HomeIndianਨਸ਼ਾ ਮੁਕਤ ਪੰਜਾਬ ਯਾਤਰਾ ਲਈ ਭਾਜਪਾ ਦੀ ਵੱਡੀ ਤਿਆਰੀ, ‘ਆਪ’ ਛੱਡ ਕੇ...

ਨਸ਼ਾ ਮੁਕਤ ਪੰਜਾਬ ਯਾਤਰਾ ਲਈ ਭਾਜਪਾ ਦੀ ਵੱਡੀ ਤਿਆਰੀ, ‘ਆਪ’ ਛੱਡ ਕੇ ਆਏ ਛੇ ਸੰਸਦ ਮੈਂਬਰਾਂ ਨੂੰ ਮਿਲੇਗੀ ਅਹਿਮ ਜ਼ਿੰਮੇਵਾਰੀ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਛੇ ਸੰਸਦ ਮੈਂਬਰ ਪਹਿਲੀ ਵਾਰ ਪੰਜਾਬ ਭਾਜਪਾ ਦੀ ਮੀਟਿੰਗ ਵਿੱਚ ਇਕੱਠੇ ਹੋਣਗੇ ਸ਼ਾਮਲ

‘ਆਪ’ ਨੂੰ ਅਲਵਿਦਾ ਆਖ ਕੇ ਭਾਜਪਾ ਵਿੱਚ ਸ਼ਾਮਲ ਹੋਏ ਅੱਧੀ ਦਰਜਨ ਸੰਸਦ ਮੈਂਬਰ ਹੁਣ ਪੰਜਾਬ ਭਾਜਪਾ ਦੀ ਆਉਣ ਵਾਲੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅਹਿਮ ਚਿਹਰਾ ਬਣਨਗੇ। ਭਾਜਪਾ ਵੱਲੋਂ ਇਨ੍ਹਾਂ ਆਗੂਆਂ ਨੂੰ ਯਾਤਰਾ ਦੌਰਾਨ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪਣ ਦੀ ਯੋਜਨਾ ਬਣਾਈ ਜਾ ਰਹੀ ਹੈ, ਕਿਉਂਕਿ ਇਨ੍ਹਾਂ ਵਿੱਚੋਂ ਕਈ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਵਜੋਂ ਵੱਡੀ ਭੂਮਿਕਾ ਨਿਭਾਈ ਸੀ।

ਨਸ਼ਾ ਮੁਕਤ ਪੰਜਾਬ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਹੈ। ਅੱਜ ਪੰਜਾਬ ਭਾਜਪਾ ਦੀ ਇੱਕ ਅਹਿਮ ਮੀਟਿੰਗ ਵਿੱਚ ਪਹਿਲੀ ਵਾਰ ਉਹ ਛੇ ਸੰਸਦ ਮੈਂਬਰ ਇਕੱਠੇ ਸ਼ਾਮਲ ਹੋਣਗੇ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਦਾ ਪੱਲਾ ਫੜਿਆ ਹੈ।

ਆਮ ਆਦਮੀ ਪਾਰਟੀ ਦੇ ਮੁੱਢਲੇ ਮੈਂਬਰਾਂ ਵਿੱਚ ਸ਼ਾਮਲ ਰਹੇ ਅਤੇ ਸੰਸਦ ਤੱਕ ਪਹੁੰਚੇ ਰਾਘਵ ਚੱਢਾ ਅਤੇ ਸੰਦੀਪ ਪਾਠਕ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਦੋਵਾਂ ਆਗੂਆਂ ਦੀ ਭਾਜਪਾ ਵਿੱਚ ਸ਼ਮੂਲੀਅਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।

ਰਾਘਵ ਚੱਢਾ ਅਤੇ ਸੰਦੀਪ ਪਾਠਕ ਤੋਂ ਇਲਾਵਾ ਵਿਕਰਮਜੀਤ ਸਿੰਘ ਸਾਹਨੀ, ਹਰਭਜਨ ਸਿੰਘ, ਰਜਿੰਦਰ ਗੁਪਤਾ ਅਤੇ ਅਸ਼ੋਕ ਮਿੱਤਲ ਵੀ ਪੰਜਾਬ ਭਾਜਪਾ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਹ ਪਹਿਲੀ ਵਾਰ ਹੋਵੇਗਾ ਜਦੋਂ ਇਹ ਸਾਰੇ ਆਗੂ ਇੱਕ ਸਮੂਹ ਦੇ ਰੂਪ ਵਿੱਚ ਪੰਜਾਬ ਭਾਜਪਾ ਦੀ ਮੀਟਿੰਗ ਵਿੱਚ ਇਕੱਠੇ ਪਹੁੰਚਣਗੇ।

