ਵੀਡੀਓ ਵਿੱਚ ਮ੍ਰਿਤਕ ਗੁਲਜ਼ਾਰ ਸਿੰਘ ਦੀ ਪਤਨੀ ਅਤੇ ਉਸ ਦੇ ਤਿੰਨ ਪੁੱਤਰ ਨਜ਼ਰ ਆ ਰਹੇ ਹਨ।
ਪਰਿਵਾਰ ਨੇ ਪ੍ਰਸ਼ਾਸਨ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ’ਤੇ ਭਾਰੀ ਦਬਾਅ ਬਣਾਇਆ ਗਿਆ, ਜਿਸ ਕਾਰਨ ਉਨ੍ਹਾਂ ਨੂੰ ਗੁਲਜ਼ਾਰ ਸਿੰਘ ਦਾ ਸਸਕਾਰ ਕਰਨਾ ਪਿਆ। ਪਰਿਵਾਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਗੁੰਮਰਾਹ ਕਰਕੇ ਅਤੇ ਦਬਾਅ ਪਾ ਕੇ ਸਸਕਾਰ ਕਰਵਾਇਆ ਗਿਆ।
ਪਰਿਵਾਰ ਨੇ ਸਪੱਸ਼ਟ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਮ੍ਰਿਤਕ ਦੇ ਫੁੱਲ ਨਹੀਂ ਚੁਗੇ ਜਾਣਗੇ ਅਤੇ ਨਾ ਹੀ ਭੋਗ ਸਮਾਗਮ ਕਰਵਾਇਆ ਜਾਵੇਗਾ। ਪਰਿਵਾਰ ਨੇ ਪੰਜਾਬ ਦੇ ਲੋਕਾਂ ਨੂੰ ਵੀ ਇਨਸਾਫ਼ ਦੀ ਲੜਾਈ ਵਿੱਚ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।
ਚੇਤੇ ਰਹੇ ਕਿ ਮਜ਼ਦੂਰ ਗੁਲਜ਼ਾਰ ਸਿੰਘ ਦਾ ਸਸਕਾਰ ਸਖ਼ਤ ਪੁਲੀਸ ਪਹਿਰੇ ਹੇਠ ਕੀਤਾ ਗਿਆ ਸੀ ਅਤੇ ਉਸ ਸਮੇਂ ਸਸਕਾਰ ਨੂੰ ਲੈ ਕੇ ਵਿਵਾਦ ਵੀ ਖੜ੍ਹਾ ਹੋਇਆ ਸੀ। ਹੁਣ ਪਰਿਵਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਬਿਆਨ ਨੇ ਇਸ ਮਾਮਲੇ ਨੂੰ ਇੱਕ ਵਾਰ ਫਿਰ ਚਰਚਾ ਵਿੱਚ ਲਿਆ ਦਿੱਤਾ ਹੈ।
ਦਿਲਚਸਪ ਗੱਲ ਇਹ ਹੈ ਕਿ ਸਸਕਾਰ ਵਾਲੇ ਦਿਨ ਮ੍ਰਿਤਕ ਦੇ ਇੱਕ ਪੁੱਤਰ ਨੇ ਪੁਲੀਸ ਜਾਂਚ ’ਤੇ ਤਸੱਲੀ ਪ੍ਰਗਟ ਕੀਤੀ ਸੀ ਅਤੇ ਉਸ ਵੇਲੇ ਕਿਸੇ ਤਰ੍ਹਾਂ ਦਾ ਦਬਾਅ ਨਾ ਹੋਣ ਦੀ ਗੱਲ ਵੀ ਕਹੀ ਸੀ। ਉਸ ਸਮੇਂ ਪਰਿਵਾਰ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਸਬੰਧੀ ਸਹਿਮਤੀ ਬਣ ਗਈ ਹੈ।
ਹੁਣ ਪਰਿਵਾਰ ਵੱਲੋਂ ਨਵੀਂ ਵੀਡੀਓ ਜਾਰੀ ਕਰਕੇ ਪ੍ਰਸ਼ਾਸਨ ’ਤੇ ਦਬਾਅ ਪਾਉਣ ਅਤੇ ਧੱਕੇ ਨਾਲ ਸਸਕਾਰ ਕਰਵਾਉਣ ਦੇ ਦੋਸ਼ ਲਾਏ ਗਏ ਹਨ। ਇਸ ਕਾਰਨ ਮਾਮਲੇ ਨੂੰ ਲੈ ਕੇ ਨਵੇਂ ਸਵਾਲ ਖੜ੍ਹੇ ਹੋ ਰਹੇ ਹਨ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਇੱਕ ਸਮਾਗਮ ਦੌਰਾਨ ਮਜ਼ਦੂਰ ਗੁਲਜ਼ਾਰ ਸਿੰਘ ਨੇ ਪਿੰਡ ਵਿੱਚ ਨਸ਼ਾ ਵਿਕਣ ਦੀ ਗੱਲ ਕਹੀ ਸੀ। ਇਸ ਤੋਂ ਬਾਅਦ ਪਿੰਡ ਦੀ ਪੰਚਾਇਤ ਵੱਲੋਂ ਉਸ ’ਤੇ ਜਨਤਕ ਤੌਰ ’ਤੇ ਮਾਫ਼ੀ ਮੰਗਣ ਲਈ ਦਬਾਅ ਪਾਏ ਜਾਣ ਦੇ ਦੋਸ਼ ਸਾਹਮਣੇ ਆਏ ਸਨ।
ਇਸੇ ਦੌਰਾਨ ਗੁਲਜ਼ਾਰ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਲਈ ਸੀ ਅਤੇ ਬਾਅਦ ਵਿੱਚ ਉਹ ਜ਼ਿੰਦਗੀ ਦੀ ਜੰਗ ਹਾਰ ਗਿਆ। ਇਸ ਘਟਨਾ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਅਤੇ ਪਿੰਡ ਪੱਧਰ ’ਤੇ ਹੋਣ ਵਾਲੇ ਦਬਾਅ ਨੂੰ ਲੈ ਕੇ ਵੀ ਕਈ ਸਵਾਲ ਖੜ੍ਹੇ ਕੀਤੇ ਹਨ।
ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਖ਼ੁਦਕੁਸ਼ੀ ਲਈ ਜ਼ਿੰਮੇਵਾਰ ਦੱਸੇ ਜਾ ਰਹੇ ਲੋਕਾਂ ਖ਼ਿਲਾਫ਼ ਕਾਰਵਾਈ ਕਰਦਿਆਂ ਪਿੰਡ ਦੀ ਸਰਪੰਚ ਅਤੇ ਹੋਰਨਾਂ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰੀਆਂ ਵੀ ਕੀਤੀਆਂ ਹਨ।
ਇਸ ਦੌਰਾਨ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੇ ਵੀ ਪਿੰਡ ਤੂਰ ਬੰਜਾਰਾ ਪਹੁੰਚਣ ਦੀ ਜਾਣਕਾਰੀ ਸਾਹਮਣੇ ਆਈ ਹੈ। ਉਨ੍ਹਾਂ ਦੇ ਦੌਰੇ ਨੂੰ ਵੀ ਇਸ ਮਾਮਲੇ ਦੀ ਜਾਂਚ ਅਤੇ ਪਰਿਵਾਰ ਦੀਆਂ ਮੰਗਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।
ਦੂਜੇ ਪਾਸੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਰਿਵਾਰ ਵੱਲੋਂ ਪ੍ਰਸ਼ਾਸਨ ਤੋਂ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਹਾਸਲ ਕੀਤਾ ਗਿਆ ਹੈ। ਹਾਲਾਂਕਿ ਇਸ ਮਾਮਲੇ ਸਬੰਧੀ ਪਰਿਵਾਰ ਵੱਲੋਂ ਅਜੇ ਤੱਕ ਕੋਈ ਸਪੱਸ਼ਟ ਬਿਆਨ ਸਾਹਮਣੇ ਨਹੀਂ ਆਇਆ ਹੈ।
ਹੁਣ ਗੁਲਜ਼ਾਰ ਸਿੰਘ ਦੇ ਪਰਿਵਾਰ ਵੱਲੋਂ ਇਨਸਾਫ਼ ਮਿਲਣ ਤੱਕ ਫੁੱਲ ਨਾ ਚੁਗਣ ਅਤੇ ਭੋਗ ਸਮਾਗਮ ਨਾ ਕਰਨ ਦੇ ਐਲਾਨ ਤੋਂ ਬਾਅਦ ਇਸ ਮਾਮਲੇ ਨੇ ਇੱਕ ਵਾਰ ਫਿਰ ਗੰਭੀਰ ਰੂਪ ਧਾਰ ਲਿਆ ਹੈ ਅਤੇ ਸਾਰਿਆਂ ਦੀਆਂ ਨਜ਼ਰਾਂ ਪ੍ਰਸ਼ਾਸਨ ਅਤੇ ਜਾਂਚ ਏਜੰਸੀਆਂ ਦੀ ਅਗਲੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ।




