ਪੰਜਾਬ ਦੌਰੇ ਦੌਰਾਨ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਸੰਭਾਵਨਾ; ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨਾਲ ਵੀ ਕੀਤੀ ਮੁਲਾਕਾਤ
ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਦੇਸ਼ ਦੇ ਪ੍ਰਮੁੱਖ ਖੇਤਰਾਂ ਦਾ ਦੌਰਾ ਕਰਨ ਦੀਆਂ ਚੱਲ ਰਹੀਆਂ ਯੋਜਨਾਵਾਂ ਤਹਿਤ 28 ਸਤੰਬਰ ਨੂੰ ਪੰਜਾਬ ਦੇ ਅੰਮ੍ਰਿਤਸਰ ਦਾ ਦੌਰਾ ਕਰਨਗੇ।
ਸਰਜੀਓ ਗੋਰ ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦਾ ਦੌਰਾ ਕਰ ਚੁੱਕੇ ਹਨ, ਜਿੱਥੇ ਉਨ੍ਹਾਂ ਨੇ ਮੁੱਖ ਸਰਕਾਰੀ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ। ਇਸੇ ਤਰ੍ਹਾਂ ਉਹ ਹਾਲ ਹੀ ਵਿੱਚ ਮਣੀਪੁਰ ਦੇ ਦੌਰੇ ’ਤੇ ਵੀ ਗਏ ਸਨ। ਇੰਫਾਲ ਦੌਰੇ ਦੌਰਾਨ ਉਨ੍ਹਾਂ ਨੇ ਮਹਿਲਾਵਾਂ ਨਾਲ ਗੱਲਬਾਤ ਕੀਤੀ ਅਤੇ ਮਣੀਪੁਰ ਦੇ ਮੁੱਖ ਮੰਤਰੀ ਵਾਈ. ਖੇਮਚੰਦ ਸਿੰਘ ਨਾਲ ਵੀ ਮੁਲਾਕਾਤ ਕੀਤੀ।
ਅੰਮ੍ਰਿਤਸਰ ਦੌਰੇ ਦੌਰਾਨ ਸਰਜੀਓ ਗੋਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਉਨ੍ਹਾਂ ਦੇ ਇਸ ਦੌਰੇ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ।
ਇਸ ਤੋਂ ਇਲਾਵਾ ਗੋਰ ਨੇ ਬੀਤੀ ਸ਼ਾਮ ਦਿੱਲੀ ਸਥਿਤ ਆਪਣੀ ਰਿਹਾਇਸ਼ ’ਤੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਦੀ ਮੇਜ਼ਬਾਨੀ ਵੀ ਕੀਤੀ। ਤਰਨਜੀਤ ਸਿੰਘ ਸੰਧੂ ਮੂਲ ਰੂਪ ਵਿੱਚ ਅੰਮ੍ਰਿਤਸਰ ਨਾਲ ਸਬੰਧਤ ਹਨ ਅਤੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਰਹਿ ਚੁੱਕੇ ਹਨ।
ਤਰਨਜੀਤ ਸਿੰਘ ਸੰਧੂ, ਐੱਸਜੀਪੀਸੀ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਰਹੇ ਤੇਜਾ ਸਿੰਘ ਸਮੁੰਦਰੀ ਦੇ ਪੋਤੇ ਹਨ। ਤੇਜਾ ਸਿੰਘ ਸਮੁੰਦਰੀ ਨੂੰ 46 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਹੋਈ ਸੀ। ਉਨ੍ਹਾਂ ਦੀ ਯਾਦ ਵਿੱਚ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਇੱਕ ਇਮਾਰਤ ਸਮਰਪਿਤ ਕੀਤੀ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਤ ‘ਤੇਜਾ ਸਿੰਘ ਸਮੁੰਦਰੀ ਹਾਲ’ ਦਾ ਨਾਮ ਵੀ ਉਨ੍ਹਾਂ ਦੇ ਨਾਮ ’ਤੇ ਰੱਖਿਆ ਗਿਆ ਹੈ। ਤੇਜਾ ਸਿੰਘ ਸਮੁੰਦਰੀ ਐੱਸਜੀਪੀਸੀ ਦੇ ਮੁੱਢਲੇ ਸੰਸਥਾਪਕ ਮੈਂਬਰਾਂ ਵਿੱਚ ਸ਼ਾਮਲ ਸਨ ਅਤੇ ਸਿੱਖ ਧਾਰਮਿਕ ਸੰਸਥਾ ਦੇ ਇਤਿਹਾਸ ਵਿੱਚ ਉਨ੍ਹਾਂ ਦਾ ਮਹੱਤਵਪੂਰਨ ਸਥਾਨ ਮੰਨਿਆ ਜਾਂਦਾ ਹੈ।




