48 ਘੰਟਿਆਂ ਵਿੱਚ ਅਸਤੀਫ਼ਾ ਨਾ ਦੇਣ ’ਤੇ ਦੇਸ਼ ਭਰ ਵਿੱਚ ਅੰਦੋਲਨ ਸ਼ੁਰੂ ਕਰਨ ਦਾ ਐਲਾਨ
ਨਵੀਂ ਦਿੱਲੀ: ਕੌਕਰੇਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਨਵੀਂ ਦਿੱਲੀ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਕਿਹਾ ਕਿ ਗਿਆਨੇਸ਼ ਕੁਮਾਰ ਨੂੰ 48 ਘੰਟਿਆਂ ਦੇ ਅੰਦਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਪਾਰਟੀ ਵੱਲੋਂ ਦੇਸ਼ ਭਰ ਵਿੱਚ ਵੱਡੇ ਪੱਧਰ ’ਤੇ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਅਭਿਜੀਤ ਦੀਪਕੇ ਨੇ ਗਿਆਨੇਸ਼ ਕੁਮਾਰ ’ਤੇ ਐੱਸਆਈਆਰ ਤਹਿਤ ਵੱਡੀ ਗਿਣਤੀ ਵਿੱਚ ਵੋਟਰਾਂ ਦੇ ਨਾਂ ਸੂਚੀਆਂ ਵਿੱਚੋਂ ਹਟਾਉਣ ਦੇ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਇਸ ਪ੍ਰਕਿਰਿਆ ਤਹਿਤ ਕਰੀਬ 13 ਕਰੋੜ ਵੋਟਰਾਂ ਦੇ ਨਾਂ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਦੇਸ਼ ਦੀ ਚੋਣ ਪ੍ਰਕਿਰਿਆ ਅਤੇ ਲੋਕਤੰਤਰ ਲਈ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਉਨ੍ਹਾਂ ਕਿਹਾ ਕਿ ਇੱਕ ਮੀਡੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਸਬੰਧੀ ਚਿੰਤਾਵਾਂ ਜ਼ਾਹਰ ਕੀਤੀਆਂ ਸਨ, ਪਰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਅਣਸੁਣਿਆ ਕਰ ਦਿੱਤਾ ਗਿਆ। ਅਭਿਜੀਤ ਦੀਪਕੇ ਨੇ ਇਸ ਰਿਪੋਰਟ ਦਾ ਹਵਾਲਾ ਦਿੰਦਿਆਂ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ।
ਸੀਜੇਪੀ ਆਗੂ ਨੇ ਦੋਸ਼ ਲਾਇਆ ਕਿ ਹੁਣ ਸਥਿਤੀ ਅਜਿਹੀ ਬਣ ਗਈ ਹੈ ਕਿ ਲੋਕ ਇਹ ਤੈਅ ਨਹੀਂ ਕਰ ਰਹੇ ਕਿ ਉਹ ਕਿਸ ਨੂੰ ਵੋਟ ਪਾਉਣ, ਸਗੋਂ ਸਰਕਾਰ ਇਹ ਤੈਅ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕਿਸ ਦੀ ਵੋਟ ਬਣੇਗੀ ਅਤੇ ਕਿਸ ਦੀ ਨਹੀਂ। ਉਨ੍ਹਾਂ ਗਿਆਨੇਸ਼ ਕੁਮਾਰ ’ਤੇ ਭਾਜਪਾ ਨੂੰ ਸੱਤਾ ਵਿੱਚ ਬਣਾਈ ਰੱਖਣ ਲਈ ਕੰਮ ਕਰਨ ਦਾ ਦੋਸ਼ ਵੀ ਲਗਾਇਆ।
ਪ੍ਰੈੱਸ ਕਾਨਫ਼ਰੰਸ ਦੌਰਾਨ ਪਾਰਟੀ ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਵੋਟਰ ਸੂਚੀਆਂ ਵਿੱਚੋਂ ਨਾਂ ਹਟਾਏ ਜਾਣ ਸਬੰਧੀ ਅੰਕੜਿਆਂ ਦਾ ਹਵਾਲਾ ਵੀ ਦਿੱਤਾ ਗਿਆ। ਅਭਿਜੀਤ ਦੀਪਕੇ ਨੇ ਦੋਸ਼ ਲਾਇਆ ਕਿ ਵਿਰੋਧੀ ਧਿਰ ਨੂੰ ਕਮਜ਼ੋਰ ਕਰਨ ਅਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਮਹਾਰਾਸ਼ਟਰ ਦਾ ਹਵਾਲਾ ਦਿੰਦਿਆਂ ਸ਼ਿਵ ਸੈਨਾ ਅਤੇ ਐੱਨਸੀਪੀ ਵਿੱਚ ਹੋਈਆਂ ਵੰਡਾਂ ਅਤੇ ਚੋਣ ਨਿਸ਼ਾਨਾਂ ਸਬੰਧੀ ਹੋਏ ਫ਼ੈਸਲਿਆਂ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਚੋਣ ਕਮਿਸ਼ਨ ਦੀ ਮਿਲੀਭੁਗਤ ਨਾਲ ਦੇਸ਼ ਵਿੱਚ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ ਅਤੇ ਇਸ ਪੂਰੇ ਮਾਮਲੇ ਵਿੱਚ ਗਿਆਨੇਸ਼ ਕੁਮਾਰ ਦੀ ਭੂਮਿਕਾ ਹੈ।
ਕੌਕਰੇਚ ਜਨਤਾ ਪਾਰਟੀ ਨੇ ਕਿਹਾ ਕਿ ਜੇਕਰ ਮੁੱਖ ਚੋਣ ਕਮਿਸ਼ਨਰ ਵੱਲੋਂ 48 ਘੰਟਿਆਂ ਦੇ ਅੰਦਰ ਅਸਤੀਫ਼ਾ ਨਹੀਂ ਦਿੱਤਾ ਜਾਂਦਾ ਤਾਂ ਪਾਰਟੀ ਆਪਣੇ ਪੱਧਰ ’ਤੇ ਦੇਸ਼ ਭਰ ਵਿੱਚ ਅੰਦੋਲਨ ਸ਼ੁਰੂ ਕਰੇਗੀ।
