ਲਾਲ ਖੂਹ ਤੇ ਕੱਟੜੀ ਚੰਦੂ ਦੀ ਮੌਜੂਦਾ ਸਥਿਤੀ ਦੀ ਜਾਂਚ ਦੀ ਮੰਗ; ਅੰਦਰੂਨੀ ਸ਼ਹਿਰ ਦੇ ਸਿੱਖ ਇਤਿਹਾਸਕ ਸਥਾਨਾਂ ਦਾ ਵਿਆਪਕ ਸਰਵੇਖਣ ਕਰਵਾਉਣ ਲਈ ਕਿਹਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੂੰ ਪੱਤਰ ਲਿਖ ਕੇ ਲਾਹੌਰ ਦੇ ਅੰਦਰੂਨੀ ਸ਼ਹਿਰ ਵਿੱਚ ਮੌਜੂਦ ਸਿੱਖ ਇਤਿਹਾਸ ਨਾਲ ਸਬੰਧਤ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਅਤੇ ਸੰਭਾਲ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਖ਼ਾਸ ਤੌਰ ’ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨਾਲ ਸਬੰਧਤ ਮੰਨੇ ਜਾਂਦੇ ਲਾਲ ਖੂਹ ਅਤੇ ਕੱਟੜੀ ਚੰਦੂ ਦੀ ਮੌਜੂਦਾ ਸਥਿਤੀ ਦੀ ਜਾਂਚ ਕਰਵਾਉਣ ਲਈ ਕਿਹਾ ਹੈ।
ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਨੂੰ ਭੇਜੇ ਪੱਤਰ ਦੀ ਇੱਕ ਕਾਪੀ ਪਾਕਿਸਤਾਨ ਦੇ ਪੰਜਾਬ ਸਰਕਾਰ ਦੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੂੰ ਵੀ ਭੇਜੀ ਹੈ। ਉਨ੍ਹਾਂ ਕਿਹਾ ਕਿ ਪੱਤਰ ਦਾ ਮਕਸਦ ਕਿਸੇ ਸਰਕਾਰ, ਸੰਸਥਾ ਜਾਂ ਵਿਅਕਤੀ ’ਤੇ ਦੋਸ਼ ਲਗਾਉਣਾ ਨਹੀਂ, ਸਗੋਂ ਲਾਹੌਰ ਨਾਲ ਜੁੜੀ ਉਸ ਸਾਂਝੀ ਇਤਿਹਾਸਕ ਵਿਰਾਸਤ ਵੱਲ ਧਿਆਨ ਦਿਵਾਉਣਾ ਹੈ, ਜਿਸ ਵਿੱਚ ਸਿੱਖ ਇਤਿਹਾਸ ਦੇ ਕਈ ਮਹੱਤਵਪੂਰਨ ਅਧਿਆਇ ਦਰਜ ਹਨ।
ਜਥੇਦਾਰ ਨੇ ਕਿਹਾ ਕਿ ਲਾਹੌਰ ਸਿੱਖ ਇਤਿਹਾਸ ਲਈ ਕੋਈ ਬਾਹਰੀ ਜਾਂ ਅਜਨਬੀ ਸਥਾਨ ਨਹੀਂ ਹੈ। ਇਹ ਉਹ ਧਰਤੀ ਹੈ ਜਿੱਥੇ ਸਿੱਖ ਗੁਰੂ ਸਾਹਿਬਾਨ ਦੀਆਂ ਯਾਦਾਂ, ਸਿੱਖ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਗੁਰਸਿੱਖ ਪਰੰਪਰਾ ਨਾਲ ਜੁੜੇ ਕਈ ਮਹੱਤਵਪੂਰਨ ਇਤਿਹਾਸਕ ਅਧਿਆਇ ਆਪਣੀਆਂ ਭੌਤਿਕ ਨਿਸ਼ਾਨੀਆਂ ਸਮੇਤ ਮੌਜੂਦ ਰਹੇ ਹਨ। ਸਮੇਂ ਦੇ ਬਦਲਾਅ, ਸ਼ਹਿਰੀ ਵਿਕਾਸ, ਪੰਜਾਬ ਦੀ ਵੰਡ ਅਤੇ ਹੋਰ ਇਤਿਹਾਸਕ ਹਾਲਾਤਾਂ ਕਾਰਨ ਇਨ੍ਹਾਂ ਵਿੱਚੋਂ ਕਈ ਨਿਸ਼ਾਨੀਆਂ ਜਾਂ ਤਾਂ ਖ਼ਤਮ ਹੋ ਚੁੱਕੀਆਂ ਹਨ ਜਾਂ ਆਪਣੀ ਪਹਿਲੀ ਸਥਿਤੀ ਵਿੱਚ ਨਹੀਂ ਰਹੀਆਂ। ਇਸ ਲਈ ਜੋ ਇਤਿਹਾਸਕ ਨਿਸ਼ਾਨੀਆਂ ਅੱਜ ਵੀ ਮੌਜੂਦ ਹਨ, ਉਨ੍ਹਾਂ ਦੀ ਸੰਭਾਲ ਹੋਰ ਵੀ ਮਹੱਤਵਪੂਰਨ ਬਣ ਜਾਂਦੀ ਹੈ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲਹਿੰਦੇ ਪੰਜਾਬ ਵਿੱਚ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਅਤੇ ਉਨ੍ਹਾਂ ਨੂੰ ਮੁੜ ਖੋਲ੍ਹਣ ਲਈ ਪਾਕਿਸਤਾਨ ਦੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਫੰਡ ਜਾਰੀ ਕਰਨ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਲਾਹੌਰ ਦੇ ਅੰਦਰੂਨੀ ਸ਼ਹਿਰ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਹੋਰ ਵਿਰਾਸਤੀ ਸਥਾਨਾਂ ਦੀ ਵੀ ਪਛਾਣ ਕਰਕੇ ਉਨ੍ਹਾਂ ਦੀ ਸੰਭਾਲ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
ਜਥੇਦਾਰ ਨੇ ਕਿਹਾ ਕਿ ਲਾਲ ਖੂਹ ਅਤੇ ਕੱਟੜੀ ਚੰਦੂ ਨਾਲ ਸਬੰਧਤ ਮਾਮਲਾ ਸਿੱਖ ਸੰਗਤ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਆਇਆ ਹੈ। ਉਨ੍ਹਾਂ ਅਨੁਸਾਰ ਇਨ੍ਹਾਂ ਸਥਾਨਾਂ ਦੇ ਆਲੇ-ਦੁਆਲੇ ਉਸਾਰੀ ਜਾਂ ਤਬਦੀਲੀ ਸਬੰਧੀ ਕਾਰਵਾਈ ਹੋਣ ਦੀਆਂ ਚਿੰਤਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਇਸ ਮਾਮਲੇ ਨੂੰ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਜੁੜਿਆ ਮਹੱਤਵਪੂਰਨ ਵਿਸ਼ਾ ਦੱਸਦਿਆਂ ਅਧਿਕਾਰਤ ਤੱਥਾਂ ਦੇ ਆਧਾਰ ’ਤੇ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਜਥੇਦਾਰ ਗੜਗੱਜ ਨੇ ਪਾਕਿਸਤਾਨ ਦੀ ਪੰਜਾਬ ਸਰਕਾਰ ਨੂੰ ਸੁਝਾਅ ਦਿੱਤਾ ਕਿ ਲਾਹੌਰ ਅੰਦਰੂਨ ਵਿੱਚ ਸਥਿਤ ਲਾਲ ਖੂਹ ਅਤੇ ਕੱਟੜੀ ਚੰਦੂ ਦੀ ਮੌਜੂਦਾ ਸਥਿਤੀ ਦੀ ਤੁਰੰਤ ਜਾਂਚ ਕਰਵਾਈ ਜਾਵੇ। ਜੇਕਰ ਇਨ੍ਹਾਂ ਸਥਾਨਾਂ ’ਤੇ ਕਿਸੇ ਤਰ੍ਹਾਂ ਦੀ ਉਸਾਰੀ ਜਾਂ ਤਬਦੀਲੀ ਦੀ ਕਾਰਵਾਈ ਚੱਲ ਰਹੀ ਹੈ ਤਾਂ ਜਾਂਚ ਪੂਰੀ ਹੋਣ ਤੱਕ ਉਸ ਨੂੰ ਰੋਕਿਆ ਜਾਵੇ।
