ਸੁਖਜਿੰਦਰ ਸਿੰਘ ਰੰਧਾਵਾ, ਬਰਿੰਦਰਮੀਤ ਸਿੰਘ ਪਾਹੜਾ ਤੇ ਚਰਨਜੀਤ ਸਿੰਘ ਚੰਨੀ ਨੇ ਨਵੇਂ ਇੰਚਾਰਜ ਨਾਲ ਕੀਤੀ ਮਿਲਣੀ
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਨਿਯੁਕਤੀ ਤੋਂ ਬਾਅਦ ਸੂਬੇ ਦੀ ਕਾਂਗਰਸ ਸਿਆਸਤ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਦੇ ਕਈ ਸੀਨੀਅਰ ਕਾਂਗਰਸੀ ਆਗੂ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦੇ ਰਹੇ ਹਨ। ਨਵੇਂ ਇੰਚਾਰਜ ਦੀ ਨਿਯੁਕਤੀ ਨੂੰ ਲੈ ਕੇ ਖ਼ਾਸ ਕਰਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਵਿੱਚ ਖੁਸ਼ੀ ਦਾ ਮਾਹੌਲ ਦਿਖਾਈ ਦੇ ਰਿਹਾ ਹੈ।
ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਦੇ ਇੰਚਾਰਜ ਵਜੋਂ ਭੁਪੇਸ਼ ਬਘੇਲ ਦੀ ਥਾਂ ਸਚਿਨ ਪਾਇਲਟ ਨੂੰ ਜ਼ਿੰਮੇਵਾਰੀ ਸੌਂਪੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਆਗੂਆਂ ਨੇ ਨਵੇਂ ਇੰਚਾਰਜ ਨਾਲ ਮਿਲਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪਲੇਠੀਆਂ ਮੁਲਾਕਾਤਾਂ ਦੌਰਾਨ ਕਾਂਗਰਸੀ ਆਗੂਆਂ ਵੱਲੋਂ ਸਚਿਨ ਪਾਇਲਟ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਬਾਰੇ ਵੀ ਚਰਚਾ ਕੀਤੀ ਜਾ ਰਹੀ ਹੈ।
ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਮੁਲਾਕਾਤ ਤੋਂ ਬਾਅਦ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਕਦੇ ਵੀ ਜਨਤਕ ਤੌਰ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਬਦਲਣ ਦੀ ਮੰਗ ਨਹੀਂ ਕੀਤੀ ਅਤੇ ਨਾ ਹੀ ਉਨ੍ਹਾਂ ਵੱਲੋਂ ਇਸ ਸਬੰਧੀ ਕੋਈ ਬਿਆਨ ਦਿੱਤਾ ਗਿਆ ਹੈ।
ਰੰਧਾਵਾ ਨੇ ਇਹ ਵੀ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਕਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਬਦਲਣ ਦੀ ਮੰਗ ਨਹੀਂ ਕੀਤੀ ਗਈ।
ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸਚਿਨ ਪਾਇਲਟ ਨਾਲ ਮੁਲਾਕਾਤ ਕਰ ਚੁੱਕੇ ਹਨ। ਚੰਨੀ ਨੇ ਨਵੇਂ ਇੰਚਾਰਜ ਦੀ ਨਿਯੁਕਤੀ ਨੂੰ ਪੰਜਾਬ ਕਾਂਗਰਸ ਲਈ ਇੱਕ ਨਵੀਂ ਉਮੀਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੇ ਆਉਣ ਨਾਲ ਖ਼ਾਸ ਕਰਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਇਆ ਹੈ।
ਚੰਨੀ ਨੇ ਕਿਹਾ ਕਿ ਹੁਣ ਪੰਜਾਬ ਕਾਂਗਰਸ ਵਿੱਚ ਚੰਗਾ ਮਾਹੌਲ ਬਣੇਗਾ ਅਤੇ ਸਾਰੇ ਆਗੂ ਤੇ ਵਰਕਰ ਇਕੱਠੇ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਭਰੋਸਾ ਜਤਾਇਆ ਕਿ ਕਾਂਗਰਸ ਇੱਕਜੁੱਟ ਹੋ ਕੇ ਅੱਗੇ ਵਧੇਗੀ ਅਤੇ ਪੰਜਾਬ ਵਿੱਚ ਮਜ਼ਬੂਤ ਸਰਕਾਰ ਬਣਾਉਣ ਲਈ ਯਤਨ ਕਰੇਗੀ।
ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਸਚਿਨ ਪਾਇਲਟ ਨਾਲ ਮੁਲਾਕਾਤ ਕਰ ਚੁੱਕੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਦੋ ਦਿਨ ਪਹਿਲਾਂ ਨਵੇਂ ਇੰਚਾਰਜ ਨਾਲ ਮਿਲਣੀ ਕੀਤੀ ਸੀ।
ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਸਚਿਨ ਪਾਇਲਟ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਵੀ ਮੁਲਾਕਾਤ ਕੀਤੀ। ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਸਚਿਨ ਪਾਇਲਟ ਦੇ ਸਾਹਮਣੇ ਸਭ ਤੋਂ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਪਾਰਟੀ ਅੰਦਰ ਚੱਲ ਰਹੀ ਧੜੇਬੰਦੀ ਨੂੰ ਖ਼ਤਮ ਕਰਕੇ ਸਾਰੇ ਆਗੂਆਂ ਨੂੰ ਇੱਕ ਮੰਚ ’ਤੇ ਲਿਆਉਣਾ ਹੋਵੇਗਾ।
ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਈਆਂ ਹਨ ਕਿ ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਅੰਦਰੂਨੀ ਮਤਭੇਦਾਂ ਅਤੇ ਧੜੇਬੰਦੀ ਨੂੰ ਕਿਸ ਤਰ੍ਹਾਂ ਦੂਰ ਕਰਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਇੱਕਜੁੱਟ ਕਰਕੇ ਸੂਬੇ ਦੀ ਸਿਆਸਤ ਵਿੱਚ ਕਿੰਨਾ ਮਜ਼ਬੂਤ ਬਣਾਉਂਦੇ ਹਨ।




