HomePunjab Newsਤਿਉਹਾਰੀ ਮੌਸਮ ਤੋਂ ਪਹਿਲਾਂ ਪੰਜਾਬ ’ਚ ਖੁਰਾਕ ਸੁਰੱਖਿਆ ਦੀ ਸਖ਼ਤੀ, ਮਠਿਆਈ ਤੇ...

ਤਿਉਹਾਰੀ ਮੌਸਮ ਤੋਂ ਪਹਿਲਾਂ ਪੰਜਾਬ ’ਚ ਖੁਰਾਕ ਸੁਰੱਖਿਆ ਦੀ ਸਖ਼ਤੀ, ਮਠਿਆਈ ਤੇ ਬੇਕਰੀ ਇਕਾਈਆਂ ਦੀ ਜਾਂਚ ਤੇਜ਼

ਪਨੀਰ ਤੇ ਖੋਏ ਦੇ 216 ਨਮੂਨੇ ਭਰੇ; 250 ਜਾਂਚਾਂ ਦੌਰਾਨ 101 ਸੁਧਾਰ ਨੋਟਿਸ ਅਤੇ 20 ਚਲਾਨ ਜਾਰੀ

ਆਉਣ ਵਾਲੇ ਤਿਉਹਾਰੀ ਮੌਸਮ ਨੂੰ ਦੇਖਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਖੁਰਾਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਜਾਂਚ ਅਤੇ ਛਾਪੇਮਾਰੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਵੱਲੋਂ ਮਠਿਆਈਆਂ, ਡੇਅਰੀ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਗੁਣਵੱਤਾ ਅਤੇ ਸਫਾਈ ਦੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਜਾ ਰਹੀ ਹੈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਖੁਰਾਕ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਤਿਉਹਾਰੀ ਮੌਸਮ ਦੌਰਾਨ ਮਠਿਆਈਆਂ, ਦੁੱਧ ਤੋਂ ਬਣੇ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਮੰਗ ਵਧ ਜਾਂਦੀ ਹੈ, ਇਸ ਲਈ ਇਨ੍ਹਾਂ ਦੀ ਗੁਣਵੱਤਾ ਅਤੇ ਸਫਾਈ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।

ਉਨ੍ਹਾਂ ਸਾਰੇ ਖੁਰਾਕ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੁਰਾਕ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਕਾਰੋਬਾਰੀ ਕੱਚੇ ਮਾਲ ਦੀ ਸਹੀ ਖਰੀਦ ਅਤੇ ਸੁਰੱਖਿਅਤ ਸੰਭਾਲ ਯਕੀਨੀ ਬਣਾਉਣ, ਉਤਪਾਦਨ ਵਾਲੀਆਂ ਥਾਵਾਂ ’ਤੇ ਸਫਾਈ ਦਾ ਪੂਰਾ ਪ੍ਰਬੰਧ ਰੱਖਣ ਅਤੇ ਕਿਸੇ ਵੀ ਕਿਸਮ ਦੀ ਮਿਲਾਵਟਖੋਰੀ ਤੋਂ ਬਚਣ।

ਡਾ. ਬਲਬੀਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਲੋਕਾਂ ਦੀ ਸਿਹਤ ਲਈ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗੈਰ-ਮਿਆਰੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਖੁਰਾਕ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲਿਆਂ ਖ਼ਿਲਾਫ਼ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ’ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਨੀਰ ਤੇ ਖੋਏ ਦੇ 216 ਨਮੂਨੇ ਲਏ

ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਪੰਜਾਬ ਦੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਨਿਗਰਾਨੀ ਲਈ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

12 ਅਤੇ 13 ਸਤੰਬਰ ਨੂੰ ਪਨੀਰ ਅਤੇ ਖੋਏ ਦੀ ਗੁਣਵੱਤਾ ਦੀ ਜਾਂਚ ਲਈ ਸੂਬਾ ਪੱਧਰੀ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਥਾਵਾਂ ਤੋਂ 216 ਨਮੂਨੇ ਲਏ ਗਏ, ਜਿਨ੍ਹਾਂ ਨੂੰ ਵਿਸਥਾਰਪੂਰਵਕ ਜਾਂਚ ਲਈ ਰਾਜ ਖੁਰਾਕ ਪ੍ਰਯੋਗਸ਼ਾਲਾ ਭੇਜਿਆ ਗਿਆ ਹੈ। ਜਾਂਚ ਰਿਪੋਰਟਾਂ ਮਿਲਣ ਤੋਂ ਬਾਅਦ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਤੇ ਸਬੰਧਤ ਨਿਯਮਾਂ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

250 ਥਾਵਾਂ ਦੀ ਜਾਂਚ, 101 ਸੁਧਾਰ ਨੋਟਿਸ ਜਾਰੀ

ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ 19 ਅਤੇ 20 ਸਤੰਬਰ ਨੂੰ ਮਿਠਾਈ ਅਤੇ ਬੇਕਰੀ ਉਤਪਾਦਨ ਇਕਾਈਆਂ ਵਿੱਚ ਸਫਾਈ ਅਤੇ ਸਵੱਛਤਾ ਮਾਪਦੰਡਾਂ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਪੰਜਾਬ ਭਰ ਵਿੱਚ ਕੁੱਲ 250 ਜਾਂਚਾਂ ਕੀਤੀਆਂ ਗਈਆਂ।

ਜਾਂਚ ਦੌਰਾਨ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਕਾਰੋਬਾਰੀਆਂ ਨੂੰ 101 ਸੁਧਾਰ ਨੋਟਿਸ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੌਕੇ ’ਤੇ ਹੀ 20 ਚਲਾਨ ਵੀ ਕੱਟੇ ਗਏ।

ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਤਿਉਹਾਰੀ ਮੌਸਮ ਦੌਰਾਨ ਖੁਰਾਕੀ ਵਸਤਾਂ ਦੀ ਗੁਣਵੱਤਾ, ਸਫਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਗਰਾਨੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਚਨਚੇਤ ਜਾਂਚਾਂ ਅਤੇ ਨਿਗਰਾਨੀ ਦਾ ਸਿਲਸਿਲਾ ਵੀ ਨਿਰਵਿਘਨ ਜਾਰੀ ਰੱਖਿਆ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments