ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਇਤਰਾਜ਼ਾਂ ’ਤੇ ਵੀ ਹੋਈ ਚਰਚਾ; ਜਲਦ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪੇਗੀ ਕਮੇਟੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਤ 7 ਮੈਂਬਰੀ ਕਮੇਟੀ ਨਾਲ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ’ਤੇ ਅਹਿਮ ਮੀਟਿੰਗ ਕੀਤੀ। ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਦੌਰਾਨ ਐਕਟ ਵਿੱਚ ਪ੍ਰਸਤਾਵਿਤ ਸੋਧਾਂ ਅਤੇ ਇਸ ਦੇ ਵੱਖ-ਵੱਖ ਕਾਨੂੰਨੀ ਤੇ ਅਮਲੀ ਪੱਖਾਂ ਬਾਰੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ।
ਮੀਟਿੰਗ ਵਿੱਚ ਕਮੇਟੀ ਮੈਂਬਰਾਂ ਨੇ ਐਕਟ ਨਾਲ ਜੁੜੇ ਮਾਮਲਿਆਂ ਅਤੇ ਇਸ ਨੂੰ ਲਾਗੂ ਕਰਨ ਸਬੰਧੀ ਪਹਿਲੂਆਂ ’ਤੇ ਵਿਚਾਰ ਕੀਤਾ। ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਗਏ ਇਤਰਾਜ਼ਾਂ ਨੂੰ ਵੀ ਵਿਚਾਰ ਅਧੀਨ ਲਿਆਂਦਾ ਗਿਆ ਅਤੇ ਇਨ੍ਹਾਂ ਦੇ ਹੱਲ ਲਈ ਅਗਲੀ ਕਾਰਵਾਈ ਬਾਰੇ ਚਰਚਾ ਹੋਈ।
7 ਮੈਂਬਰੀ ਕਮੇਟੀ ਵਿੱਚ ਕੌਣ-ਕੌਣ ਸ਼ਾਮਲ
ਮੁੱਖ ਮੰਤਰੀ ਨਾਲ ਮੀਟਿੰਗ ਕਰਨ ਵਾਲੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈ.ਪੀ.ਐੱਸ. ਅਧਿਕਾਰੀ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਐਡਵੋਕੇਟ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।
ਮੀਟਿੰਗ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਇਹ ਕਮੇਟੀ ਮੈਂਬਰਾਂ ਦੀ ਆਪਸੀ ਜਾਣ-ਪਛਾਣ ਅਤੇ ਐਕਟ ਨਾਲ ਸਬੰਧਤ ਮਾਮਲਿਆਂ ’ਤੇ ਮੁੱਢਲੀ ਵਿਚਾਰ-ਚਰਚਾ ਲਈ ਸੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਐਕਟ ਸਬੰਧੀ ਜਿਹੜੇ ਇਤਰਾਜ਼ ਉਠਾਏ ਗਏ ਹਨ, ਉਨ੍ਹਾਂ ਨੂੰ ਕਿਵੇਂ ਦੂਰ ਕੀਤਾ ਜਾ ਸਕਦਾ ਹੈ, ਇਸ ਬਾਰੇ ਵਿਚਾਰ ਕੀਤਾ ਗਿਆ ਹੈ। ਕਮੇਟੀ ਵੱਲੋਂ ਇਸ ਸਬੰਧੀ ਜਲਦ ਰਿਪੋਰਟ ਤਿਆਰ ਕਰਕੇ ਸੌਂਪਣ ਦੀ ਗੱਲ ਵੀ ਕਹੀ ਗਈ ਹੈ।
ਐਕਟ ਦੀਆਂ ਤਜਵੀਜ਼ਤ ਸੋਧਾਂ ਦੀ ਕੀਤੀ ਜਾਵੇਗੀ ਬਾਰੀਕੀ ਨਾਲ ਜਾਂਚ
ਸੰਤ ਬਾਬਾ ਸੇਵਾ ਸਿੰਘ ਨੇ ਕਿਹਾ ਕਿ ਨਵਾਂ ਕਾਨੂੰਨ ਪਹਿਲਾਂ ਤੋਂ ਲਾਗੂ ਕਾਨੂੰਨੀ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ ਵਿੱਚ ਕੀਤੀਆਂ ਗਈਆਂ ਅਤੇ ਪ੍ਰਸਤਾਵਿਤ ਸਾਰੀਆਂ ਸੋਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਅਸਲ ਵਿੱਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008’ ਵਿੱਚ ਹੋਰ ਸੋਧ ਕਰਨ ਲਈ ਲਿਆਂਦਾ ਗਿਆ ਹੈ। ਐਕਟ ਵਿੱਚ ‘ਬੀੜ’ ਅਤੇ ‘ਬੀੜਾਂ’ ਦੀ ਥਾਂ ‘ਸਰੂਪ’ ਅਤੇ ‘ਸਰੂਪਾਂ’ ਸ਼ਬਦਾਂ ਦੀ ਵਰਤੋਂ ਸਮੇਤ ਕਈ ਪ੍ਰਬੰਧਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ਤੋਂ ਬਾਅਦ ਬਣੀ ਕਮੇਟੀ
ਪੰਜਾਬ ਸਰਕਾਰ ਵੱਲੋਂ ਇਹ ਕਮੇਟੀ ਐਕਟ ਨਾਲ ਸਬੰਧਤ ਮਾਮਲਿਆਂ ’ਤੇ ਵਿਚਾਰ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਗਏ ਇਤਰਾਜ਼ਾਂ ਨਾਲ ਸਬੰਧਤ ਮਸਲਿਆਂ ’ਤੇ ਅਗਲੀ ਪ੍ਰਕਿਰਿਆ ਲਈ ਬਣਾਈ ਗਈ ਹੈ। ਐਕਟ ਵਿੱਚ ਕੀਤੀਆਂ ਸੋਧਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੁਝ ਇਤਰਾਜ਼ ਉਠਾਏ ਗਏ ਸਨ, ਜਿਸ ਤੋਂ ਬਾਅਦ ਸਰਕਾਰ ਵੱਲੋਂ ਮਾਮਲੇ ’ਤੇ ਵਿਚਾਰ-ਵਟਾਂਦਰਾ ਅੱਗੇ ਵਧਾਇਆ ਗਿਆ।
ਹੁਣ 7 ਮੈਂਬਰੀ ਕਮੇਟੀ ਐਕਟ ਦੇ ਪ੍ਰਬੰਧਾਂ, ਇਤਰਾਜ਼ਾਂ ਅਤੇ ਲਾਗੂ ਕਰਨ ਨਾਲ ਜੁੜੇ ਮਾਮਲਿਆਂ ’ਤੇ ਹੋਰ ਵਿਚਾਰ ਕਰੇਗੀ। ਕਮੇਟੀ ਵੱਲੋਂ ਵਿਚਾਰ-ਚਰਚਾ ਅਤੇ ਸੁਝਾਵਾਂ ਦੇ ਆਧਾਰ ’ਤੇ ਰਿਪੋਰਟ ਤਿਆਰ ਕੀਤੀ ਜਾਣੀ ਹੈ, ਜਿਸ ਤੋਂ ਬਾਅਦ ਸਰਕਾਰ ਵੱਲੋਂ ਅਗਲੀ ਕਾਰਵਾਈ ਬਾਰੇ ਫ਼ੈਸਲਾ ਕੀਤਾ ਜਾਵੇਗਾ।