ਉਨ੍ਹਾਂ ਕਿਹਾ ਕਿ ਵਾਲਡ ਸਿਟੀ ਆਫ਼ ਲਾਹੌਰ ਅਥਾਰਿਟੀ, ਪੁਰਾਤੱਤਵ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਮਾਹਰਾਂ ਰਾਹੀਂ ਇਨ੍ਹਾਂ ਸਥਾਨਾਂ ਦੀ ਇਤਿਹਾਸਕ ਅਤੇ ਵਿਰਾਸਤੀ ਮਹੱਤਤਾ ਦੀ ਪੜਤਾਲ ਕਰਵਾਈ ਜਾਣੀ ਚਾਹੀਦੀ ਹੈ। ਇਸ ਜਾਂਚ ਪ੍ਰਕਿਰਿਆ ਵਿੱਚ ਸਿੱਖ ਇਤਿਹਾਸ ਦੇ ਮਾਹਰਾਂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ।
ਜਥੇਦਾਰ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਸਥਾਨ ਦੀ ਇਤਿਹਾਸਕ ਮਹੱਤਤਾ ਸਾਬਤ ਹੁੰਦੀ ਹੈ ਤਾਂ ਉਸ ਨੂੰ ਕਾਨੂੰਨੀ ਤੌਰ ’ਤੇ ਸੁਰੱਖਿਅਤ ਵਿਰਾਸਤੀ ਸਥਾਨ ਵਜੋਂ ਦਰਜ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਲਾਹੌਰ ਦੇ ਅੰਦਰੂਨੀ ਸ਼ਹਿਰ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਸਾਰੇ ਪ੍ਰਮੁੱਖ ਸਥਾਨਾਂ ਦਾ ਵਿਆਪਕ ਵਿਰਾਸਤੀ ਸਰਵੇਖਣ ਕਰਵਾਉਣ ਦੀ ਵੀ ਮੰਗ ਕੀਤੀ।
ਇਸ ਸਰਵੇਖਣ ਦੌਰਾਨ ਇਨ੍ਹਾਂ ਸਥਾਨਾਂ ਦੀ ਮੌਜੂਦਾ ਸਥਿਤੀ, ਇਤਿਹਾਸਕ ਮਹੱਤਤਾ, ਮਲਕੀਅਤ ਅਤੇ ਕਾਨੂੰਨੀ ਸਥਿਤੀ ਸਬੰਧੀ ਪੂਰਾ ਰਿਕਾਰਡ ਤਿਆਰ ਕਰਨ ਲਈ ਕਿਹਾ ਗਿਆ ਹੈ। ਜਥੇਦਾਰ ਨੇ ਕਿਹਾ ਕਿ ਅਜਿਹੇ ਰਿਕਾਰਡ ਨਾਲ ਇਤਿਹਾਸਕ ਸਥਾਨਾਂ ਦੀ ਪਛਾਣ ਅਤੇ ਭਵਿੱਖ ਵਿੱਚ ਉਨ੍ਹਾਂ ਦੀ ਸੁਰੱਖਿਆ ਲਈ ਢੁੱਕਵੀਂ ਯੋਜਨਾ ਤਿਆਰ ਕਰਨ ਵਿੱਚ ਮਦਦ ਮਿਲ ਸਕਦੀ ਹੈ।
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਕੀਤੀ ਜਾਣ ਵਾਲੀ ਕਿਸੇ ਵੀ ਕਾਰਵਾਈ ਅਤੇ ਜਾਂਚ ਦੇ ਨਤੀਜਿਆਂ ਬਾਰੇ ਸਿੱਖ ਸੰਗਤ ਅਤੇ ਸਿੱਖ ਸੰਸਥਾਵਾਂ ਨੂੰ ਜਾਣਕਾਰੀ ਦਿੱਤੀ ਜਾਵੇ। ਜਥੇਦਾਰ ਗੜਗੱਜ ਨੇ ਆਸ ਪ੍ਰਗਟਾਈ ਕਿ ਪਾਕਿਸਤਾਨ ਦੀ ਪੰਜਾਬ ਸਰਕਾਰ ਉਨ੍ਹਾਂ ਦੇ ਪੱਤਰ ਨੂੰ ਗੰਭੀਰਤਾ ਨਾਲ ਲੈਂਦਿਆਂ ਲੋੜੀਂਦੀ ਕਾਰਵਾਈ ਕਰੇਗੀ।
ਉਨ੍ਹਾਂ ਕਿਹਾ ਕਿ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਭੇਜੀ ਜਾਣੀ ਚਾਹੀਦੀ ਹੈ, ਤਾਂ ਜੋ ਸਿੱਖ ਇਤਿਹਾਸ ਨਾਲ ਜੁੜੀ ਇਸ ਵਿਰਾਸਤ ਦੀ ਸੰਭਾਲ ਸਬੰਧੀ ਅਗਲੇ ਕਦਮਾਂ ਬਾਰੇ ਜਾਣਕਾਰੀ ਉਪਲਬਧ ਰਹੇ।




