HomeGlobalਬ੍ਰਿਕਸ ਨੇ ਪਹਿਲਗਾਮ ਅਤਿਵਾਦੀ ਹਮਲੇ ਦੀ ਕੀਤੀ ਸਖ਼ਤ ਨਿਖੇਧੀ, ਅਤਿਵਾਦ ਖ਼ਿਲਾਫ਼ ਸਾਂਝੇ...

ਬ੍ਰਿਕਸ ਨੇ ਪਹਿਲਗਾਮ ਅਤਿਵਾਦੀ ਹਮਲੇ ਦੀ ਕੀਤੀ ਸਖ਼ਤ ਨਿਖੇਧੀ, ਅਤਿਵਾਦ ਖ਼ਿਲਾਫ਼ ਸਾਂਝੇ ਰੁਖ਼ ਦਾ ਐਲਾਨ

‘ਨਵੀਂ ਦਿੱਲੀ ਘੋਸ਼ਣਾ ਪੱਤਰ’ ਵਿੱਚ ਅਤਿਵਾਦ, ਸਾਈਬਰ ਧੋਖਾਧੜੀ ਅਤੇ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਵਿਰੁੱਧ ਜ਼ੀਰੋ ਟਾਲਰੈਂਸ ਦੀ ਵਕਾਲਤ

ਬ੍ਰਿਕਸ ਸਮੂਹ ਨੇ ਸ਼ਨਿੱਚਰਵਾਰ ਨੂੰ ਅਪਣਾਏ ਗਏ ‘ਨਵੀਂ ਦਿੱਲੀ ਘੋਸ਼ਣਾ ਪੱਤਰ’ ਵਿੱਚ ਅਪਰੈਲ 2025 ਦੌਰਾਨ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਹਮਲੇ ਵਿੱਚ 26 ਲੋਕਾਂ ਦੀ ਜਾਨ ਚਲੀ ਗਈ ਸੀ। ਘੋਸ਼ਣਾ ਪੱਤਰ ਵਿੱਚ ਅਤਿਵਾਦ ਨਾਲ ਨਜਿੱਠਣ ਲਈ ਮੈਂਬਰ ਦੇਸ਼ਾਂ ਵੱਲੋਂ ਸਾਂਝੇ ਯਤਨਾਂ ਅਤੇ ਸਹਿਯੋਗ ’ਤੇ ਜ਼ੋਰ ਦਿੱਤਾ ਗਿਆ ਹੈ।

‘ਬਿਲਡਿੰਗ ਫਾਰ ਰਿਜ਼ੀਲਿਐਂਸ, ਇਨੋਵੇਸ਼ਨ, ਕੋਆਪਰੇਸ਼ਨ ਐਂਡ ਸਸਟੇਨੇਬਿਲਿਟੀ’ ਸਿਰਲੇਖ ਵਾਲੇ 45 ਪੰਨਿਆਂ ਦੇ ਇਸ ਵਿਆਪਕ ਘੋਸ਼ਣਾ ਪੱਤਰ ਵਿੱਚ ਆਲਮੀ ਸੁਰੱਖਿਆ ਨਾਲ ਜੁੜੇ ਕਈ ਅਹਿਮ ਮੁੱਦਿਆਂ ’ਤੇ ਮੈਂਬਰ ਦੇਸ਼ਾਂ ਦਾ ਸਾਂਝਾ ਰੁਖ਼ ਸਾਹਮਣੇ ਰੱਖਿਆ ਗਿਆ ਹੈ। ਇਸ ਵਿੱਚ ਅਤਿਵਾਦ ਤੋਂ ਇਲਾਵਾ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ, ਸਾਈਬਰ ਧੋਖਾਧੜੀ ਅਤੇ ਉੱਭਰ ਰਹੇ ਸਰਹੱਦ ਪਾਰ ਘੁਟਾਲਿਆਂ ਦੇ ਨੈੱਟਵਰਕਾਂ ਨਾਲ ਨਜਿੱਠਣ ਲਈ ਸਹਿਯੋਗ ਵਧਾਉਣ ਦੀ ਗੱਲ ਕੀਤੀ ਗਈ ਹੈ।

ਸੁਰੱਖਿਆ ਨਾਲ ਸਬੰਧਤ ਮਾਮਲਿਆਂ ਦਾ ਜ਼ਿਕਰ ਕਰਦਿਆਂ ਬ੍ਰਿਕਸ ਮੈਂਬਰ ਦੇਸ਼ਾਂ ਨੇ 22 ਅਪਰੈਲ 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਘਾਤਕ ਅਤਿਵਾਦੀ ਹਮਲੇ ਦੀ ਸਪਸ਼ਟ ਤੌਰ ’ਤੇ ਨਿਖੇਧੀ ਕੀਤੀ। ਇਹ ਹਮਲਾ ਕਸ਼ਮੀਰ ਦੇ ਪਹਿਲਗਾਮ ਖੇਤਰ ਦੀ ਬੈਸਰਨ ਘਾਟੀ ਵਿੱਚ ਹੋਇਆ ਸੀ, ਜਿਸ ਵਿੱਚ 26 ਲੋਕਾਂ ਦੀ ਮੌਤ ਹੋਈ ਸੀ।