ਭਾਜਪਾ ਦੀ 13 ਦਿਨਾਂ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਪਾਰਟੀ ਵੱਲੋਂ ਵਿਆਪਕ ਪੱਧਰ ’ਤੇ ਤਿਆਰੀ ਕੀਤੀ ਜਾ ਰਹੀ ਹੈ। ਯਾਤਰਾ ਦੌਰਾਨ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਭਰ ਵਿੱਚ ਲੋਕਾਂ ਤੱਕ ਪਹੁੰਚ ਕਰਨ ਦੀ ਯੋਜਨਾ ਹੈ ਅਤੇ ਭਾਜਪਾ ਵਿੱਚ ਨਵੇਂ ਸ਼ਾਮਲ ਹੋਏ ਇਨ੍ਹਾਂ ਸੰਸਦ ਮੈਂਬਰਾਂ ਨੂੰ ਵੀ ਵੱਖ-ਵੱਖ ਖੇਤਰਾਂ ਵਿੱਚ ਸਰਗਰਮ ਭੂਮਿਕਾ ਦਿੱਤੀ ਜਾਵੇਗੀ।

ਰਾਘਵ ਚੱਢਾ ਦਾ ‘ਆਪ’ ਛੱਡਣ ਤੋਂ ਬਾਅਦ ਪੰਜਾਬ ਦਾ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਉਹ ਲੁਧਿਆਣਾ ਵਿੱਚ ਹੋਈ ਇੱਕ ਮੀਟਿੰਗ ਵਿੱਚ ਵੀ ਸ਼ਾਮਲ ਹੋ ਚੁੱਕੇ ਹਨ। ਹਾਲ ਹੀ ਵਿੱਚ ਰਾਘਵ ਚੱਢਾ ਮੁਹਾਲੀ ਤੋਂ ਆਪਣੀ ਵੋਟ ਹਟਾਏ ਜਾਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਹੋਏ ਸਨ।

ਡਾ. ਸੰਦੀਪ ਪਾਠਕ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚ ਰਹੇ ਹਨ। ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਵਿੱਚ ਉਨ੍ਹਾਂ ਨੂੰ ਵੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੇ ਜਾਣ ਦੀ ਸੰਭਾਵਨਾ ਹੈ।

ਸੰਸਦ ਮੈਂਬਰ ਰਜਿੰਦਰ ਗੁਪਤਾ ਨੂੰ ਲੁਧਿਆਣਾ ਅਤੇ ਬਰਨਾਲਾ ਖੇਤਰ ਵਿੱਚ ਯਾਤਰਾ ਨੂੰ ਸਫਲ ਬਣਾਉਣ ਲਈ ਅਹਿਮ ਭੂਮਿਕਾ ਦਿੱਤੀ ਜਾ ਸਕਦੀ ਹੈ। ਭਾਜਪਾ ਵੱਲੋਂ ਇਨ੍ਹਾਂ ਆਗੂਆਂ ਦੇ ਪੁਰਾਣੇ ਸਿਆਸੀ ਤਜਰਬੇ ਅਤੇ ਪੰਜਾਬ ਵਿੱਚ ਉਨ੍ਹਾਂ ਦੀ ਪਛਾਣ ਨੂੰ ਯਾਤਰਾ ਦੌਰਾਨ ਵਰਤਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਚੇਤੇ ਰਹੇ ਕਿ ਅਪਰੈਲ 2026 ਵਿੱਚ ਪੰਜਾਬ ਤੋਂ ਰਾਜ ਸਭਾ ਲਈ ਭੇਜੇ ਗਏ ਸੱਤ ਸੰਸਦ ਮੈਂਬਰਾਂ ਵਿੱਚੋਂ ਛੇ ਸੰਸਦ ਮੈਂਬਰਾਂ ਨੇ ਬਾਅਦ ਵਿੱਚ ਭਾਜਪਾ ਦਾ ਪੱਲਾ ਫੜ ਲਿਆ ਸੀ, ਜਦੋਂ ਕਿ ਸੰਤ ਬਲਵੀਰ ਸਿੰਘ ਸੀਚੇਵਾਲ ਹਾਲੇ ਵੀ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ।

ਹੁਣ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਇਨ੍ਹਾਂ ਨਵੇਂ ਭਾਜਪਾ ਆਗੂਆਂ ਦੀ ਭੂਮਿਕਾ ਅਤੇ ਪੰਜਾਬ ਦੀ ਸਿਆਸਤ ਵਿੱਚ ਉਨ੍ਹਾਂ ਦੀ ਅਗਲੀ ਸਰਗਰਮੀ ’ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਰਹਿਣਗੀਆਂ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments