ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਦੇ ਨਾਲ ਪੁਲੀਸ ਵਿਭਾਗ ਵਿੱਚ ਅਮਲੇ ਦੀ ਘਾਟ ਦੂਰ ਕਰਨ ’ਤੇ ਸਰਕਾਰ ਦਾ ਜ਼ੋਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲੀਸ ਵਿੱਚ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਦੇ 450 ਨਵੇਂ ਅਹੁਦਿਆਂ ’ਤੇ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਸੂਬਾ ਸਰਕਾਰ ਦੇ ਬੁਲਾਰੇ ਮੁਤਾਬਕ ਪੰਜਾਬ ਪੁਲੀਸ ਵਿੱਚ 450 ਨਵੇਂ ਏਐੱਸਆਈ ਦੀ ਭਰਤੀ ਹੋਣ ਨਾਲ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਾ ਨਵਾਂ ਮੌਕਾ ਮਿਲੇਗਾ। ਇਸ ਦੇ ਨਾਲ ਹੀ ਪੁਲੀਸ ਵਿਭਾਗ ਦੇ ਥਾਣਿਆਂ ਅਤੇ ਜਾਂਚ ਏਜੰਸੀਆਂ ਵਿੱਚ ਅਮਲੇ ਦੀ ਘਾਟ ਨੂੰ ਦੂਰ ਕਰਨ ਵਿੱਚ ਵੀ ਮਦਦ ਮਿਲੇਗੀ।
ਸਰਕਾਰ ਦਾ ਕਹਿਣਾ ਹੈ ਕਿ ਪੁਲੀਸ ਵਿਭਾਗ ਵਿੱਚ ਨਵੀਆਂ ਭਰਤੀਆਂ ਨਾਲ ਜਾਂਚ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਪੁਲੀਸ ਦੇ ਕੰਮਕਾਜ ਨੂੰ ਸੁਚਾਰੂ ਕਰਨ ਵਿੱਚ ਮਦਦ ਮਿਲੇਗੀ। ਨਵੇਂ ਅਹੁਦਿਆਂ ’ਤੇ ਭਰਤੀ ਨਾਲ ਵਿਭਾਗ ਨੂੰ ਵਾਧੂ ਮਨੁੱਖੀ ਸਰੋਤ ਮਿਲਣਗੇ, ਜਿਸ ਨਾਲ ਥਾਣਿਆਂ ਅਤੇ ਜਾਂਚ ਨਾਲ ਜੁੜੇ ਕੰਮਾਂ ਵਿੱਚ ਅਮਲੇ ਦੀ ਉਪਲਬਧਤਾ ਵਧੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ ਕਰੀਬ 65 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸਰਕਾਰ ਮੁਤਾਬਕ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਭਰਨ ਲਈ ਵੀ ਕਦਮ ਚੁੱਕੇ ਜਾਣਗੇ।