ਘੋਸ਼ਣਾ ਪੱਤਰ ਵਿੱਚ ਕਿਹਾ ਗਿਆ ਕਿ ਬ੍ਰਿਕਸ ਦੇਸ਼ ਅਤਿਵਾਦ ਦੀ ਕਿਸੇ ਵੀ ਘਟਨਾ ਦੀ ਸਖ਼ਤ ਨਿਖੇਧੀ ਕਰਦੇ ਹਨ, ਭਾਵੇਂ ਉਸ ਦਾ ਉਦੇਸ਼ ਕੋਈ ਵੀ ਹੋਵੇ ਅਤੇ ਉਹ ਕਿਤੇ ਵੀ, ਕਿਸੇ ਵੀ ਸਮੇਂ ਅਤੇ ਕਿਸੇ ਵੱਲੋਂ ਵੀ ਕੀਤੀ ਗਈ ਹੋਵੇ। ਮੈਂਬਰ ਦੇਸ਼ਾਂ ਨੇ ਅਤਿਵਾਦ ਦੇ ਹਰ ਰੂਪ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਵਿਰੁੱਧ ਸਾਂਝੇ ਤੌਰ ’ਤੇ ਕਾਰਵਾਈ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਸਾਂਝੇ ਬਿਆਨ ਵਿੱਚ ਇਹ ਵੀ ਸਪਸ਼ਟ ਕੀਤਾ ਗਿਆ ਕਿ ਅਤਿਵਾਦ ਨੂੰ ਕਿਸੇ ਧਰਮ, ਕੌਮੀਅਤ, ਸਭਿਅਤਾ ਜਾਂ ਨਸਲੀ ਸਮੂਹ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਬ੍ਰਿਕਸ ਦੇਸ਼ਾਂ ਨੇ ਕਿਹਾ ਕਿ ਅਤਿਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਜਾਂ ਉਨ੍ਹਾਂ ਨੂੰ ਸਮਰਥਨ ਦੇਣ ਵਾਲੇ ਸਾਰੇ ਲੋਕਾਂ ਨੂੰ ਸਬੰਧਤ ਕੌਮੀ ਅਤੇ ਕੌਮਾਂਤਰੀ ਕਾਨੂੰਨਾਂ ਅਨੁਸਾਰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ ਅਤੇ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ਘੋਸ਼ਣਾ ਪੱਤਰ ਵਿੱਚ ਅਤਿਵਾਦ ਨਾਲ ਨਜਿੱਠਣ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਅਤਿਵਾਦ ਵਿਰੁੱਧ ਲੜਾਈ ਵਿੱਚ ਦੋਹਰੇ ਮਾਪਦੰਡਾਂ ਨੂੰ ਰੱਦ ਕਰਨ ਦੀ ਗੱਲ ਵੀ ਕਹੀ ਗਈ ਹੈ।

ਬ੍ਰਿਕਸ ਦੇਸ਼ਾਂ ਨੇ ਅਤਿਵਾਦ ਨਾਲ ਲੜਨ ਵਿੱਚ ਰਾਜਾਂ ਦੀ ਮੁੱਖ ਜ਼ਿੰਮੇਵਾਰੀ ’ਤੇ ਵੀ ਜ਼ੋਰ ਦਿੱਤਾ। ਇਸ ਦੇ ਨਾਲ ਹੀ ਸਾਈਬਰ ਅਪਰਾਧ, ਗੈਰ-ਕਾਨੂੰਨੀ ਵਿੱਤੀ ਗਤੀਵਿਧੀਆਂ ਅਤੇ ਸਰਹੱਦ ਪਾਰ ਅਪਰਾਧਿਕ ਨੈੱਟਵਰਕਾਂ ਨਾਲ ਨਜਿੱਠਣ ਲਈ ਆਪਸੀ ਸਹਿਯੋਗ ਅਤੇ ਤਾਲਮੇਲ ਮਜ਼ਬੂਤ ਕਰਨ ਦੀ ਲੋੜ ਉਭਾਰੀ ਗਈ ਹੈ।

‘ਨਵੀਂ ਦਿੱਲੀ ਘੋਸ਼ਣਾ ਪੱਤਰ’ ਰਾਹੀਂ ਬ੍ਰਿਕਸ ਮੈਂਬਰ ਦੇਸ਼ਾਂ ਨੇ ਅਤਿਵਾਦ ਅਤੇ ਹੋਰ ਸਰਹੱਦ ਪਾਰ ਅਪਰਾਧਾਂ ਵਿਰੁੱਧ ਇਕਜੁੱਟ ਰੁਖ਼ ਦਾ ਪ੍ਰਗਟਾਵਾ ਕਰਦਿਆਂ ਆਲਮੀ ਪੱਧਰ ’ਤੇ ਸੁਰੱਖਿਆ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments