Google search engine
Home Indian ਪੰਜਾਬ ਫੇਰੀ ਤੋਂ ਪਹਿਲਾਂ ਸਚਿਨ ਪਾਇਲਟ ਨੇ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬ ਫੇਰੀ ਤੋਂ ਪਹਿਲਾਂ ਸਚਿਨ ਪਾਇਲਟ ਨੇ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਪਹਿਲੀ ਫੇਰੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਕੀਤੀ ਅਰਦਾਸ; ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਨ ਦਾ ਐਲਾਨ

ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਸਚਿਨ ਪਾਇਲਟ ਨੇ 15 ਸਤੰਬਰ ਨੂੰ ਹੋਣ ਵਾਲੇ ਆਪਣੇ ਪੰਜਾਬ ਦੌਰੇ ਤੋਂ ਪਹਿਲਾਂ ਅੱਜ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ। ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਇਹ ਉਨ੍ਹਾਂ ਦੀ ਪੰਜਾਬ ਦੀ ਪਲੇਠੀ ਫੇਰੀ ਹੈ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸਚਿਨ ਪਾਇਲਟ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਸ਼ਾਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ’ ਦਾ ਜੈਕਾਰਾ ਵੀ ਲਾਇਆ।

ਪੰਜਾਬ ਦੌਰੇ ਤੋਂ ਪਹਿਲਾਂ ਸਚਿਨ ਪਾਇਲਟ ਨੇ ਸੂਬੇ ਵਿੱਚ ਵਧ ਰਹੀ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਹੁਣ ਹਰ ਘਰ ਤੱਕ ਪਹੁੰਚ ਰਹੀ ਹੈ, ਪਰ ਸੂਬਾ ਸਰਕਾਰ ਨੇ ਇਸ ਸੰਕਟ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਆਮ ਨਾਗਰਿਕ ਸਰਕਾਰ ਤੋਂ ਸਵਾਲ ਪੁੱਛਦੇ ਹਨ ਤਾਂ ਜਵਾਬਦੇਹੀ ਤੈਅ ਕਰਨ ਦੀ ਬਜਾਏ ਉਨ੍ਹਾਂ ਦੀਆਂ ਆਵਾਜ਼ਾਂ ਨੂੰ ਦਬਾਉਣ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਪਾਇਲਟ ਨੇ ਗੁਲਜ਼ਾਰ ਸਿੰਘ ਦੇ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣ ਦੀ ਕਾਂਗਰਸ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਨਸ਼ਾ ਤਸਕਰੀ ਦੇ ਮੁੱਦੇ ’ਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਸੰਘਰਸ਼ ਜਾਰੀ ਰੱਖੇਗੀ।

ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਵਿਸ਼ਾਲ ਰੋਸ ਮਾਰਚ ਦਾ ਐਲਾਨ

ਸਚਿਨ ਪਾਇਲਟ ਨੇ ਐਲਾਨ ਕੀਤਾ ਕਿ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਵਿੱਚ ਵਧ ਰਹੀ ਨਸ਼ਾ ਤਸਕਰੀ ਦੇ ਵਿਰੋਧ ਵਿੱਚ ਕਾਂਗਰਸ ਵੱਲੋਂ ਕੱਲ੍ਹ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਅਤੇ ਕਾਂਗਰਸ ਦੇ ਸਾਰੇ ਆਗੂ ਇਸ ਰੋਸ ਮਾਰਚ ਵਿੱਚ ਸ਼ਾਮਲ ਹੋਣਗੇ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਕੂਚ ਕਰਨਗੇ।

ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮੰਗ ਬਿਲਕੁਲ ਸਪੱਸ਼ਟ ਹੈ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਜਾਵੇ। ਪਾਇਲਟ ਨੇ ਕਿਹਾ ਕਿ ਇਹ ਲੜਾਈ ਸਿਰਫ਼ ਗੁਲਜ਼ਾਰ ਸਿੰਘ ਦੇ ਪਰਿਵਾਰ ਤੱਕ ਸੀਮਤ ਨਹੀਂ ਹੈ, ਸਗੋਂ ਹਰ ਉਸ ਪੰਜਾਬੀ ਦੀ ਲੜਾਈ ਹੈ ਜੋ ਆਪਣੇ ਪਰਿਵਾਰ ਅਤੇ ਬੱਚਿਆਂ ਦਾ ਭਵਿੱਖ ਨਸ਼ਿਆਂ ਕਾਰਨ ਬਰਬਾਦ ਹੁੰਦਾ ਦੇਖ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਮੁਕਤੀ ਦਿਵਾਉਣ ਲਈ ਸਿਆਸੀ ਬਿਆਨਾਂ ਤੋਂ ਅੱਗੇ ਵਧ ਕੇ ਠੋਸ ਕਾਰਵਾਈ ਦੀ ਲੋੜ ਹੈ। ਕਾਂਗਰਸ ਇਸ ਮੁੱਦੇ ’ਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਆਪਣਾ ਸੰਘਰਸ਼ ਜਾਰੀ ਰੱਖੇਗੀ।

Exit mobile version