‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਜਾਰੀ ਕੀਤੀ ਨਸ਼ਾ-ਵਿਰੋਧੀ ਮੁਹਿੰਮ; ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ‘ਛੇਵਾਂ ਦਰਿਆ’ ਗੀਤ ਰਾਹੀਂ ਨਸ਼ਿਆਂ ਖ਼ਿਲਾਫ਼ ਚੁੱਕੀ ਆਵਾਜ਼
ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਸ਼ਿਆਂ ਦਾ ਮੁੱਦਾ ਸਿਆਸੀ ਤੌਰ ’ਤੇ ਹੋਰ ਭਖਦਾ ਨਜ਼ਰ ਆ ਰਿਹਾ ਹੈ। ਭਾਜਪਾ ਨੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਲਈ ਆਪਣੀ ਨਸ਼ਾ-ਵਿਰੋਧੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ ਸੋਸ਼ਲ ਮੀਡੀਆ ’ਤੇ ਨਸ਼ਿਆਂ ਨਾਲ ਸਬੰਧਤ ਕਈ ਗੀਤ, ਵੀਡੀਓਜ਼ ਅਤੇ ਰੀਲਜ਼ ਜਾਰੀ ਕੀਤੀਆਂ ਜਾ ਰਹੀਆਂ ਹਨ।
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਵੀ ਨਸ਼ਿਆਂ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ। ਇਸ ਮੁਹਿੰਮ ਤਹਿਤ ਜਾਰੀ ਕੀਤੇ ਗਏ ਗੀਤਾਂ ਅਤੇ ਵੀਡੀਓਜ਼ ਵਿੱਚ ‘ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’ ਅਤੇ ‘ਛੇਵਾਂ ਦਰਿਆ’ ਖਾਸ ਤੌਰ ’ਤੇ ਚਰਚਾ ਵਿੱਚ ਹਨ।
‘ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’ ਪਾਰਟੀ ਦੀ ਰਸਮੀ ਨਸ਼ਾ-ਵਿਰੋਧੀ ਮੁਹਿੰਮ ਦਾ ਗੀਤ ਹੈ। ਇਸ ਨੂੰ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਵੀ ਜਾਰੀ ਕੀਤਾ ਗਿਆ ਸੀ। ਇਸ ਗੀਤ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਉਭਾਰਦਿਆਂ ‘ਆਪ’ ਸਰਕਾਰ ’ਤੇ ਸਿਆਸੀ ਨਿਸ਼ਾਨਾ ਸੇਧਿਆ ਗਿਆ ਹੈ।
ਇਸੇ ਮੁਹਿੰਮ ਤਹਿਤ ਭਾਜਪਾ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਵੀ ਮਾਈਕ ਸੰਭਾਲਦਿਆਂ ਨਸ਼ਿਆਂ ਦੀ ਸਮੱਸਿਆ ’ਤੇ ‘ਛੇਵਾਂ ਦਰਿਆ’ ਨਾਮ ਦਾ ਗੀਤ ਤਿਆਰ ਕਰਕੇ ਗਾਇਆ ਹੈ। ਗੀਤ ਦੇ ਬੋਲਾਂ ਵਿੱਚ ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਪ੍ਰਭਾਵ ਅਤੇ ਸਰਕਾਰ ਦੀ ਜ਼ਿੰਮੇਵਾਰੀ ਦਾ ਮੁੱਦਾ ਉਠਾਇਆ ਗਿਆ ਹੈ।
