ਪੰਜ ਮੈਂਬਰੀ ਜਾਂਚ ਕਮੇਟੀ ਗਠਿਤ, 15 ਦਿਨਾਂ ਵਿੱਚ ਰਿਪੋਰਟ ਦੇਣ ਦੇ ਹੁਕਮ; ਅਮਰਜੀਤ ਸਿੰਘ ਚਾਵਲਾ ਦਾ ਅਸਤੀਫ਼ਾ ਵੀ ਪ੍ਰਵਾਨ
ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਨਾਲ ਜੁੜੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਨੂੰ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜਿਨ੍ਹਾਂ ਨੂੰ ਪਹਿਲਾਂ ਮੁਅੱਤਲ ਕੀਤਾ ਗਿਆ ਸੀ, ਨੂੰ ਹੁਣ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹਿਰੀਨ ਤੋਂ ਆਈ ਬੀਬੀ ਦੀ ਆਮਦ ਬਾਰੇ ਕੋਈ ਜਾਣਕਾਰੀ ਨਹੀਂ ਸੀ ਅਤੇ ਨਾ ਹੀ ਬੀਬੀ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕਰਕੇ ਘਟਨਾ ਸਬੰਧੀ ਕੋਈ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ।
ਜਾਂਚ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਵਿੱਚ ਬਲਦੇਵ ਸਿੰਘ ਕਾਇਮਪੁਰ, ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ ਭੋਲੂਵਾਲ ਅਤੇ ਗੁਰਬਖ਼ਸ਼ ਸਿੰਘ ਖਾਲਸਾ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਕਮੇਟੀ ਦਾ ਕੋਆਰਡੀਨੇਟਰ ਬਣਾਇਆ ਗਿਆ ਹੈ। ਕਮੇਟੀ ਵੱਲੋਂ 15 ਦਿਨਾਂ ਵਿੱਚ ਮਾਮਲੇ ਦੀ ਜਾਂਚ ਕਰਕੇ ਆਪਣੀ ਰਿਪੋਰਟ ਸੌਂਪੀ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਹਿਰੀਨ ਤੋਂ ਆਈ ਬੀਬੀ ਕਿੱਥੋਂ ਆਈ, ਕਦੋਂ ਆਈ ਅਤੇ ਉਸ ਨੂੰ ਕੌਣ ਲੈ ਕੇ ਆਇਆ, ਇਸ ਬਾਰੇ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਿਆਨੀ ਮਲਕੀਤ ਸਿੰਘ ਨੂੰ ਪੰਥ ਵਿੱਚੋਂ ਛੇਕਣ ਦੇ ਫ਼ੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਸਿੱਖ ਸੰਸਥਾ ਦੀਆਂ ਸੇਵਾਵਾਂ ਤੋਂ ਤੁਰੰਤ ਪ੍ਰਭਾਵ ਨਾਲ ਫ਼ਾਰਗ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਸੀ। ਇਸੇ ਮਾਮਲੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਇੱਕ ਡਰਾਈਵਰ ਨੂੰ ਵੀ ਮੁਅੱਤਲ ਕੀਤਾ ਗਿਆ ਸੀ।
ਇਸ ਤੋਂ ਇਲਾਵਾ ਅਮਰਜੀਤ ਸਿੰਘ ਚਾਵਲਾ ਵੱਲੋਂ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਗਿਆ ਅਸਤੀਫ਼ਾ ਵੀ ਤੁਰੰਤ ਪ੍ਰਵਾਨ ਕਰ ਲਿਆ ਗਿਆ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜਿਸ ਦਿਨ ਇਹ ਮਾਮਲਾ ਸਾਹਮਣੇ ਆਇਆ ਸੀ, ਉਸੇ ਦਿਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਹੁਣ ਪੰਜ ਮੈਂਬਰੀ ਕਮੇਟੀ ਵੱਲੋਂ ਵੀ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਇਸ ਮਾਮਲੇ ਨਾਲ ਸਬੰਧਤ ਹੋਰ ਸਵਾਲਾਂ ਦੇ ਜਵਾਬ ਵੀ ਦਿੱਤੇ ਜਾਣਗੇ ਅਤੇ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਅਗਲੀ ਕਾਰਵਾਈ ਬਾਰੇ ਫ਼ੈਸਲਾ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਖ਼ਿਲਾਫ਼ ਪੰਥਕ ਕਾਰਵਾਈ ਕੀਤੀ ਗਈ ਸੀ। ਦੋਵਾਂ ਨੂੰ ਪੰਥ ਵਿੱਚੋਂ ਛੇਕ ਦਿੱਤਾ ਗਿਆ ਅਤੇ ਸਿੱਖ ਸੰਗਤ ਨੂੰ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਸਾਂਝ ਨਾ ਰੱਖਣ ਲਈ ਕਿਹਾ ਗਿਆ।
ਦੂਜੇ ਪਾਸੇ, ਅਮਰਜੀਤ ਸਿੰਘ ਚਾਵਲਾ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਲਏ ਗਏ ਫ਼ੈਸਲੇ ’ਤੇ ਸਵਾਲ ਉਠਾਏ ਹਨ। ਉਨ੍ਹਾਂ ਵੀਡੀਓ ਵਿੱਚ ਕਿਹਾ ਕਿ ਮਾਮਲੇ ਵਿੱਚ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਇੱਕ ਵਾਰ ਉਨ੍ਹਾਂ ਦਾ ਪੱਖ ਵੀ ਸੁਣਿਆ ਜਾਣਾ ਚਾਹੀਦਾ ਸੀ।
ਹੁਣ ਪੰਜ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਤੋਂ ਬਾਅਦ ਹੀ ਇਸ ਮਾਮਲੇ ਨਾਲ ਜੁੜੇ ਹੋਰ ਤੱਥਾਂ ਅਤੇ ਅਗਲੀ ਕਾਰਵਾਈ ਸਬੰਧੀ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਹੈ।




