ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਨ ਦਾ ਦਾਅਵਾ, 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ: ਮੁੱਖ ਮੰਤਰੀ ਮਾਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਉਦਯੋਗ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਪੰਜਾਬ ਨੇ ਪਿਛਲੇ ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਰੁਪਏ ਦਾ ਵੱਡਾ ਨਿਵੇਸ਼ ਆਕਰਸ਼ਿਤ ਕੀਤਾ ਹੈ। ਉਨ੍ਹਾਂ ਅਨੁਸਾਰ ਇਸ ਨਿਵੇਸ਼ ਨਾਲ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ।
ਸਮੀਖਿਆ ਦੌਰਾਨ ਪੇਸ਼ ਕੀਤੇ ਤੱਥਾਂ ਅਨੁਸਾਰ ਨਵੇਂ ਨਿਵੇਸ਼ ਪ੍ਰਸਤਾਵਾਂ ਦੇ ਮਾਮਲੇ ਵਿੱਚ ਮੁਹਾਲੀ ਸਭ ਤੋਂ ਅੱਗੇ ਰਿਹਾ ਹੈ। ਮੁਹਾਲੀ ਵਿੱਚ 9,478 ਕਰੋੜ ਰੁਪਏ ਦੇ ਨਿਵੇਸ਼ ਦੇ ਪ੍ਰਸਤਾਵ ਪ੍ਰਾਪਤ ਹੋਏ ਹਨ, ਜਦਕਿ ਲੁਧਿਆਣਾ 4,968 ਕਰੋੜ ਰੁਪਏ ਦੇ ਨਿਵੇਸ਼ ਨਾਲ ਦੂਜੇ ਸਥਾਨ ’ਤੇ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੁਹਾਲੀ ਤੇਜ਼ੀ ਨਾਲ ਪੰਜਾਬ ਦੇ ਪ੍ਰਮੁੱਖ ਆਰਥਿਕ ਅਤੇ ਉਦਯੋਗਿਕ ਵਿਕਾਸ ਕੇਂਦਰਾਂ ਵਿੱਚ ਸ਼ਾਮਲ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2022-23 ਤੋਂ 2026-27 ਦੌਰਾਨ ‘ਕਾਮਨ ਐਪਲੀਕੇਸ਼ਨ ਫਾਰਮਾਂ’ ਰਾਹੀਂ ਪ੍ਰਾਪਤ ਹੋਏ ਨਵੇਂ ਨਿਵੇਸ਼ ਪ੍ਰਸਤਾਵਾਂ ਦੇ ਮਾਮਲੇ ਵਿੱਚ ਮੁਹਾਲੀ ਮੋਹਰੀ ਜ਼ਿਲ੍ਹੇ ਵਜੋਂ ਉੱਭਰਿਆ ਹੈ।
ਜ਼ਿਲ੍ਹਿਆਂ ਵਿੱਚ ਨਿਵੇਸ਼ ਪ੍ਰਸਤਾਵਾਂ ਦੀ ਗੱਲ ਕਰਦਿਆਂ ਦੱਸਿਆ ਗਿਆ ਕਿ ਪਟਿਆਲਾ ਨੂੰ 2,590 ਕਰੋੜ ਰੁਪਏ ਦੇ ਨਿਵੇਸ਼ ਦੇ ਪ੍ਰਸਤਾਵ ਮਿਲੇ ਹਨ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ 2,003 ਕਰੋੜ ਰੁਪਏ, ਫ਼ਤਹਿਗੜ੍ਹ ਸਾਹਿਬ ਵਿੱਚ 1,265 ਕਰੋੜ ਰੁਪਏ, ਬਠਿੰਡਾ ਵਿੱਚ 1,248 ਕਰੋੜ ਰੁਪਏ, ਕਪੂਰਥਲਾ ਵਿੱਚ 1,037 ਕਰੋੜ ਰੁਪਏ ਅਤੇ ਜਲੰਧਰ ਵਿੱਚ 1,003 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਦੌਰਾਨ ਕਾਮਨ ਐਪਲੀਕੇਸ਼ਨ ਫਾਰਮਾਂ ਰਾਹੀਂ ਪ੍ਰਾਪਤ ਹੋਏ ਕੁੱਲ ਨਿਵੇਸ਼ ਦਾ 49.8 ਫ਼ੀਸਦੀ ਹਿੱਸਾ ਇਕੱਲੇ ਮੁਹਾਲੀ ਅਤੇ ਲੁਧਿਆਣਾ ਵਿੱਚ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜੇ ਸੂਬੇ ਦੇ ਇਨ੍ਹਾਂ ਦੋਵੇਂ ਸ਼ਹਿਰਾਂ ਵਿੱਚ ਉਦਯੋਗਿਕ ਗਤੀਵਿਧੀਆਂ ਅਤੇ ਨਿਵੇਸ਼ ਦੀ ਵਧ ਰਹੀ ਰੁਚੀ ਨੂੰ ਦਰਸਾਉਂਦੇ ਹਨ।
ਉਨ੍ਹਾਂ ਦੱਸਿਆ ਕਿ ਮੁਹਾਲੀ ਵਿੱਚ ਇੱਕ ‘ਹਾਈ-ਟੈੱਕ ਮੈਟਲ ਕਲੱਸਟਰ’ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੁਧਿਆਣਾ ਲਈ ਆਇਲ ਐਕਸਪੈਲਰ ਅਤੇ ਕਲ-ਪੁਰਜ਼ਾ ਨਿਰਮਾਣ, ਕੱਪੜਾ ਅਤੇ ਸ਼ਹਿਦ ਪ੍ਰੋਸੈਸਿੰਗ ਨਾਲ ਸਬੰਧਿਤ ਵਿਸ਼ੇਸ਼ ਕਲੱਸਟਰਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਸੇ ਤਰ੍ਹਾਂ ਪਟਿਆਲਾ ਨੂੰ ਸਮਰਪਿਤ ‘ਕਟਿੰਗ ਟੂਲ ਕਲੱਸਟਰ’ ਲਈ ਚੁਣਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਵਿਸ਼ੇਸ਼ ਉਦਯੋਗਿਕ ਕਲੱਸਟਰ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਦਯੋਗਿਕ ਬੁਨਿਆਦੀ ਢਾਂਚੇ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਕ ਹੋਣਗੇ।