ਗੀਤ ਵਿੱਚ ਕਿਹਾ ਗਿਆ ਹੈ, “ਕਿਸੇ ਦਾ ਇੱਕ ਮਰਦਾ, ਕਿਸੇ ਦੇ ਦੋ ਮਰਦੇ, ਗ਼ਲਤੀ ਸਰਕਾਰ ਦੀ ਹੈ, ਹਰਜਾਨੇ ਲੋਕ ਭਰਦੇ, ਨਹੀਂ ਚੱਲਣਾ ਹੁਣ ਬਹੁਤਾ ਚਿਰ ਝਾੜੂ ਵਾਲਿਆਂ ਦਾ ਕਾਰਾ, ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ।”
‘ਛੇਵਾਂ ਦਰਿਆ’ ਗੀਤ ਸੰਸਦ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਸੰਗੀਤਕਾਰ ਅਤੇ ਲੇਖਕ ਜਗਮੀਤ ਬੱਲ ਦੇ ਸਹਿਯੋਗ ਨਾਲ ਲਿਖਿਆ ਗਿਆ ਹੈ। ਸਾਹਨੀ ਪਹਿਲਾਂ ਵੀ ਕਈ ਸਿੱਖ ਧਾਰਮਿਕ ਅਤੇ ਸੂਫ਼ੀ ਗੀਤ ਗਾ ਚੁੱਕੇ ਹਨ।
ਵਿਕਰਮਜੀਤ ਸਾਹਨੀ ਨੇ ‘ਦਿ ਟ੍ਰਿਬਿਊਨ ਸਮੂਹ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਫ਼ੀ ਸੰਗੀਤ ਬਹੁਤ ਪਸੰਦ ਹੈ। ਉਨ੍ਹਾਂ ਕਿਹਾ ਕਿ ਇਹ ਦੇਖ ਕੇ ਬਹੁਤ ਦੁੱਖ ਹੁੰਦਾ ਹੈ ਕਿ ਅੱਜ ਪੰਜਾਬ ਵਿੱਚ ਨਸ਼ਾ ਛੇਵੇਂ ਬੇਰੋਕ ਦਰਿਆ ਵਜੋਂ ਵਗ ਰਿਹਾ ਹੈ।
ਸਾਹਨੀ ਨੇ ਕਿਹਾ ਕਿ ਲੱਖਾਂ ਪੰਜਾਬੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਨੌਜਵਾਨਾਂ ਦੀ ਹੈ, ਨਸ਼ਿਆਂ ਦੀ ਲਪੇਟ ਵਿੱਚ ਹਨ। ਉਨ੍ਹਾਂ ਮੁਤਾਬਕ ਇਹ ਗੀਤ ਪੰਜਾਬ ਦੇ ਸੱਭਿਆਚਾਰਕ ਵਿਰਸੇ, ਲੋਕ ਨਾਚਾਂ ਅਤੇ ਭੰਗੜੇ ਦੀ ਯਾਦ ਦਿਵਾਉਂਦਾ ਹੈ ਅਤੇ ਨਸ਼ਿਆਂ ਦੀ ਅਲਾਮਤ ਖ਼ਿਲਾਫ਼ ਲੜਾਈ ਵਿੱਚ ਇਨ੍ਹਾਂ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ।
ਦੂਜੇ ਪਾਸੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਵਿਕਰਮਜੀਤ ਸਾਹਨੀ ’ਤੇ ਨਿਸ਼ਾਨਾ ਸੇਧਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਛੱਡਣ ਦੇ ਮਹਿਜ਼ ਤਿੰਨ ਮਹੀਨਿਆਂ ਦੇ ਅੰਦਰ ਹੀ ਸੰਸਦ ਮੈਂਬਰ ਸਾਹਨੀ ਨੂੰ ਨਸ਼ਿਆਂ ਦੀ ਸਮੱਸਿਆ ਅਚਾਨਕ ਦਿਖਾਈ ਦੇਣ ਲੱਗ ਪਈ ਹੈ ਅਤੇ ਉਨ੍ਹਾਂ ਨੇ ਇਸ ਮੁੱਦੇ ’ਤੇ ਗੀਤ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ।
