Google search engine
Home Punjab News ਫ਼ਤਹਿਗੜ੍ਹ ਸਾਹਿਬ ਰੈਲੀ ਵਿੱਚ ਸੁਖਬੀਰ ਬਾਦਲ ਦੇ ਸਰਕਾਰ ’ਤੇ ਤਿੱਖੇ ਨਿਸ਼ਾਨੇ

ਫ਼ਤਹਿਗੜ੍ਹ ਸਾਹਿਬ ਰੈਲੀ ਵਿੱਚ ਸੁਖਬੀਰ ਬਾਦਲ ਦੇ ਸਰਕਾਰ ’ਤੇ ਤਿੱਖੇ ਨਿਸ਼ਾਨੇ

18

ਬਲਜੀਤ ਸਿੰਘ ਭੁੱਟਾ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨਿਆ; ਅਕਾਲੀ ਦਲ ਦੇ ਹੱਕ ਵਿੱਚ ਮਾਹੌਲ ਬਣਨ ਦਾ ਕੀਤਾ ਦਾਅਵਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਹਿੰਦ ਵਿੱਚ ਪਾਰਟੀ ਵੱਲੋਂ ਕਰਵਾਈ ‘ਪੰਜਾਬ ਬਚਾਓ ਰੈਲੀ’ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ’ਤੇ ਘੇਰਦਿਆਂ ਕਿਹਾ ਕਿ ਅਕਾਲੀ ਦਲ ਦੇ ਹੱਕ ਵਿੱਚ ਹਨੇਰੀ ਚੱਲਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਪੰਥ ਵਿਰੋਧੀ ਅਤੇ ਦਿੱਲੀ ਦੀਆਂ ਪਾਰਟੀਆਂ ਨੂੰ ਹਰਾਉਣ ਲਈ ਪਾਰਟੀ ਦਾ ਸਾਥ ਦੇਣਗੇ। ਇਸ ਮੌਕੇ ਉਨ੍ਹਾਂ ਬਲਜੀਤ ਸਿੰਘ ਭੁੱਟਾ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਵੀ ਐਲਾਨਿਆ।

ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਪਛਾਣ ਕਰਨ ਕਿ ਕਿਹੜੀ ਪਾਰਟੀ ਉਨ੍ਹਾਂ ਦੀ ਆਪਣੀ ਹੈ ਅਤੇ ਕਿਹੜੀ ਪਾਰਟੀ ਕਥਿਤ ਤੌਰ ’ਤੇ ਏਜੰਸੀਆਂ ਦੀ ਕਠਪੁਤਲੀ ਹੈ। ‘ਵਾਰਿਸ ਪੰਜਾਬ’ ਪਾਰਟੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਇਸ ਦਾ ਮਕਸਦ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਵਿਕਾਸ, ਅਮਨ, ਭਾਈਚਾਰਕ ਸਾਂਝ ਅਤੇ ‘ਸਰਬੱਤ ਦਾ ਭਲਾ’ ਦੀ ਸੋਚ ਲਈ ਵਚਨਬੱਧ ਹੈ।

ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਪੰਜਾਬ ਨੇ ਅਜਿਹਾ ਮੁੱਖ ਮੰਤਰੀ ਨਹੀਂ ਦੇਖਿਆ, ਜਿਸ ਦਾ ਦਫ਼ਤਰ ਭ੍ਰਿਸ਼ਟਾਚਾਰ ਦਾ ਅੱਡਾ ਬਣਿਆ ਹੋਵੇ। ਉਨ੍ਹਾਂ ਜਬਰ-ਜਨਾਹ ਦੇ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਕਥਿਤ ਤੌਰ ’ਤੇ ਕਰੋੜਾਂ ਰੁਪਏ ਲੈ ਕੇ ਸੁਰੱਖਿਆ ਦੇਣ ਅਤੇ ਗੈਂਗਸਟਰਾਂ ਨੂੰ ‘ਆਪ’ ਵਿੱਚ ਸ਼ਾਮਲ ਕਰਨ ਦੇ ਦੋਸ਼ ਵੀ ਲਗਾਏ।

ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ’ਤੇ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਹਮੇਸ਼ਾ ਰਾਜਨੀਤੀ ਕਰਨ ਦਾ ਦੋਸ਼ ਲਾਇਆ। ਇਸ ਤੋਂ ਇਲਾਵਾ ਉਨ੍ਹਾਂ ਸੂਬੇ ਵਿੱਚ ਬਿਜਲੀ ਕੱਟਾਂ ਲਈ ਵੀ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ।

ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹੱਕ ਵਿੱਚ ਬਣ ਰਹੇ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਅਤੇ ਲੋਕਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।

ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਇੰਚਾਰਜ ਦਰਬਾਰਾ ਸਿੰਘ ਗੁਰੂ ਸਮੇਤ ਹੋਰ ਆਗੂ ਹਾਜ਼ਰ ਸਨ।

 

Google search engine
Google search engine