Google search engine
Home Global ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਲੇਸ਼ੀਆ ਦੀ ਸਿੱਖ ਸੰਗਤ ਨਾਲ ਕੀਤੀ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਲੇਸ਼ੀਆ ਦੀ ਸਿੱਖ ਸੰਗਤ ਨਾਲ ਕੀਤੀ ਮੁਲਾਕਾਤ

ਨੌਜਵਾਨ ਪੀੜ੍ਹੀ ਨੂੰ ਸਿੱਖੀ, ਪੰਜਾਬੀ ਗੁਰਮੁਖੀ ਅਤੇ ਖੇਡਾਂ ਨਾਲ ਜੋੜਨ ਲਈ ਉਪਰਾਲੇ ਕਰਨ ਦਾ ਦਿੱਤਾ ਸੱਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਲੇਸ਼ੀਆ ਵਿੱਚ ਵਸਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਨੌਜਵਾਨਾਂ ਅਤੇ ਪੁੰਗਰਦੀ ਪੀੜ੍ਹੀ ਨੂੰ ਸਿੱਖੀ, ਪੰਜਾਬੀ ਅਤੇ ਗੁਰਮੁਖੀ ਨਾਲ ਜੋੜਨ ਲਈ ਵੱਧ ਤੋਂ ਵੱਧ ਯਤਨ ਕਰਨ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਆਪਣੀ ਮਲੇਸ਼ੀਆ ਫੇਰੀ ਦੇ ਦੂਜੇ ਦਿਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੁਆਲਾਲੰਪੁਰ ਦੇ ਗੁਰਦੁਆਰਾ ਸਾਹਿਬ ਪਤਾਲਿੰਗ ਜਾਯਾ ਵਿਖੇ ਕਰਵਾਏ ਗਏ ਇੱਕ ਵਾਰਤਾ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਹ ਸਮਾਗਮ ਸਿੱਖ ਨੌਜਵਾਨ ਸਭਾ ਮਲੇਸ਼ੀਆ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉਪਰਾਲੇ ਨਾਲ ਕਰਵਾਇਆ ਗਿਆ।

ਇਸ ਮੌਕੇ ਮਲੇਸ਼ੀਅਨ ਗੁਰਦੁਆਰਾ ਕੌਂਸਲ ਦੇ ਨੁਮਾਇੰਦਿਆਂ, ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ, ਸਥਾਨਕ ਸਿੱਖ ਸੰਗਤ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਹਿੱਸਾ ਲਿਆ। ਜਥੇਦਾਰ ਗੜਗੱਜ ਨੇ ਸੰਗਤ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੀ ਨਵੀਂ ਪੀੜ੍ਹੀ ਨੂੰ ਆਪਣੀ ਧਾਰਮਿਕ ਅਤੇ ਭਾਸ਼ਾਈ ਵਿਰਾਸਤ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ।

ਉਨ੍ਹਾਂ ਨੇ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਮਿਲ ਕੇ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ, ਜਿਨ੍ਹਾਂ ਰਾਹੀਂ ਬੱਚਿਆਂ ਅਤੇ ਨੌਜਵਾਨਾਂ ਵਿੱਚ ਸਿੱਖੀ ਪ੍ਰਤੀ ਰੁਚੀ ਪੈਦਾ ਹੋਵੇ ਅਤੇ ਉਹ ਪੰਜਾਬੀ ਤੇ ਗੁਰਮੁਖੀ ਨਾਲ ਮਜ਼ਬੂਤੀ ਨਾਲ ਜੁੜ ਸਕਣ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

Exit mobile version