ਸਰਹੱਦ ਪਾਰੋਂ ਹਥਿਆਰਾਂ, ਵਿਸਫੋਟਕਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼; ਨੌਜਵਾਨਾਂ ਨੂੰ ਅਤਿਵਾਦ ਵੱਲ ਧੱਕਣ ਅਤੇ ਭੜਕਾਊ ਡਿਜੀਟਲ ਸਮੱਗਰੀ ਫੈਲਾਉਣ ਦੇ ਵੀ ਇਲਜ਼ਾਮ
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਪਾਕਿਸਤਾਨ ਅਧਾਰਿਤ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਅਤਿਵਾਦੀ ਸੰਗਠਨ ਘੋਸ਼ਿਤ ਕਰ ਦਿੱਤਾ ਹੈ। ਸਰਕਾਰ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਇਸ ਨੈੱਟਵਰਕ ਨੂੰ ਯੂਏਪੀਏ ਦੀ ਪਹਿਲੀ ਅਨੁਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਗ੍ਰਹਿ ਮੰਤਰਾਲੇ ਦੇ ਅਨੁਸਾਰ, ਸ਼ਹਿਜ਼ਾਦ ਭੱਟੀ ਨੈੱਟਵਰਕ ’ਤੇ ਸਰਹੱਦ ਪਾਰੋਂ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ਹਨ। ਮੰਤਰਾਲੇ ਦਾ ਕਹਿਣਾ ਹੈ ਕਿ ਨੈੱਟਵਰਕ ਵੱਲੋਂ ਨੌਜਵਾਨਾਂ ਅਤੇ ਸਥਾਨਕ ਪੱਧਰ ’ਤੇ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਨੂੰ ਅਤਿਵਾਦੀ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਰਹੀ ਹੈ।
ਅਧਿਸੂਚਨਾ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਨੈੱਟਵਰਕ ਵੱਲੋਂ ਡਿਜੀਟਲ ਸੰਚਾਰ ਮਾਧਿਅਮਾਂ ਦੀ ਵਰਤੋਂ ਕਰਕੇ ਭੜਕਾਊ ਸੁਨੇਹੇ ਅਤੇ ਨਫ਼ਰਤ ਪੈਦਾ ਕਰਨ ਵਾਲੀ ਸਮੱਗਰੀ ਫੈਲਾਉਣ ਦੇ ਦੋਸ਼ ਹਨ। ਸਰਕਾਰ ਨੇ ਇਸ ਨੂੰ ਦੇਸ਼ ਦੀ ਅੰਦਰੂਨੀ ਸੁਰੱਖਿਆ, ਲੋਕਤੰਤਰੀ ਢਾਂਚੇ ਅਤੇ ਫਿਰਕੂ ਸਦਭਾਵਨਾ ਲਈ ਖ਼ਤਰਾ ਦੱਸਿਆ ਹੈ।
ਗ੍ਰਹਿ ਮੰਤਰਾਲੇ ਨੇ ਇਸ ਕਾਰਵਾਈ ਨੂੰ ਸਰਹੱਦ ਪਾਰੋਂ ਹੋਣ ਵਾਲੇ ਅਤਿਵਾਦ ਵਿਰੁੱਧ ਸਰਕਾਰ ਦੀ ਨੀਤੀ ਨਾਲ ਜੋੜਿਆ ਹੈ। ਇਸੇ ਸਾਲ ਆਜ਼ਾਦੀ ਦਿਵਸ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਨੇ ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਦੇਸ਼ ਦੇ ਕਈ ਰਾਜਾਂ ਵਿੱਚ ਵੱਡੀ ਸਾਂਝੀ ਕਾਰਵਾਈ ਕੀਤੀ ਸੀ। ਸਰਕਾਰੀ ਅੰਕੜਿਆਂ ਅਨੁਸਾਰ 14 ਰਾਜਾਂ ਵਿੱਚ 253 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਨੈੱਟਵਰਕ ਨਾਲ ਸਬੰਧਤ 80 ਤੋਂ ਵੱਧ ਐੱਫ਼ਆਈਆਰ ਦਰਜ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ 200 ਤੋਂ ਵੱਧ ਗ੍ਰਿਫ਼ਤਾਰੀਆਂ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ।
ਇਸ ਕਾਰਵਾਈ ਦੌਰਾਨ ਸੁਰੱਖਿਆ ਏਜੰਸੀਆਂ ਵੱਲੋਂ ਆਈਈਡੀ, ਪਿਸਤੌਲ, ਜ਼ਿੰਦਾ ਕਾਰਤੂਸ, ਨਿਗਰਾਨੀ ਲਈ ਵਰਤੇ ਜਾਣ ਵਾਲੇ ਉਪਕਰਨ ਅਤੇ ਪਾਕਿਸਤਾਨ ਆਰਡਨੈਂਸ ਫੈਕਟਰੀ ਦੀ ਨਿਸ਼ਾਨਦੇਹੀ ਵਾਲੇ ਗ੍ਰਨੇਡ ਬਰਾਮਦ ਕਰਨ ਦਾ ਵੀ ਦਾਅਵਾ ਕੀਤਾ ਗਿਆ ਸੀ। ਅਧਿਕਾਰੀਆਂ ਅਨੁਸਾਰ ਇਨ੍ਹਾਂ ਬਰਾਮਦਗੀਆਂ ਦੀ ਜਾਂਚ ਨੈੱਟਵਰਕ ਦੇ ਕਥਿਤ ਸਰਹੱਦ ਪਾਰ ਸਬੰਧਾਂ ਦੇ ਸੰਦਰਭ ਵਿੱਚ ਕੀਤੀ ਜਾ ਰਹੀ ਹੈ।
ਗ੍ਰਹਿ ਮੰਤਰਾਲੇ ਦੀ ਅਧਿਸੂਚਨਾ ਵਿੱਚ ਕਿਹਾ ਗਿਆ ਹੈ ਕਿ ਨੈੱਟਵਰਕ ਨਾਲ ਜੁੜੇ ਲੋਕਾਂ ਵਿਰੁੱਧ ਵੱਖ-ਵੱਖ ਕਾਨੂੰਨਾਂ ਤਹਿਤ ਕਈ ਮਾਮਲੇ ਦਰਜ ਹਨ। ਇਨ੍ਹਾਂ ਵਿੱਚ ਯੂਏਪੀਏ, ਭਾਰਤੀ ਨਿਆਂ ਸੰਹਿਤਾ, ਹਥਿਆਰ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਹੋਰ ਕਾਨੂੰਨਾਂ ਦੀਆਂ ਧਾਰਾਵਾਂ ਸ਼ਾਮਲ ਹਨ। ਸਰਕਾਰ ਦਾ ਕਹਿਣਾ ਹੈ ਕਿ ਨੈੱਟਵਰਕ ਵੱਲੋਂ ਨੌਜਵਾਨਾਂ ਨੂੰ ਵੱਖ-ਵੱਖ ਲਾਲਚ ਦੇ ਕੇ ਕੱਟੜਪੰਥੀ ਬਣਾਉਣ ਅਤੇ ਗੈਰ-ਕਾਨੂੰਨੀ ਤੇ ਅਤਿਵਾਦੀ ਗਤੀਵਿਧੀਆਂ ਲਈ ਸਰੋਤ ਇਕੱਠੇ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ।
ਇਸ ਕਾਰਵਾਈ ਤੋਂ ਬਾਅਦ ਸ਼ਹਿਜ਼ਾਦ ਭੱਟੀ ਨੈੱਟਵਰਕ ਹੁਣ ਯੂਏਪੀਏ ਤਹਿਤ ਸਰਕਾਰੀ ਤੌਰ ’ਤੇ ਦਰਜ ਅਤਿਵਾਦੀ ਸੰਗਠਨਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ।
