Google search engine
Home Global ਲਹਿੰਦੇ ਪੰਜਾਬ ਦੇ ਹੋਣਹਾਰ ਸਿੱਖ ਵਿਦਿਆਰਥੀ ਉਂਕਾਰ ਸਿੰਘ ਦੀ ਵੱਡੀ ਪ੍ਰਾਪਤੀ; SGPC...

ਲਹਿੰਦੇ ਪੰਜਾਬ ਦੇ ਹੋਣਹਾਰ ਸਿੱਖ ਵਿਦਿਆਰਥੀ ਉਂਕਾਰ ਸਿੰਘ ਦੀ ਵੱਡੀ ਪ੍ਰਾਪਤੀ; SGPC ਦੇਵੇਗੀ 51 ਹਜ਼ਾਰ ਰੁਪਏ ਦਾ ਸਨਮਾਨ

ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ਵਿੱਚ ਦੂਜਾ ਸਥਾਨ ਹਾਸਲ ਕਰਕੇ ਰੌਸ਼ਨ ਕੀਤਾ ਸਿੱਖ ਕੌਮ ਦਾ ਨਾਮ; ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਲਿਆ ਗਿਆ ਫ਼ੈਸਲਾ

ਲਾਹੌਰ ਬੋਰਡ ਆਫ਼ ਇੰਟਰਮੀਡੀਏਟ ਐਂਡ ਸੈਕੰਡਰੀ ਐਜੂਕੇਸ਼ਨ ਦੀਆਂ ਸਲਾਨਾ ਮੈਟ੍ਰਿਕ ਪ੍ਰੀਖਿਆਵਾਂ ਵਿੱਚ ਪਾਕਿਸਤਾਨ ਸਥਿਤ ਲਹਿੰਦੇ ਪੰਜਾਬ ਸੂਬੇ ਵਿੱਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਸਿੱਖ ਵਿਦਿਆਰਥੀ ਉਂਕਾਰ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ।

ਉਂਕਾਰ ਸਿੰਘ ਦੀ ਸ਼ਾਨਦਾਰ ਵਿੱਦਿਅਕ ਪ੍ਰਾਪਤੀ ਅਤੇ ਹੌਸਲਾ-ਅਫ਼ਜ਼ਾਈ ਲਈ ਸ਼੍ਰੋਮਣੀ ਕਮੇਟੀ ਨੇ ਉਸ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਉਂਕਾਰ ਸਿੰਘ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਉਂਕਾਰ ਸਿੰਘ ਪਹਿਲਾਂ ਵੀ ਆਪਣੀ ਪੜ੍ਹਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਚੁੱਕਾ ਹੈ। ਉਸ ਨੇ ਨੌਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਵੀ ਦੂਜਾ ਸਥਾਨ ਹਾਸਲ ਕੀਤਾ ਸੀ ਅਤੇ ਉਹ ਲਗਾਤਾਰ ਵਿੱਦਿਅਕ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦੇ ਰਿਹਾ ਹੈ।

ਉਂਕਾਰ ਸਿੰਘ ਦੇ ਪਰਿਵਾਰ ਦੀ ਵੀ ਸਿੱਖ ਭਾਈਚਾਰੇ ਵਿੱਚ ਵਿਸ਼ੇਸ਼ ਪਛਾਣ ਹੈ। ਉਸ ਦੇ ਪਿਤਾ ਡਾ. ਮਿਮਪਾਲ ਸਿੰਘ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ ਅਤੇ ਵਿੱਦਿਅਕ ਤੇ ਡਾਕਟਰੀ ਖੇਤਰ ਵਿੱਚ ਵਿਸ਼ੇਸ਼ ਪਛਾਣ ਰੱਖਦੇ ਹਨ। ਉਹ ਪਾਕਿਸਤਾਨ ਦੇ ਪਹਿਲੇ ਸਿੱਖ ਡਾਕਟਰ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਪਾਕਿਸਤਾਨ ਸਰਕਾਰ ਵੱਲੋਂ ਉਨ੍ਹਾਂ ਨੂੰ ‘ਤਮਗਾ-ਏ-ਇਮਤਿਆਜ਼’ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਭਾਈਚਾਰਾ ਘੱਟ ਗਿਣਤੀ ਵਿੱਚ ਹੋਣ ਦੇ ਬਾਵਜੂਦ ਉਂਕਾਰ ਸਿੰਘ ਵੱਲੋਂ ਵਿੱਦਿਅਕ ਖੇਤਰ ਵਿੱਚ ਹਾਸਲ ਕੀਤੀ ਇਹ ਮਾਣਮੱਤੀ ਪ੍ਰਾਪਤੀ ਸਮੁੱਚੀ ਸਿੱਖ ਕੌਮ ਲਈ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਉਂਕਾਰ ਸਿੰਘ ਆਪਣੀ ਮਿਹਨਤ, ਲਿਆਕਤ ਅਤੇ ਲਗਨ ਨਾਲ ਭਵਿੱਖ ਵਿੱਚ ਵੀ ਹੋਰ ਵੱਡੀਆਂ ਪ੍ਰਾਪਤੀਆਂ ਕਰੇਗਾ ਅਤੇ ਸਿੱਖ ਕੌਮ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕਰੇਗਾ।

Exit mobile version