ਭਗਵੰਤ ਮਾਨ ਦਾ ਨਾਇਬ ਸਿੰਘ ਸੈਣੀ ’ਤੇ ਤਿੱਖਾ ਨਿਸ਼ਾਨਾ; ਕਿਹਾ—ਨਕਲੀ ਪੱਗ ਪਾ ਕੇ ਪੰਜਾਬੀਆਂ ਦਾ ਦਿਲ ਨਹੀਂ ਜਿੱਤਿਆ ਜਾ ਸਕਦਾ
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਨਾਲ ਹੀ ਸਾਰੀਆਂ ਰਾਜਸੀ ਪਾਰਟੀਆਂ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਦੌਰਾਨ ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਵੀ ਪੰਜਾਬ ਵਿੱਚ ਆਪਣੀ ਸਰਗਰਮੀ ਵਧਾ ਦਿੱਤੀ ਗਈ ਹੈ। ਉਹ ਹਰ ਦੋ-ਤਿੰਨ ਦਿਨਾਂ ਬਾਅਦ ਪੰਜਾਬ ਦਾ ਦੌਰਾ ਕਰ ਰਹੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਸਿਆਸੀ ਹਮਲੇ ਕਰ ਰਹੇ ਹਨ।
ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਵਧਾਈਆਂ ਜਾ ਰਹੀਆਂ ਸਿਆਸੀ ਸਰਗਰਮੀਆਂ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਾਇਬ ਸਿੰਘ ਸੈਣੀ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਾਇਬ ਸਿੰਘ ਸੈਣੀ ਨਕਲੀ ਪੱਗ ਰੱਖ ਕੇ ਪੰਜਾਬੀਆਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਅਜਿਹਾ ਕਰਕੇ ਪੰਜਾਬੀਆਂ ਦਾ ਦਿਲ ਨਹੀਂ ਜਿੱਤਿਆ ਜਾ ਸਕਦਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਗੱਲ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਾਇਬ ਸਿੰਘ ਸੈਣੀ ਨੇ ਆਪਣੀ ਕਾਰ ਵਿੱਚ ਪੱਗ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਸੈਣੀ ਪੰਚਕੂਲਾ ਵਿੱਚ ਹੁੰਦੇ ਹਨ ਤਾਂ ਪੱਗ ਨਹੀਂ ਰੱਖਦੇ, ਪਰ ਜਿਵੇਂ ਹੀ ਉਹ ਪੰਜਾਬ ਵਿੱਚ ਦਾਖ਼ਲ ਹੋਣ ਲੱਗਦੇ ਹਨ ਤਾਂ ਸਿਰ ’ਤੇ ਪੱਗ ਸਜਾ ਲੈਂਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਨਕਲੀ ਪੱਗ ਰੱਖ ਕੇ ਪੰਜਾਬੀਆਂ ਦਾ ਦਿਲ ਨਹੀਂ ਜਿੱਤਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦਾ ਦਿਲ ਜਿੱਤਣ ਲਈ ਉਨ੍ਹਾਂ ਨਾਲ ਮਤਰੇਆ ਸਲੂਕ ਕਰਨ ਦੀ ਬਜਾਏ ਉਨ੍ਹਾਂ ਨੂੰ ਦਿਲ ਨਾਲ ਲਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਸੱਚੀ ਸਾਂਝ ਅਤੇ ਆਪਣਾਪਣ ਹੀ ਉਨ੍ਹਾਂ ਦਾ ਭਰੋਸਾ ਜਿੱਤ ਸਕਦਾ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਪਾਰਟੀ ’ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਸਮੇਂ ਆਪਣੇ ਅੰਦਰੂਨੀ ਕਾਟੋ-ਕਲੇਸ਼ ਵਿੱਚ ਉਲਝੀ ਹੋਈ ਹੈ ਅਤੇ ਉਸ ਨੂੰ ਪੰਜਾਬ ਤੇ ਇੱਥੋਂ ਦੇ ਲੋਕਾਂ ਨਾਲ ਕੋਈ ਮਤਲਬ ਨਹੀਂ ਹੈ।
