ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ—ਸਾਰਾਗੜ੍ਹੀ ਦੀ ਜੰਗ ਬਹਾਦਰੀ, ਅਣਖ ਅਤੇ ਬਲੀਦਾਨ ਦੀ ਦੁਨੀਆ ਦੀ ਲਾਮਿਸਾਲ ਮਿਸਾਲ
ਫਿਰੋਜ਼ਪੁਰ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਸਾਰਾਗੜ੍ਹੀ ਦੀ ਜੰਗ ਬਲੀਦਾਨ, ਬਹਾਦਰੀ ਅਤੇ ਵਫ਼ਾਦਾਰੀ ਦੀ ਅਜਿਹੀ ਲਾਮਿਸਾਲ ਗਾਥਾ ਹੈ, ਜਿਸ ਦੀ ਮਿਸਾਲ ਪੂਰੀ ਦੁਨੀਆ ਵਿੱਚ ਕਿਤੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ 12 ਸਤੰਬਰ 1897 ਨੂੰ ਸਾਰਾਗੜ੍ਹੀ ਕਿਲ੍ਹੇ ਦੀ ਰੱਖਿਆ ਕਰਦਿਆਂ ਸਿੱਖ ਰੈਜੀਮੈਂਟ ਦੇ 21 ਬਹਾਦਰ ਸੂਰਬੀਰ ਸੈਨਿਕਾਂ ਨੇ ਹਜ਼ਾਰਾਂ ਅਫ਼ਗਾਨਾਂ ਦਾ ਦਲੇਰੀ ਨਾਲ ਮੁਕਾਬਲਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਅਤੇ ਇਤਿਹਾਸ ਵਿੱਚ ਬਹਾਦਰੀ, ਅਣਖ ਅਤੇ ਸ਼ਹਾਦਤ ਦਾ ਇੱਕ ਨਵਾਂ ਅਧਿਆਏ ਲਿਖਿਆ।
ਸ੍ਰੀ ਖੁੱਡੀਆਂ ਨੇ ਇਹ ਵਿਚਾਰ ਸਾਰਾਗੜ੍ਹੀ ਦਿਵਸ ਮੌਕੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਨੇ ਸਾਰਾਗੜ੍ਹੀ ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਰਜਨੀਸ਼ ਦਹੀਆ, ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਨਰੇਸ਼ ਕਟਾਰੀਆ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਅਖੰਡ ਪਾਠ ਦੇ ਭੋਗ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ, ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਮਾਣਮੱਤੇ, ਇਤਿਹਾਸਕ ਅਤੇ ਗੌਰਵਮਈ ਵਿਰਸੇ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੇ 21 ਸੂਰਬੀਰਾਂ ਵੱਲੋਂ ਦਿਖਾਈ ਗਈ ਬਹਾਦਰੀ ਅਤੇ ਸੂਰਬੀਰਤਾ ਪੂਰੀ ਦੁਨੀਆ ਲਈ ਪ੍ਰੇਰਨਾਦਾਇਕ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਸ਼ਹੀਦਾਂ ਨੂੰ ਨਮਨ ਕਰਦਿਆਂ ਫਿਰੋਜ਼ਪੁਰ ਵਿੱਚ ਸਾਰਾਗੜ੍ਹੀ ਦੀ ਜੰਗ ਦੀ ਯਾਦ ਵਿੱਚ ਵਿਸ਼ਵ ਦੀ ਪਹਿਲੀ ਜੰਗੀ ਯਾਦਗਾਰ ਸਥਾਪਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਜੰਗ ਵਿੱਚ ਸ਼ਹੀਦ ਹੋਣ ਵਾਲੇ ਸੈਨਿਕਾਂ ਵਿੱਚੋਂ ਜ਼ਿਆਦਾਤਰ ਦਾ ਸਬੰਧ ਫਿਰੋਜ਼ਪੁਰ ਨਾਲ ਸੀ। ਸਾਰਾਗੜ੍ਹੀ ਦੀ ਜੰਗ ਦੀ ਇਹ ਅਮਰ ਗਾਥਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਬਹਾਦਰੀ, ਅਣਖ ਅਤੇ ਦੇਸ਼ ਲਈ ਕੁਰਬਾਨੀ ਦੇਣ ਦੀ ਪ੍ਰੇਰਣਾ ਦਿੰਦੀ ਰਹੇਗੀ।
