Google search engine
Home Punjab News ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ ਵਿੱਚ ਸਜਿਆ ਵਿਸ਼ਾਲ ਨਗਰ ਕੀਰਤਨ, ਸ੍ਰੀ...

ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ ਵਿੱਚ ਸਜਿਆ ਵਿਸ਼ਾਲ ਨਗਰ ਕੀਰਤਨ, ਸ੍ਰੀ ਹਰਿਮੰਦਰ ਸਾਹਿਬ ਫੁੱਲਾਂ ਨਾਲ ਸਜਾਇਆ

Image ref 130534846. Copyright Shutterstock No reproduction without permission. See www.shutterstock.com/license for more information.

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪਾਵਨ ਸਰੂਪ ਨੂੰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਲਿਆਂਦਾ ਗਿਆ

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਪਵਿੱਤਰ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਚਰਨਾਂ ਵਿੱਚ ਆਪਣੀ ਸ਼ਰਧਾ ਭੇਟ ਕੀਤੀ।

ਨਗਰ ਕੀਰਤਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਤੋਂ ਬਾਅਦ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਪਾਵਨ ਸਰੂਪ ਨੂੰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਨਗਰ ਕੀਰਤਨ ਦੇ ਰੂਪ ਵਿੱਚ ਸ੍ਰੀ ਹਰਿਮੰਦਰ ਸਾਹਿਬ ਵੱਲ ਲਿਆਂਦਾ ਗਿਆ।

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ। ਇਹ ਉਹ ਪਾਵਨ ਅਸਥਾਨ ਹੈ, ਜਿੱਥੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕੀਤੀ ਸੀ। ਸੰਨ 1604 ਵਿੱਚ ਪਾਵਨ ਸਰੂਪ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਆਂਦਾ ਗਿਆ ਸੀ ਅਤੇ ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ ਸੀ।

ਇਸੇ ਇਤਿਹਾਸਕ ਅਤੇ ਪੁਰਾਤਨ ਪਰੰਪਰਾ ਨੂੰ ਕਾਇਮ ਰੱਖਦਿਆਂ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਸ ਦੌਰਾਨ ਪਾਵਨ ਸਰੂਪ ਨੂੰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਸੰਗਤਾਂ ਦੇ ਦਰਸ਼ਨਾਂ ਲਈ ਲਿਆਂਦਾ ਜਾਂਦਾ ਹੈ।

ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਕਾਰਜਕਾਰੀ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਤਿਹਾਸ ਨਾਲ ਜਾਣੂ ਕਰਵਾਇਆ ਅਤੇ ਸਮੁੱਚੀ ਸਿੱਖ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਾਹਿਬਾਨ ਅਤੇ ਸਿੰਘ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਵੀ ਸਿੱਖ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਇਸ ਪਾਵਨ ਦਿਹਾੜੇ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਦੁਨੀਆ ਭਰ ਵਿੱਚ ਵਸਦੀ ਸਿੱਖ ਸੰਗਤ ਨੂੰ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਤਿਹਾਸ ਨਾਲ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਸਮੁੱਚੀ ਮਾਨਵਤਾ ਨੂੰ ਗੁਰਬਾਣੀ ਤੋਂ ਸੇਧ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਿੱਖਿਆ ਨੂੰ ਜੀਵਨ ਵਿੱਚ ਅਪਣਾ ਕੇ ਵਿਸ਼ਵ ਵਿੱਚ ਸ਼ਾਂਤੀ ਸਥਾਪਿਤ ਕੀਤੀ ਜਾ ਸਕਦੀ ਹੈ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਸਿੱਖਿਆ ਮਨੁੱਖਾਂ ਵਿੱਚ ਪ੍ਰੇਮ, ਪਿਆਰ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਵਧਾਉਂਦੀ ਹੈ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੀ ਮਾਨਵਤਾ ਨੂੰ ਸਰਬੱਤ ਦੇ ਭਲੇ ਲਈ ਕਾਰਜ ਕਰਨ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸਹੀ ਰਸਤਾ ਦਿਖਾਉਂਦੀਆਂ ਹਨ।

ਪ੍ਰਕਾਸ਼ ਪੁਰਬ ਦੇ ਇਸ ਪਾਵਨ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾ ਰਹੇ ਹਨ। ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ-ਬਿਰੰਗੇ ਅਤੇ ਸੁੰਦਰ ਫੁੱਲਾਂ ਨਾਲ ਮਨਮੋਹਕ ਰੂਪ ਵਿੱਚ ਸਜਾਇਆ ਗਿਆ ਹੈ, ਜਿਸ ਨੇ ਗੁਰੂ ਘਰ ਦੀ ਰੌਣਕ ਨੂੰ ਹੋਰ ਵਧਾ ਦਿੱਤਾ ਹੈ।

ਇਸ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਅਤੇ ਇਸ਼ਨਾਨ ਕਰਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਰਹੇ ਹਨ ਅਤੇ ਇਸ ਪਾਵਨ ਮੌਕੇ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੇ ਹਨ।

 

Exit mobile version