ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਉੱਚ ਪੱਧਰੀ ਸਮੀਖਿਆ ਮੀਟਿੰਗ; ਲੁਧਿਆਣਾ, ਕਪੂਰਥਲਾ, ਫ਼ਰੀਦਕੋਟ ਤੇ ਤਰਨ ਤਾਰਨ ਵਿੱਚ ਵੱਧ ਮਾਮਲੇ
ਪੰਜਾਬ ਵਿੱਚ ਡੇਂਗੂ ਅਤੇ ਚਿਕਨਗੁਨੀਆ ਦੀ ਸਥਿਤੀ ਨੂੰ ਲੈ ਕੇ ਸਿਹਤ ਵਿਭਾਗ ਨੇ ਰੋਕਥਾਮ ਦੇ ਯਤਨ ਹੋਰ ਤੇਜ਼ ਕਰ ਦਿੱਤੇ ਹਨ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ ਡੇਂਗੂ ਦੇ 451 ਅਤੇ ਚਿਕਨਗੁਨੀਆ ਦੇ 16 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਹੁਣ ਤੱਕ ਡੇਂਗੂ ਕਾਰਨ ਕਿਸੇ ਵੀ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ।
ਸਿਹਤ ਅੰਕੜਿਆਂ ਦੀ ਸਮੀਖਿਆ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਹਿਲਾਂ ਤੋਂ ਕੀਤੇ ਗਏ ਰੋਕਥਾਮ ਇੰਤਜ਼ਾਮਾਂ ਦੇ ਨਤੀਜੇ ਵਜੋਂ ਇਸ ਸਾਲ ਪੰਜਾਬ ਵਿੱਚ ਡੇਂਗੂ ਨਾਲ ਇੱਕ ਵੀ ਮੌਤ ਦਰਜ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਾਮਲਿਆਂ ਦੀ ਨਿਗਰਾਨੀ ਦੇ ਨਾਲ-ਨਾਲ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਲਾਰਵੇ ਦੀ ਪਛਾਣ ਅਤੇ ਉਸ ਨੂੰ ਨਸ਼ਟ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
21 ਸਤੰਬਰ ਤੱਕ ਸੂਬੇ ਵਿੱਚ ਡੇਂਗੂ ਦੇ ਕੁੱਲ 1,00,414 ਸੈਂਪਲਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 64,049 ਸੈਂਪਲਾਂ ਦੀ ਜਾਂਚ ‘ਆਮ ਆਦਮੀ ਕਲੀਨਿਕਾਂ’ ਵਿੱਚ ਕੀਤੀ ਗਈ। ਜਾਂਚ ਦੌਰਾਨ 0.45 ਫ਼ੀਸਦੀ ਪੋਜ਼ੇਟਿਵ ਦਰ ਨਾਲ ਕੁੱਲ 451 ਮਾਮਲੇ ਸਾਹਮਣੇ ਆਏ ਹਨ। ਲੁਧਿਆਣਾ, ਕਪੂਰਥਲਾ, ਫ਼ਰੀਦਕੋਟ ਅਤੇ ਤਰਨ ਤਾਰਨ ਉਹ ਜ਼ਿਲ੍ਹੇ ਹਨ ਜਿੱਥੇ ਡੇਂਗੂ ਦੇ ਮਾਮਲਿਆਂ ਦੀ ਗਿਣਤੀ ਵੱਧ ਦਰਜ ਕੀਤੀ ਗਈ ਹੈ।
ਡਾ. ਬਲਬੀਰ ਸਿੰਘ ਨੇ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਵੱਡੇ ਪੱਧਰ ’ਤੇ ਡੇਂਗੂ ਸੈਂਪਲਿੰਗ ਕੀਤੇ ਜਾਣ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਵਿੱਚ ਸਾਹਮਣੇ ਆਏ ਚਿਕਨਗੁਨੀਆ ਦੇ 16 ਮਾਮਲਿਆਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ।
ਸਿਹਤ ਮੰਤਰੀ ਨੇ ਡਾਇਰੈਕਟੋਰੇਟ ਆਫ਼ ਹੈਲਥ ਸਰਵਿਸਿਜ਼ ਵਿਖੇ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਮੱਛਰਾਂ ਅਤੇ ਦੂਸ਼ਿਤ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਵਿਸ਼ੇਸ਼ ਸਕੱਤਰ ਸਿਹਤ-ਕਮ-ਐੱਮ.ਡੀ. (ਪੀ.ਐੱਚ.ਐੱਸ.ਸੀ.) ਸਾਕਸ਼ੀ ਸਾਹਨੀ, ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ, ਡਿਪਟੀ ਡਾਇਰੈਕਟਰ ਡਾ. ਰੋਹਿਣੀ ਗੋਇਲ, ਸਹਾਇਕ ਡਾਇਰੈਕਟਰ ਡਾ. ਮਨਮੀਤ ਕੌਰ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਡਾ. ਅਰਸ਼ਦੀਪ ਕੌਰ ਸਮੇਤ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਸਿਵਲ ਸਰਜਨ ਅਤੇ ਐਪੀਡੇਮੋਲੋਜਿਸਟ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ।
ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੀ ਕਾਰਵਾਈ ਸਿਰਫ਼ ਡੇਂਗੂ ਦੇ ਮਾਮਲਿਆਂ ਦੀ ਨਿਗਰਾਨੀ ਤੱਕ ਸੀਮਤ ਨਹੀਂ ਹੈ, ਬਲਕਿ ਡੇਂਗੂ ਦੇ ਲਾਰਵੇ ਦੀ ਪਛਾਣ ਕਰਕੇ ਉਸ ਨੂੰ ਮੌਕੇ ’ਤੇ ਹੀ ਨਸ਼ਟ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ ਅਤੇ ਸਿਹਤ ਅਧਿਕਾਰੀਆਂ ਨੂੰ ਨਿਯਮਤ ਸਮੀਖਿਆ ਕਰਨ ਦੇ ਨਾਲ-ਨਾਲ ਡੇਂਗੂ ਦੇ ਹੌਟਸਪੌਟ ਇਲਾਕਿਆਂ ਵਿੱਚ ਫੀਲਡ ਸਰਵੇਖਣ ਤੇਜ਼ ਕਰਨ ਅਤੇ ਐਪੀਡੇਮੋਲੋਜੀ ਟੀਮਾਂ ਦੇ ਦੌਰੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਨੂੰ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਕਰਨ ਵਾਲੀ ਮੁਹਿੰਮ ਵਿੱਚ ਸ਼ਾਮਲ ਕਰਨ ਲਈ ਕਿਹਾ। ਮੰਤਰੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਇਸ ਕੰਮ ਲਈ ਬਣਦਾ ਮਿਹਨਤਾਨਾ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਫ਼ਰੀਦਕੋਟ ਜ਼ਿਲ੍ਹੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉੱਥੇ 100 ਫ਼ੀਸਦੀ ਨਰਸਿੰਗ ਵਿਦਿਆਰਥੀ ਡੇਂਗੂ ਰੋਕਥਾਮ ਮੁਹਿੰਮ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ।
ਮੀਟਿੰਗ ਦੌਰਾਨ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ, ਜਿਨ੍ਹਾਂ ਵਿੱਚ ਦਸਤ, ਹੈਜ਼ਾ ਅਤੇ ਹੈਪੇਟਾਈਟਸ ਸ਼ਾਮਲ ਹਨ, ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ ਦੀ ਗੁਣਵੱਤਾ ’ਤੇ ਲਗਾਤਾਰ ਨਜ਼ਰ ਰੱਖਣ, ਲੀਕੇਜ ਵਾਲੀਆਂ ਪਾਈਪਾਂ ਦੀ ਤੁਰੰਤ ਮੁਰੰਮਤ ਕਰਨ ਅਤੇ ਹਸਪਤਾਲਾਂ ਵਿੱਚ ਓ.ਆਰ.ਐੱਸ., ਨਾੜੀ ਰਾਹੀਂ ਦਿੱਤੇ ਜਾਣ ਵਾਲੇ ਤਰਲ ਪਦਾਰਥਾਂ, ਕਲੋਰੀਨ ਦੀਆਂ ਗੋਲੀਆਂ ਅਤੇ ਹੋਰ ਜ਼ਰੂਰੀ ਦਵਾਈਆਂ ਦਾ ਢੁਕਵਾਂ ਸਟੌਕ ਯਕੀਨੀ ਬਣਾਉਣ ਦੇ ਹੁਕਮ ਦਿੱਤੇ।
ਇਸ ਤੋਂ ਇਲਾਵਾ ਮੰਤਰੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡਾਂ ਦੀ ਵੰਡ ਲਈ ਪਿੰਡਾਂ ਅਤੇ ਮੁਹੱਲਿਆਂ ਦੇ ਪੱਧਰ ’ਤੇ ਸਮਾਗਮ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਬਿਮਾਰੀਆਂ ਦੀ ਰੋਕਥਾਮ ਲਈ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਲੋਕਾਂ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੈ।
ਡਾ. ਬਲਬੀਰ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਪਾਣੀ ਦੇ ਖੜ੍ਹੇ ਹੋਣ ਵਾਲੇ ਸਰੋਤਾਂ ਨੂੰ ਖਤਮ ਕਰਕੇ ਅਤੇ ਸਫ਼ਾਈ ਦਾ ਧਿਆਨ ਰੱਖ ਕੇ ਡੇਂਗੂ ਸਮੇਤ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਕਰਨ ਵਿੱਚ ਮਦਦ ਮਿਲ ਸਕਦੀ ਹੈ।