ਦੀਪਕ ਬਾਲੀ ਨੇ ਸਵਾਲ ਕਰਦਿਆਂ ਕਿਹਾ ਕਿ ਕੀ ਨਸ਼ਿਆਂ ਦਾ ਮੁੱਦਾ ਪਹਿਲਾਂ ਮੌਜੂਦ ਨਹੀਂ ਸੀ ਅਤੇ ਕੀ ਇਹ ਸਮੱਸਿਆ ਸਿਰਫ਼ ਤਿੰਨ ਮਹੀਨਿਆਂ ਵਿੱਚ ਪੈਦਾ ਹੋਈ ਹੈ। ਉਨ੍ਹਾਂ ਇਸ ਨੂੰ ਭਾਜਪਾ ਵੱਲੋਂ ਲਿਆਂਦਾ ਗਿਆ ਅਚਾਨਕ ਬਦਲਾਅ ਕਰਾਰ ਦਿੱਤਾ।
ਬਾਲੀ ਨੇ ਕਿਹਾ ਕਿ ਭਾਜਪਾ ਸਿਰਫ਼ ਗੀਤ ਬਣਾਉਣਾ ਜਾਣਦੀ ਹੈ, ਜਦਕਿ ‘ਆਪ’ ਸਰਕਾਰ ਵੱਲੋਂ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਲਈ ਵੀਡੀਓਜ਼ ਨਹੀਂ ਬਣਾ ਰਹੀ ਕਿਉਂਕਿ ਉਸ ਕੋਲ ਕਰਨ ਲਈ ਕੰਮ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਕਿਸੇ ਵੀ ਸਰਕਾਰ ਵੱਲੋਂ ਪਹਿਲਾਂ ਕਦੇ ਇੰਨੇ ਵੱਡੇ ਪੱਧਰ ’ਤੇ ਕੋਈ ਸੰਗਠਿਤ ਨਸ਼ਾ ਮੁਕਤੀ ਮੁਹਿੰਮ ਨਹੀਂ ਚਲਾਈ ਗਈ, ਜਿਵੇਂ ਕਿ ‘ਆਪ’ ਸਰਕਾਰ ਵੱਲੋਂ ਚਲਾਈ ਜਾ ਰਹੀ ਹੈ।
ਦੀਪਕ ਬਾਲੀ ਨੇ ਅੱਗੇ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿੱਚ ਰੋਜ਼ਾਨਾ ਸਖ਼ਤ ਨਿਗਰਾਨੀ ਕੀਤੀ ਜਾਂਦੀ ਹੈ, ਰਿਪੋਰਟਾਂ ਭੇਜੀਆਂ ਜਾਂਦੀਆਂ ਹਨ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਵੀ ਇਨ੍ਹਾਂ ਮਾਮਲਿਆਂ ’ਤੇ ਗੰਭੀਰ ਕਾਰਵਾਈ ਕੀਤੀ ਜਾਂਦੀ ਹੈ।
ਇਸ ਤਰ੍ਹਾਂ ਪੰਜਾਬ ਵਿੱਚ ਆਗਾਮੀ ਚੋਣਾਂ ਤੋਂ ਪਹਿਲਾਂ ਨਸ਼ਿਆਂ ਦਾ ਮੁੱਦਾ ਸਿਆਸੀ ਚਰਚਾ ਦੇ ਕੇਂਦਰ ਵਿੱਚ ਆ ਗਿਆ ਹੈ। ਇੱਕ ਪਾਸੇ ਭਾਜਪਾ ਵੱਲੋਂ ਗੀਤਾਂ, ਵੀਡੀਓਜ਼ ਅਤੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਰਾਹੀਂ ਇਸ ਮੁੱਦੇ ਨੂੰ ਉਭਾਰਿਆ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ‘ਆਪ’ ਵੱਲੋਂ ਸਰਕਾਰ ਦੀਆਂ ਨਸ਼ਾ-ਵਿਰੋਧੀ ਕਾਰਵਾਈਆਂ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕੰਮਾਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ।




